Nabaz-e-punjab.com

ਮਾਪਿਆਂ ਤੋਂ ਫੀਸ ਮੰਗਣ ਵਾਲੇ ਮੁਹਾਲੀ ਦੇ 3 ਹੋਰ ਪ੍ਰਾਈਵੇਟ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਹਾਲਾਤ ਆਮ ਵਾਂਗ ਹੋਣ ’ਤੇ ਨਵੇਂ ਦਾਖ਼ਲਿਆਂ ਲਈ ਮਾਪਿਆਂ ਨੂੰ ਫੀਸ ਭਰਨ ਲਈ ਮਹੀਨੇ ਦਾ ਸਮਾਂ ਦੇਣ ਸਾਰੇ ਸਕੂਲ: ਸਿੰਗਲਾ

ਸਕੂਲਾਂ ਨੂੰ ਲਾਕਡਾਊਨ ਖ਼ਤਮ ਹੋਣ ਤੱਕ ਬੱਸਾਂ ਦਾ ਕਿਰਾਇਆ ਤੇ ਕਿਤਾਬਾਂ ਦਾ ਖ਼ਰਚਾ ਵੀ ਨਾ ਵਸੂਲਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ ਮੰਗਣ ਵਾਲੇ ਮੁਹਾਲੀ 3 ਹੋਰ ਪ੍ਰਾਈਵੇਟ ਕਾਨਵੈਂਟ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ 6 ਸਕੂਲਾਂ ਨੂੰ ਅਜਿਹੇ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ।
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਦੂਨ ਇੰਟਰਨੈਸ਼ਨਲ ਸਕੂਲ ਸੈਕਟਰ-69, ਲਾਰੈਂਸ ਸੀਨੀਅਰ ਸੈਕੰਡਰੀ ਸਕੂਲ ਮੁਹਾਲੀ ਅਤੇ ਏਟੀਐਸ ਵੈਲੀ ਸਕੂਲ ਡੇਰਾਬੱਸੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਕੂਲ ਪ੍ਰਬੰਧਕਾਂ ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਦ ਗੁਰੂਕੁਲ ਵਰਲਡ ਸਕੂਲ ਜ਼ੀਰਕਪੁਰ ਤੇ ਮੋਹਾਲੀ, ਮਾਨਵ ਮੰਗਲ ਸਮਾਰਟ ਸਕੂਲ ਮੁਹਾਲੀ, ਸ਼ਿਸ਼ੂ ਨਿਕੇਤਨ ਪਬਲਿਕ ਸਕੂਲ ਮੁਹਾਲੀ, ਸੀਸਮ ਸਟਰੀਟ ਸਕੂਲ ਸੈਕਟਰ-114, ਮੁਹਾਲੀ ਅਤੇ ਦਿਕਸ਼ਾਂਤ ਇੰਟਰਨੈਸ਼ਨਲ ਸਕੂਲ ਜ਼ੀਰਕਪੁਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਲਈ ਨੋਟਿਸ ਭੇਜੇ ਜਾ ਚੁੱਕੇ ਹਨ।
ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤੱਕ ਸਕੂਲਾਂ ਵੱਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, vijayindersingla0gmail.com ’ਤੇ ਭੇਜ ਸਕਦੇ ਹਨ।
ਸਿੱਖਿਆ ਮੰਤਰੀ ਨੇ ਦੱਸਿਆ ਕਿ ਕਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਆਮ ਵਾਂਗ ਹੋਣ ਤੱਕ ਪੰਜਾਬ ਦੇ ਸਾਰੇ ਸਕੂਲਾਂ ਨੂੰ ਦਾਖ਼ਲਿਆਂ ਤੇ ਫੀਸਾਂ ਲੈਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪਰ ਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਕੇ ਵੱਖ-ਵੱਖ ਮਾਧਿਅਮਾਂ ਰਾਹੀਂ ਮਾਪਿਆਂ ਨੂੰ ਫੀਸ ਭਰਨ ਲਈ ਸੁਨੇਹੇ ਲਗਾਏ ਜਾ ਰਹੇ ਸਨ। ਕੈਬਨਿਟ ਮੰਤਰੀ ਨੇ ਦੱਸਿਆ ਕਿ 23 ਮਾਰਚ 2020 ਨੂੰ ਸਿੱਖਿਆ ਵਿਭਾਗ ਵੱਲੋਂ ਸਾਰੀਆਂ ਗੈਰਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਸੀ ਕਿ ਸਾਲ 2020-21 ਲਈ ਦਾਖਲਿਆਂ ਦੀ ਅੰਤਿਮ ਮਿਤੀ ਨੂੰ ਦੁਬਾਰਾ ਮਿੱਥਿਆ ਜਾਵੇ ਅਤੇ ਹਾਲਾਤ ਸੁਧਰਨ ਉਪਰੰਤ ਫੀਸਾਂ ਫਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।
ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨਓਸੀ) ਰੱਦ ਕਰ ਦਿੱਤੀ ਜਾਵੇਗੀ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…