Nabaz-e-punjab.com

ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਗੱਦੀ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅੱਜ ਅੱਸੂ ਦੀ ਸੰਗਰਾਂਦ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਗੁਰਗੱਦੀ ਦਿਵਸ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚਲਿਆ। ਭਾਈ ਸਤਨਾਮ ਸਿੰਘ ਚੰਗਿਆੜਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦਾ ਪੁਰਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਸਥਾਪਨਾ ਅਤੇ ਉਸਾਰੀ ਬਾਰੇ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਇਆ।
ਭਾਈ ਜਤਿੰਦਰ ਸਿੰਘ ਦਿਲਗੀਰ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਉਨ੍ਹਾਂ ਵਿਆਖਿਆ ਰਾਹੀਂ ਸਿੱਖ ਧਰਮ ਵਿੱਚ ਅਨੰਦ ਕਾਰਜ (ਲਾਵਾਂ) ਦੀ ਰਚਨਾ ਕੀਤੀ ਅਤੇ ਸਿੱਖੀ ਜੀਵਨ ਵਿੱਚ ਆਨੰਦ ਕਾਰਜ (ਲਾਵਾਂ) ਰਾਹੀਂ ਆਤਮਾ ਅਤੇ ਪ੍ਰਮਾਤਮਾ ਦੇ ਰਿਸ਼ਤੇ ਨੂੰ ਬਿਆਨ ਕੀਤਾ। ਸ਼੍ਰੋਮਣੀ ਪ੍ਰਚਾਰਕ ਹਰਬਿੰਦਰ ਸਿੰਘ ਗੋਸਲਾਂ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤ ਸਰੋਵਰ ਦਾ ਨਿਰਮਾਣ ਕਰਵਾਉਣ ਅਤੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤਾਂ ਨੂੰ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਭਾਈ ਗੁਰਦੀਪ ਸਿੰਘ ਖੰਨਾ, ਭਾਈ ਹਰਪ੍ਰੀਤ ਸਿੰਘ, ਭਾਈ ਧਰਮ ਸਿੰਘ ਮਾਹੀ, ਭਾਈ ਗੁਰਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਭਾਈ ਰਾਜਵਿੰਦਰ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਕਰਨੈਲ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …