
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਤੇਲ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਰੋਸ ਵਿਖਾਵਾ
ਕੇਂਦਰ ਸਰਕਾਰ ਨੇ ਪਹਿਲਾਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਆਰਥਿਕ ਤੰਗੀ ਵੱਲ ਧੱਕਿਆ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਮੁਹਾਲੀ ਵਿਖੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਨਿਵੇਕਲੇ ਢੰਗ ਦਾ ਰੋਸ ਵਿਖਾਵਾ ਕੀਤਾ ਗਿਆ। ਪਾਰਟੀ ਦੇ ਜਰਨਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਹੇਠ ਨੌਜਵਾਨਾਂ ’ਤੇ ਆਟੋ-ਰਿਕਸ਼ਾ ਨੂੰ ਧੱਕਾ ਲਗਾ ਕੇ ਰੋਸ ਜ਼ਾਹਰ ਕੀਤਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਕਰੋਨਾ ਮਹਾਮਾਰੀ ਅਤੇ ਮਹਿੰਗਾਈ ਦੀ ਮਾਰ ਝੱਲ ਰਹੇ ਆਮ ਆਦਮੀ ਨੂੰ ਜਿੱਥੇ ਪਹਿਲਾਂ ਹੀ ਦੋ ਵਕਤ ਦੀ ਰੋਜ਼ੀ-ਰੋਟੀ ਦੇ ਲਾਲੇ ਪਏ ਹੋਏ ਹਨ, ਉੱਥੇ ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ਾ ਪਹੁੰਚਾਉਣ ਲਈ ਲਗਾਤਾਰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਨੇ ਦੇਸ਼ ਵਾਸੀਆਂ ਨੂੰ ਆਰਥਿਕ ਮੰਦਹਾਲੀ ਵੱਲ ਧੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕੱਚੇ ਤੇਲ ਦੀਆਂ ਕੀਮਤਾਂ ਹੇਠਲੇ ਪੱਧਰ ’ਤੇ ਹਨ ਅਤੇ ਦੇਸ਼ ਦਾ ਹਰ ਵਰਗ ਆਰਥਿਕ ਪੱਖੋਂ ਕਮਜ਼ੋਰ ਹੋ ਗਿਆ ਹੈ ਤਾਂ ਅਜਿਹੇ ਸਮੇਂ ਲੋਕਾਂ ਨੂੰ ਰਾਹਤ ਦੇਣ ਦੀ ਥਾਂ ਤੇਲ ਕੀਮਤਾਂ ਵਿੱਚ ਵਾਧਾ ਕਰਕੇ ਸਰਕਾਰ ਲੋਕਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਇੰਝ ਲੱਗਦਾ ਹੈ ਜਿਵੇਂ ਦੇਸ਼ ਨੂੰ ਚਲਾਉਣ ਵਾਲੇ ਰਾਜਸੀ ਆਗੂ ਆਪਣੇ ਨਿੱਜੀ ਖ਼ਰਚਿਆਂ ਅਤੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਚੰਦ ਪੂੰਜੀਪਤੀ ਵਿਅਕਤੀਆਂ ਨਾਲ ਮਿਲ ਕੇ ਸ਼ਰ੍ਹੇਆਮ ਆਰਥਿਕ ਲੁੱਟ ਕਰਨ ਦੇ ਰਾਹ ਪੈ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਰੋਨਾ ਦੀ ਮਾਰ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਚੁੱਕੇ ਹਨ। ਕਿਸਾਨ ਅਤੇ ਟਰਾਂਸਪੋਰਟਰ ਡੀਜ਼ਲ ’ਤੇ ਨਿਰਭਰ ਹਨ। ਉਨ੍ਹਾਂ ਮੰਗ ਕੀਤੀ ਕਿ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਵਾਪਸ ਲਏ ਜਾਣ ਲਏ ਅਤੇ ਪੈਟਰੋਲ ਤੇ ਡੀਜ਼ਲ ਤੋਂ ਵੈਟ ਵਸੂਲੀ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਤੇਲ ਕੀਤਾਂ ਵਿੱਚ ਵਾਧਾ ਵਾਪਸ ਨਹੀਂ ਲਿਆ ਤਾਂ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਪ੍ਰਧਾਨ ਹਰਪ੍ਰੀਤ ਸਿੰਘ ਜੱਸੀ ਬਲੌਂਗੀ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਨਰੇਸ਼ ਕੁਮਾਰ, ਸੁਰਜੀਤ ਸਿੰਘ, ਦਵਿੰਦਰ ਸਿੰਘ, ਰਾਜਾ ਰਾਮ, ਰਵਿੰਦਰ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਕੰਵਲਜੀਤ ਸਿੰਘ ਪੱਤੋ, ਜਵਾਲਾ ਸਿੰਘ, ਜਸਪ੍ਰੀਤ ਸਿੰਘ ਚਹਿਲ, ਬਲਬੀਰ ਸਿੰਘ ਝਾਮਪੁਰ, ਬਾਬਾ ਨਰਿੰਦਰ ਸਿੰਘ, ਸਿਮਰਨਜੀਤ ਸਿੰਘ, ਰਮਨਦੀਪ ਸਿੰਘ, ਜਸਮੀਤ ਸਿੰਘ, ਸੁਰਿੰਦਰ ਸਿੰਘ, ਰਣਧੀਰ ਸਿੰਘ ਵੀ ਹਾਜ਼ਰ ਸਨ।