
ਘੱਲੂਘਾਰਾ ਦਿਵਸ: ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਕਾਲੀ ਆਗੂਆਂ ਨੇ ਅਰਦਾਸ ਸਮਾਗਮ ਤੋਂ ਦੂਰੀ ਵੱਟੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਸੀਨੀਅਰ ਲੀਡਰਸ਼ਿਪ ਇੱਕ ਪਾਸੇ ਪਾਰਟੀ ਨੂੰ ਮੁੜ ਪੈਰਾਂ ’ਤੇ ਖੜਾ ਕਰਨ ਲਈ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦਾ ਪੱਤਾ ਖੇਡ ਰਹੇ ਹਨ ਅਤੇ ਟਕਸਾਲੀ ਅਕਾਲੀ ਆਗੂਆਂ ਦੇ ਘਰਾਂ ਵਿੱਚ ਗੇੜੀਆਂ ਮਾਰ ਰਹੇ ਹਨ ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਜੂਨ 1984 ਘੱਲੂਘਾਰਾ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਅਰਦਾਸ ਸਮਾਗਮ ਵਿੱਚ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਕੋਈ ਵੀ ਸ਼੍ਰੋਮਣੀ ਕਮੇਟੀ ਦਾ ਮੈਂਬਰ ਅਤੇ ਅਕਾਲੀ ਦਲ ਦਾ ਕੋਈ ਇੱਕ ਵੀ ਨੁਮਾਇੰਦਾ ਨਹੀਂ ਪਹੁੰਚਿਆ। ਜਿਸ ਦਾ ਸਿੱਖ ਸੰਗਤ ਨੇ ਕਾਫ਼ੀ ਬੁਰਾ ਮਨਾਇਆ ਹੈ।
ਉਧਰ, ਸ਼੍ਰੋਮਣੀ ਕਮੇਟੀ ਦੇ ਸਟਾਫ਼ ਵੱਲੋਂ ਸ਼ਹੀਦ ਸਿੰਘਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਅਰਦਾਸ ਸਮਾਗਮ ਦੌਰਾਨ ਮੁੱਖ ਗੰ੍ਰਥੀ ਗਿਆਨੀ ਸੁਰਜੀਤ ਸਿੰਘ ਨੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗਿਆਨੀ ਮੇਜਰ ਸਿੰਘ ਨੇ ਅਰਦਾਸ ਉਪਰੰਤ ਵਿਚਾਰਾਂ ਦੀ ਸਾਂਝ ਪਾਉਂਦਿਆਂ ਘੱਲੂਘਾਰਾ ਦਿਵਸ ਅਤੇ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਬਾਰੇ ਵਿਸਥਾਰ ਨਾਲ ਦੱਸਿਆ। ਇਸ ਮੌਕੇ ਐਸਜੀਪੀਸੀ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ, ਧਰਮੀ ਫੌਜੀ ਜਗੀਰ ਸਿੰਘ, ਦਪਿੰਦਰ ਸਿੰਘ ਰਾਜਪੁਰਾ ਅਤੇ ਹੋਰ ਮੌਜੂਦ ਸਨ। ਇਸੇ ਦੌਰਾਨ ਸ਼ਹਿਰ ਅਤੇ ਨੇੜਲੇ ਪਿੰਡਾਂ ਵਿੱਚ ਵੱਖ-ਵੱਖ ਗੁਰਦੁਆਰਿਆਂ ਵਿੱਚ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ ਗਈਆਂ ਅਤੇ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕੀਤਾ ਗਿਆ। ਜ਼ਿਲ੍ਹਾ ਪੁਲੀਸ ਵੱਲੋਂ ਗੁਰਦੁਆਰਾ ਅੰਬ ਸਾਹਿਬ ਸਮੇਤ ਹੋਰਨਾਂ ਗੁਰੂ ਘਰਾਂ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸੀ ਅਤੇ ਵੱਡੀ ਗਿਣਤੀ ਵਿੱਚ ਪੰਜਾਬ ਪੁਲੀਸ ਅਤੇ ਪੈਰਾ ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਰਹੇ।