
ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਕੁਲਦੀਪ ਸਿੰਘ ਦੇ ਪੰਥਕ ਜਥੇ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਨਾਨਕ ਦੇਵ ਜੀ ਵੱਲੋਂ ਭਾਈ ਲਹਿਣਾ ਨੂੰ ਗੁਰਿਆਈ ਦੀ ਦਾਤ ਬਖ਼ਸ਼ ਕੇ ਗੁਰੂ ਅੰਗਦ ਦੇਵ ਜੀ ਬਣਾਉਣ ਦੇ ਪੂਰੇ ਪ੍ਰਸੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਬੀਬੀ ਉਤਮਜੀਤ ਕੌਰ ਦੇ ਜਥੇ ਨੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੁਆਰਾ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਉਚਾਰਨ ਕੀਤੀ ਧੁਰ ਕੀ ਬਾਣੀ ਬਾਰੇ ਦੱਸਿਆ।
ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਨਰਿੰਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਗੁਰਦੀਪ ਸਿੰਘ ਖੰਨਾ, ਭਗੜਾਨੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਕੁਲਤਾਰ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁਟ ਵਰਤਿਆ।