Nabaz-e-punjab.com

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ

ਪ੍ਰਬੰਧਕਾਂ ਨੂੰ ਨਗਰ ਕੀਰਤਨ ਲਈ ਸ੍ਰੀ ਕਰਤਾਰਪੁਰ ਸਾਹਿਬ ਤੱਕ ਜਾਣ ਦੀ ਨਹੀਂ ਮਿਲੀ ਪ੍ਰਵਾਨਗੀ

ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚਣ ’ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਮੁਹਾਲੀ, 17 ਨਵੰਬਰ:
ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸ੍ਰੀ ਕਰਤਾਰਪੁਰ ਸਾਹਿਬ ਤੱਕ ਪੰਜ ਰੋਜ਼ਾ ਵਿਸ਼ਾਲ ਗੁਰੂ ਮਾਨਿਉ ਗ੍ਰੰਥ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਪ੍ਰੰਤੂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਦੇ ਕੁ-ਪ੍ਰਬੰਧਾਂ ਦੇ ਚੱਲਦਿਆਂ ਪ੍ਰਬੰਧਕਾਂ ਨੂੰ ਨਗਰ ਕੀਰਤਨ ਨੂੰ ਸ੍ਰੀ ਕਰਤਾਰਪੁਰ ਸਾਹਿਬ ਤੱਕ ਜਾਣ ਦੀ ਪ੍ਰਵਾਨਗੀ ਨਹੀਂ ਮਿਲੀ। ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਚੇਅਰਮੈਨ ਬਾਬਾ ਪ੍ਰਿਤਪਾਲ ਸਿੰਘ ਦੀ ਦੇਖਰੇਖ ਹੇਠ ਗੁਰਦੁਆਰਾ ਗੁਰ ਸਾਗਰ ਸਾਹਿਬ ਨੇੜੇ ਸੁਖਨਾ ਝੀਲ ਤੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸ਼ਾਮ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਪਹੁੰਚਣ ’ਤੇ ਐਸਜੀਪੀਸੀ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਟੌਹੜਾ ਦੀ ਅਗਵਾਈ ਹੇਠ ਇਲਾਕੇ ਦੀ ਸੰਗਤ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸ਼੍ਰੋਮਣੀ ਸੰਤ ਖਾਲਸਾ ਇੰਟਰਨੈਸ਼ਨਲ ਫਾਉਂਡੇਸ਼ਨ ਦੇ ਸਕੱਤਰ ਜਸਬੀਰ ਸਿੰਘ ਬੇਦੀ, ਗ੍ਰੰਥੀ ਪਰਮਿੰਦਰ ਸਿੰਘ, ਜਗਜੀਤ ਸਿੰਘ ਸਿੱਧੂ, ਵੀਰਪਾਲ ਸਿੰਘ, ਗੁਰਦੇਵ ਸਿੰਘ, ਜਗਤਾਰ ਸਿੰਘ, ਭਜਨ ਸਿੰਘ ਹਾਜ਼ਰ ਸਨ।
ਸ੍ਰੀ ਪੀਰ ਮੁਹੰਮਦ ਨੇ ਦੱਸਿਆ ਕਿ ਨਗਰ ਕੀਰਤਨ ਦਾ ਰਸਤੇ ਵਿੱਚ ਥਾਂ ਥਾਂ ਸਵਾਗਤ ਕੀਤਾ ਗਿਆ ਅਤੇ ਚਾਹ, ਬ੍ਰੈੱਡ ਪਕੌੜੇ ਅਤੇ ਸੁੱਕੇ ਮੇਵਿਆਂ ਦੇ ਲੰਗਰ ਲਗਾਏ। ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਵੱਖ ਵੱਖ ਧਰਮਾਂ ਦੇ ਲੋਕ ਜਿਨ੍ਹਾਂ ਵਿੱਚ ਬੱਚੇ, ਬਜ਼ੁਰਗ ਅਤੇ ਅੌਰਤਾਂ ਨੇ ਹਿੱਸਾ ਲਿਆ ਜਦੋਂਕਿ ਕਈ ਪ੍ਰਕਾਰ ਦੇ ਬੈਂਡ ਨਗਰ ਕੀਰਤਨ ਦੀ ਸੋਭਾ ਵਧਾ ਰਹੇ ਹਨ। ਇਸ ਤੋਂ ਇਲਾਵਾ ਰਾਗੀ ਜਥੇ ਅਤੇ ਬੀਬੀਆਂ ਦੇ ਜਥੇ ਵੀ ਨਾਲ ਨਾਲ ਗੁਰਬਾਣੀ ਕੀਰਤਨ ਕਰ ਰਹੇ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਜਸਬੀਰ ਸਿੰਘ ਬੇਦੀ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਅੱਜ ਰਾਤ ਚਮਕੌਰ ਸਾਹਿਬ ਵਿਸ਼ਰਾਮ ਕਰੇਗਾ ਅਤੇ ਭਲਕੇ ਸੋਮਵਾਰ ਨੂੰ ਦੇਰ ਰਾਤ ਸੁਲਤਾਨਪੁਰ ਲੋਧੀ ਵਿੱਚ ਪਹੁੰਚੇਗਾ। ਜਿੱਥੋਂ ਅੱਗੇ ਜਲੰਧਰ ਤੋਂ ਹੋਇਆ ਗੁਰਦੁਆਰਾ ਡੇਰਾ ਬਾਬਾ ਨਾਨਕ ਗੁਰਦਾਸਪੁਰ ਵਿੱਚ ਪੁੱਜੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਾਲੇ ਕਾਫ਼ਲੇ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਮਨਜੂਰੀ ਨਾ ਮਿਲਣ ਕਰਕੇ ਹੁਣ ਸੰਗਤ ਵੱਲੋਂ ਭਾਰਤ ਵਾਲੇ ਪਾਸਿਓਂ ਹੀ ਡੇਰਾ ਬਾਬਾ ਨਾਨਕ ਸਥਿਤ ਇਤਿਹਾਸਕ ਪੁਆਇੰਟ ਤੋਂ ਦੂਰਬੀਨ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਦਰਸ਼ਨ ਕੀਤੇ ਜਾਣਗੇ। ਇਸ ਤੋਂ ਬਾਅਦ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ।
ਸ੍ਰੀ ਪੀਰ ਮੁਹੰਮਦ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਲਾਂਘਾ ਖੁੱਲ੍ਹਣ ਦਾ ਉਹ ਸਵਾਗਤ ਕਰਦੇ ਹਨ ਅਤੇ ਇਸ ਇਤਿਹਾਸਕ ਅਸਥਾਨ ’ਤੇ ਨਤਮਸਤਕ ਹੋਣ ਲਈ ਸੰਗਤਾਂ ਦੇ ਪੈਰਾਂ ਵਿੱਚ ਕਾਨੂੰਨ ਦੀਆਂ ਬੇੜੀਆਂ ਪਾ ਕੇ ਰਾਹ ਡੱਕਣ ਕਾਰਨ ਸਿੱਖ ਸੰਗਤਾਂ ਵਿੱਚ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਨਗਰ ਕੀਰਤਨ ਨੂੰ ਸ੍ਰੀ ਕਰਤਾਰਪੁਰ ਸਾਹਿਬ ਜਾਣ ਦੀ ਆਗਿਆ ਨਾ ਦੇਣ ਕਾਰਨ ਸਿੱਖਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਹੈ। ਉਨ੍ਹਾਂ ਸਰਕਾਰਾਂ ਤੋਂ ਮੰਗ ਕੀਤੀ ਕਿ ਰਜਿਸਟਰੇਸ਼ਲ ਲਈ ਆਨਲਾਈਨ ਸਿਸਟਮ ਨੂੰ ਦਰੁਸਤ ਕੀਤਾ ਜਾਵੇ ਅਤੇ ਸੰਗਤ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਦਰਸ਼ਨ ਲਈ ਪੂਰੀ ਖੁੱਲ੍ਹ ਦਿੱਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …