
ਸ਼੍ਰੋਮਣੀ ਭਗਤ ਕਬੀਰ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ
ਮੈਡੀਕਲ ਕੈਂਪ ਵਿੱਚ 145 ਮਰੀਜ਼ਾਂ ਦੀ ਜਾਂਚ, ਮੁਫ਼ਤ ਦਵਾਈਆਂ ਦਿੱਤੀਆਂ, ਠੰਢੇ ਮਿੱਠੇ ਜਲ ਦੀ ਛਬੀਲ ਲਾਈ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਭਗਤ ਕਬੀਰ ਵੈੱਲਫੇਅਰ ਫਾੳਂੂਡੇਸ਼ਨ ਵੱਲੋਂ ਐਤਵਾਰ ਨੂੰ ਇੱਥੋਂ ਦੇ ਫੇਜ਼-3-ਏ ਸਥਿਤ ਗੁਰਦੁਆਰਾ ਭਾਈ ਜੈਤਾ ਜੀ ਵਿਖੇ ਸ਼੍ਰੋਮਣੀ ਭਗਤ ਕਬੀਰ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਵੱਖ-ਵੱਖ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕੀਤਾ। ਸਮਾਗਮ ਦੌਰਾਨ ਬੀਬੀ ਹਰਜਿੰਦਰ ਕੌਰ ਸੁਖਮਨੀ ਸੇਵਾ ਸੁਸਾਇਟੀ, ਹਜ਼ੂਰੀ ਰਾਗੀ ਗੁਰਦੁਆਰਾ ਭਾਈ ਜੈਤਾ ਜੀ ਭਾਈ ਚਰਨਜੀਤ ਸਿੰਘ ਨੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਭਗਤ ਕਬੀਰ ਦੀ ਬਾਣੀ ਦੀ ਸਾਂਝ ਪਾਈ। ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੇ ਸੰਗਤ ਨੂੰ ਸ਼ਬਦ ਨਾਲ ਜੁੜਨ ਲਈ ਪ੍ਰੇਰਿਆ।
ਇਸ ਮੌਕੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਸਹਾਇਕ ਪ੍ਰੋਫੈਸਰ ਹਰਦੇਵ ਸਿੰਘ, ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ, ਸਿੱਖ ਆਗੂ ਸੁਰਿੰਦਰ ਸਿੰਘ ਕਿਸ਼ਨਪੁਰਾ, ਸਮਾਜ ਸੇਵੀ ਸੁਖਦੀਪ ਸਿੰਘ ਨਿਆਂ ਸ਼ਹਿਰ ਬਡਾਲਾ, ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ, ਜੰਗ ਬਹਾਦਰ ਸਿੰਘ ਕੁੰਭੜਾ, ਜਗਜੀਤ ਕੌਰ ਕਾਹਲੋਂ ਅਤੇ ਹੋਰਨਾਂ ਆਗੂਆਂ ਨੇ ਸਮਾਗਮ ਨੂੰ ਸੰਬੋਧਨ ਕੀਤਾ। ਇਸੇ ਦੌਰਾਨ ਮੈਡੀਕਲ ਕੈਂਪ ਵਿੱਚ 145 ਵਿਅਕਤੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਮੁਫ਼ਤ ਦਵਾਈਆਂ ਦਿੱਤੀਆਂ।
ਇਸ ਮੌਕੇ ਫਾਊਂਡੇਸ਼ਨ ਵੱਲੋਂ ਪ੍ਰਧਾਨ ਬਲਵਿੰਦਰ ਸਿੰਘ, ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਮੁੱਖ ਪ੍ਰਬੰਧਕ ਪਰਦੀਪ ਸਿੰਘ ਹੈਪੀ ਵੱਲੋਂ ਬਾਰ੍ਹਵੀਂ ਜਮਾਤ ਵਿੱਚ 100 ਫੀਸਦੀ ਅੰਕ ਲੈ ਕੇ ਪੰਜਾਬ ਭਰ ’ਚੋਂ ਅੱਵਲ ਰਹੀ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਸੁਜਾਨ ਕੌਰ ਸਮੇਤ ਰਾਗੀ ਸਿੰਘਾਂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਕ ਪੰਥਕ ਵਿਦਵਾਨ ਬਲਵਿੰਦਰ ਸਿੰਘ ਸਾਗਰ ਨੇ ਕੀਤਾ। ਠੰਢੇ ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਇਸ ਮੌਕੇ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਗੁਰਮੁੱਖ ਸਿੰਘ ਸੋਹਲ, ਗਗਨਪ੍ਰੀਤ ਸਿੰਘ ਬੈਂਸ, ਸਤਵੀਰ ਸਿੰਘ ਧਨੋਆ, ਕਾਂਗਰਸ ਆਗੂ ਡਾ. ਅਨਵਰ ਹੁਸੈਨ, ਬਲਵਿੰਦਰ ਸਿੰਘ ਟੌਹੜਾ, ਜਗਤਾਰ ਸਿੰਘ ਘੜੂੰਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।