ਸ਼੍ਰੋਮਣੀ ਕਮੇਟੀ ਨੂੰ ਗੋਲਕਾਂ ਸੰਭਾਲਣ ਦੀ ਬਜਾਏ ਗੁਰੂ ਗ੍ਰੰਥ ਸਾਹਿਬ ਦੇ ਹੱਕ ਵਿੱਚ ਖੜ੍ਹਨ ਦੀ ਲੋੜ: ਪਰਮਜੀਤ ਸਿੰਘ ਰਾਏਪੁਰ

ਨਬਜ਼-ਏ-ਪੰਜਾਬ ਬਿਊਰੋ, ਜਲੰਧਰ 5 ਸਤੰਬਰ:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਕਾਸ਼ਨ ਵਿੰਗ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਦੇ ਲਾਪਤਾ ਹੋਣ ‘ਤੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ ਨੇ ਮੰਗ ਕੀਤੀ ਹੈ ਕਿ ਇਸ ਅਤਿ ਗੰਭੀਰ ਮਾਮਲੇ ਵਿੱਚ ਛੋਟੇ ਮੁਲਾਜ਼ਮਾਂ ਨੂੰ ਸਜ਼ਾ ਦੇਣ ਜਾਂ ਨੌਕਰੀ ਤੋਂ ਕੱਢਣ ਨਾਲ ਜਿੰਮੇਵਾਰੀ ਤੋਂ ਲਾਂਭੇ ਨਹੀਂ ਹੋਇਆ ਜਾ ਸਕਦਾ ਸਗੋਂ ਜ਼ਮੀਰ ਦੀ ਆਵਾਜ਼ ਸੁਣ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸਮੁੱਚੀ ਕਾਰਜਕਾਰਨੀ ਅਸਤੀਫ਼ਾ ਦੇ ਕੇ ਲਾਂਭੇ ਹੋ ਜਾਵੇ ਤਾਂ ਜੋ ਪੜਤਾਲ ਦੌਰਾਨ ਸਹੀ ਤੱਥ ਸਾਹਮਣੇ ਆ ਸਕਣ।
ਇਸ ਮਾਮਲੇ ਵਿਚ ਸੱਚਾਈ ਸਾਹਮਣੇ ਲਿਆਉਣ ਲਈ ਸ. ਰਾਏਪੁਰ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲਾਪਤਾ ਹੋਏ ਇਨ੍ਹਾਂ ਸਰੂਪਾਂ ਸਬੰਧੀ ਦੋਸ਼ੀਆਂ ਦੀ ਭਾਲ ਕਰਨ ਲਈ ਹਾਈਕੋਰਟ ਦੇ ਸੇਵਾਮੁਕਤ ਜੱਜ ਕੋਲੋਂ ਪੜਤਾਲ ਕਰਵਾਈ ਜਾਵੇ ਤਾਂ ਜੋ ਦੋਸ਼ੀਆਂ ਵਿਰੁੱਧ ਫੌਜਦਾਰੀ ਮੁਕੱਦਮੇ ਦਰਜ ਕਰਕੇ ਉਨ੍ਹਾਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾ ਸਕਣ।
ਸ. ਰਾਏਪੁਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਸੰਸਥਾ ਹੈ ਜਿਹੜੀ ਸ਼ਹੀਦਾਂ ਦੇ ਖ਼ੂਨ ਨਾਲ ਹੋਂਦ ਵਿੱਚ ਆਈ ਹੈ। ਕਮੇਟੀ ਦੀ ਡਿਊਟੀ ਕੇਵਲ ਗੁਰਦੁਆਰਾ ਪ੍ਰਬੰਧ ਸੰਭਾਲਣਾ ਹੀ ਨਹੀਂ ਜਾਂ ਗੁਰੂ ਦੀ ਗੋਲਕ ਜਾਂ ਗੁਰੂ ਕੇ ਲੰਗਰ ਚਲਾਉਣ ਤੱਕ ਸੀਮਤ ਹੀ ਨਹੀਂ ਸਗੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੇਵਾ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦੇਣ ਦੀ ਜ਼ਿੰਮੇਵਾਰੀ ਹੈ। ਸ. ਰਾਏਪੁਰ ਨੇ ਕਿਹਾ ਕਿ ਬਰਗਾੜੀ ਕਾਂਡ ਤੋਂ ਲੈ ਕੇ ਹੁਣ ਤੱਕ ਜੋ ਵੀ ਅਣਹੋਣੀਆਂ ਘਟਨਾਵਾਂ ਵਾਪਰੀਆਂ ਹਨ ਉਸ ਨਾਲ ਸਿੱਖ ਕੌਮ ਦਾ ਹਿਰਦਾ ਵਲੂੰਦਰਿਆ ਗਿਆ ਹੈ। ਸਿਰਮੌਰ ਸੰਸਥਾ ਉਤੇ ਕਾਬਜ਼ ਪ੍ਰਬੰਧਕਾਂ ਨੂੰ ਚਾਹੀਦਾ ਤਾਂ ਇਹ ਸੀ ਕਿ ਜਦੋਂ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਣ ਜਾਂ ਬੇਅਦਬੀ ਹੋਣ ਦੀ ਘਟਨਾ ਵਾਪਰਦੀ ਹੈ ਤਾਂ ਅਹੁਦਿਆਂ ਉਤੇ ਬੈਠੇ ਇਹ ਲੋਕ ਉਹ ਅਹੁਦਿਆਂ ਨਾਲੋਂ ਵਧ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਹੱਕ ਵਿੱਚ ਡੱਟ ਜਾਂਦੇ ਪਰ ਹਮੇਸ਼ਾ ਇਸ ਦੇ ਉਲਟ ਹੁੰਦਾ ਰਿਹਾ। ਸ਼੍ਰੋਮਣੀ ਕਮੇਟੀ ਮੈਂਬਰ ਨੇ ਆਖਿਆ ਕਿ ਅੱਜ ਇਨ੍ਹਾਂ ਪ੍ਰਬੰਧਕਾਂ ਦੀ ਹਾਜ਼ਰੀ ਵਿੱਚ 328 ਸਰੂਪ ਲਾਪਤਾ ਹੋ ਚੁੱਕੇ ਹਨ ਜਿਨ੍ਹਾਂ ਬਾਰੇ ਵਿਸ਼ੇਸ਼ ਪੜਤਾਲ ਕਰਾਉਣ ਉਪਰੰਤ ਵੀ ਇਹ ਪਤਾ ਨਹੀਂ ਲਾ ਸਕੇ ਕਿ ਉਹ ਸਰੂਪ ਕੌਣ ਲੈ ਕੇ ਲੈ ਗਿਆ ਹੈ ਅਤੇ ਕਿਸਦੇ ਹੁਕਮ ਉਤੇ ਦਿੱਤੇ ਗਏ, ਜੋ ਕਿ ਗੰਭੀਰ ਮਸਲਾ ਹੈ ਅਤੇ ਉੱਚ ਪੱਧਰੀ ਪੜਤਾਲ ਦੀ ਮੰਗ ਕਰਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਤੋਂ ਵੀ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਲਾਪਤਾ ਹੋਏ ਸਰੂਪ ਲੱਭਣ ਅਤੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਉੱਚ ਪੱਧਰੀ ਜਾਂਚ ਕਰਵਾਉਣ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…