
ਮੁਹਾਲੀ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ
ਸਿਹਤ ਮੰਤਰੀ ਨੇ ਸਰਕਾਰੀ ਸਕੂਲ ਬੜਮਾਜਰਾ ਦੇ ਕਮਰਿਆਂ ਦੀ ਉਸਾਰੀ ਲਈ 5 ਲੱਖ ਦੀ ਗਰਾਂਟ ਦਿੱਤੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੁਲਾਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਬੜ ਮਾਜਰਾ ਦੇ ਸਰਕਾਰੀ ਮਿਡਲ ਸਕੂਲ ਦੇ ਕਮਰਿਆਂ ਦੀ ਉਸਾਰੀ ਲਈ ਪੰਜ ਲੱਖ ਰੁਪਏ ਦੀ ਗਰਾਂਟ ਪਿੰਡ ਦੀ ਪੰਚਾਇਤ ਨੂੰ ਸੌਂਪੀ। ਇਸ ਮੌਕੇ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਦਸਿਆ ਕਿ ਇਹ ਰਕਮ ਹਲਕਾ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਕੋਟੇ ਵਿਚੋਂ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਕਮਰਿਆਂ ਦੀ ਉਸਾਰੀ ਲਈ ਉੱਚ ਮਿਆਰ ਵਾਲੀ ਸਮੁੱਚੀ ਸਮੱਗਰੀ ਲਗਾਈ ਜਾਵੇਗੀ ਜਿਸ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰ ਦਿਤੀ ਗਈ ਹੈ।
ਸ੍ਰੀ ਸਿੱਧੂ ਨੇ ਦਸਿਆ ਕਿ ਪਿੰਡ ਵਿਚ ਸੀਵਰ ਲਾਈਨ ਦੀ ਉਸਾਰੀ ਲਈ ਉਨਢਾਂ ਵਲੋਂ ਪਹਿਲਾਂ ਵੀ 10 ਲੱਖ ਰੁਪਏ ਦੀ ਗਰਾਂਟ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਤੇ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਿੰਡਾਂ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ ਅਤੇ ਸ਼ਹਿਰਾਂ, ਪਿੰਡਾਂ, ਕਸਬਿਆਂ ਵਿੱਚ ਵਿਕਾਸ ਕਾਰਜਾਂ ਵਾਸਤੇ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਜਦ ਪਿੰਡ ਦੀ ਪੰਚਾਇਤ ਨੇ ਕਮਰਿਆਂ ਦੀ ਉਸਾਰੀ ਦੀ ਮੰਗ ਉਨ੍ਹਾਂ ਕੋਲ ਰੱਖੀ ਤਾਂ ਉਨ੍ਹਾਂ ਤੁਰੰਤ ਇਸ ਕਾਰਜ ਲਈ ਗਰਾਂਟ ਮਨਜ਼ੂਰ ਕਰਵਾਈ।
ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਚੌਤਰਫ਼ਾ ਵਿਕਾਸ ਲਈ ਉਹ ਪੂਰੀ ਤਰਢਾਂ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਵਿਕਾਸ ਕਾਰਜਾਂ ਲਈ ਹੁਣ ਤੱਕ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿੱਤੀਆਂ ਜਾ ਚੁਕੀਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਫੰਡਾਂ ਦੀ ਕੋਈ ਤੋਟ ਨਹੀਂ ਹੋਵੇਗੀ। ਕਰੋਨਾ ਵਾਇਰਸ ਮਹਾਮਾਰੀ ਬਾਰੇ ਗੱਲ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੋਰਨਾਂ ਸੂਬਿਆਂ ਮੁਕਾਬਲੇ ਸੂਬੇ ਵਿਚਲੀ ਹਾਲਤ ਕਾਫ਼ੀ ਠੀਕ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਿਚ ਨਵੀਂ ਭਰਤੀ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਪਿਛਲੇ ਦਿਨੀਂ ਮੰਤਰੀ ਮੰਡਲ ਨੇ ਸਿਹਤ ਵਿਭਾਗ ਵਿਚਗ਼ਖ਼ਾਲੀ ਪਈਆਂ 3954 ਰੈਗੂਲਰ ਅਸਾਮੀਆਂ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵਿਚ 291 ਆਸਾਮੀਆਂ
ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਲਈ ਲੋੜੀਂਦੀ ਕਵਾਇਦ ਸ਼ੁਰੂ ਹੋ ਚੁਕੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾਵਾਇਰਸ ਮਹਾਮਾਰੀ ਤੋਂ ਬਚਣ ਲਈ ਉਹ ਬਾਹਰ ਨਿਕਲਣ ਸਮੇਂ ਅਪਣਾ ਮੂੰਹ ਮਾਸਕ, ਕੱਪੜੇ, ਚੁੰਨੀ, ਰੁਮਾਲ ਆਦਿ ਨਾਲ ਢੱਕ ਕੇ ਰੱਖਣ ਅਤੇ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਰਣਜੀਤ ਕੌਰ ਸਰਪੰਚ ਬੜਮਾਜਰਾ, ਗੁਰਦੇਵ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ (ਸਾਰੇ ਪੰਚ), ਸਮਾਜ ਸੇਵੀ ਆਗੂ ਗੁਰਧਿਆਨ ਸਿੰਘ ਦੁਰਾਲੀ ਵੀ ਮੌਜੂਦ ਸਨ।