
ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮਹਾਨ ਕ੍ਰਾਂਤੀਕਾਰੀ, ਬ੍ਰਹਮਬੇਤਾ, ਸ਼੍ਰੋਮਣੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਕੀਰਤਨ ਦਰਬਾਰ ਕਰਵਾਇਆ ਗਿਆ। ਜਿਸ ਵਿੱਚ ਭਾਈ ਪ੍ਰਿਤਪਾਲ ਸਿੰਘ ਦੇ ਪੰਥਕ ਜਥੇ ਨੇ ਸ਼੍ਰੋਮਣੀ ਭਗਤ ਕਬੀਰ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਦੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਭਾਈ ਜਸਵਿੰਦਰ ਸਿੰਘ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਭਗਤ ਕਬੀਰ ਦਾ ਜਨਮ 1398 ਬਨਾਰਸ ਵਿੱਚ ਹੋਇਆ। ਗੁਰੂ ਗ੍ਰੰਥ ਸਾਹਿਬ ਵਿੱਚ ਦਰਜ 15 ਭਗਤਾਂ ਦੀ ਬਾਣੀ ’ਚੋਂ ਸਭ ਤੋਂ ਵੱਧ ਭਗਤ ਕਰੀਬ ਦੀ ਬਾਣੀ 18 ਰਾਗਾਂ ਵਿੱਚ 541 ਸ਼ਬਦਾਂ ਵਿੱਚ ਸ਼ੁਸ਼ੋਭਿਤ ਹੈ।

ਇਸ ਮੌਕੇ ਭਾਈ ਰਾਜਵਿੰਦਰ ਸਿੰਘ ਸਮਰਾਲਾ ਵਾਲੇ, ਮਾਤਾ ਸੁੰਦਰ ਕੌਰ ਸਰਬ ਸਾਂਝੀ ਸੇਵਾ ਸੁਸਾਇਟੀ, ਭਾਈ ਹਰਕੰਵਲ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਬਹਾਦਰ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰ ਜਸ ਸੁਣਾ ਕੇ ਨਿਹਾਲ ਕੀਤਾ। ਸੇਵਾਦਾਰਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਠੰਢੇ ਮੀਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।