
ਸਿਆਊ ਕਾਂਡ: ਕਾਂਗਰਸੀ ਆਗੂ ਦੇ ਬੇਟੇ ਨੂੰ 1 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ
ਸੋਹਾਣਾ ਪੁਲੀਸ ਨੇ ਪਿੰਡ ਮਨੌਲੀ ਨੇੜਿਓਂ ਕੀਤਾ ਮੁਲਜ਼ਮ ਨੌਜਵਾਨ ਨੂੰ ਗ੍ਰਿਫ਼ਤਾਰ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਜੂਨ:
ਸੋਹਾਣਾ ਪੁਲੀਸ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਸਿਆਊ ਦੇ ਨੌਜਵਾਨ ਜਗਦੀਪ ਸਿੰਘ (22) ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰਨ ਵਾਲੇ ਕਾਂਗਰਸੀ ਆਗੂ ਤੇ ਬਲਾਕ ਸਮਿਤੀ ਦੇ ਮੈਂਬਰ ਗੁਰਦੀਪ ਸਿੰਘ ਦੇ ਸਪੁੱਤਰ ਦਵਿੰਦਰ ਸਿੰਘ ਉਰਫ਼ ਦਮਨੀ ਵਾਸੀ ਪਿੰਡ ਮਨੌਲੀ ਨੂੰ ਗ੍ਰਿਫ਼ਤਾਰ ਕਰਕੇ ਉਸ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਨੌਜਵਾਨ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ। ਮੈਡੀਕਲ ਟੀਮ ਨੇ ਮੁਲਜ਼ਮ ਦਾ ਕਰੋਨਾ ਟੈੱਸਟ ਲਈ ਸੈਂਪਲ ਲੈ ਕੇ ਜਾਂਚ ਲਈ ਭੇਜਿਆ। ਮੁਲਜ਼ਮ ਦਮਨੀ ਦੇ ਖ਼ਿਲਾਫ਼ ਧਾਰਾ 307 ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਧਰ, ਪੰਜਾਬ ਦੇ ਇਕ ਕੈਬਨਿਟ ਮੰਤਰੀ ਵੱਲੋਂ ਪਾਰਟੀ ਦੀ ਬਦਨਾਮੀ ਦੇ ਡਰੋਂ ਮਾਮਲੇ ਨੂੰ ਰਫ਼ਾ ਦਫ਼ਾ ਕਰਨ ਅਤੇ ਦੋਵੇਂ ਧਿਰਾਂ ਨੂੰ ਆਪਸੀ ਸਮਝੌਤੇ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਗਿਆ ਲੇਕਿਨ ਪੀੜਤ ਪਰਿਵਾਰ ਅਤੇ ਪਿੰਡ ਵਾਸੀਆਂ ਨੇ ਮੰਤਰੀ ਦੀ ਇਕ ਨਹੀਂ ਸੁਣੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਮੰਤਰੀ ਨੇ ਆਪਣੇ ਸਮਰਥਕਾਂ ਨੂੰ ਭੇਜ ਕੇ ਪੀੜਤ ਪਰਿਵਾਰ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ’ਤੇ ਸਮਝੌਤੇ ਲਈ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਪਿੰਡ ਵਾਸੀਆਂ ਨੇ ਸਾਫ਼ ਆਖ ਦਿੱਤਾ ਕਿ ਹੁਣ ਪਾਣੀ ਸਿਰ ਦੇ ਉੱਤੋਂ ਲੰਘ ਗਿਆ ਹੈ। ਪੀੜਤ ਨੌਜਵਾਨ ਸੈਕਟਰ-32 ਹਸਪਤਾਲ ਵਿੱਚ ਦਾਖ਼ਲ ਹੈ। ਡਾਕਟਰਾਂ ਨੇ ਉਸ ਦੀ ਪਿੱਠ ਅਤੇ ਛਾਤੀ ਵਿੱਚ ਲੱਗੀਆਂ ਦੋਵੇਂ ਗੋਲੀਆਂ ਬਾਹਰ ਕੱਢ ਦਿੱਤੀਆਂ ਹਨ ਅਤੇ ਹੁਣ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਜਾਂਚ ਅਧਿਕਾਰੀ ਅਤੇ ਸਬ ਇੰਸਪੈਕਟਰ ਬਰਮਾ ਸਿੰਘ ਨੇ ਅੱਜ ਮੁਹਾਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮੁਲਜ਼ਮ ਨੌਜਵਾਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਮੁਲਜ਼ਮ ਕੋਲੋਂ ਅਸਲਾ ਅਤੇ ਕਾਰ ਬਰਾਮਦ ਕਰਨੀ ਹੈ ਅਤੇ ਪੁੱਛਗਿੱਛ ਕਰਕੇ ਇਹ ਵੀ ਪਤਾ ਲਗਾਉਣਾ ਹੈ ਕਿ ਉਸ ਨੇ ਕਿਹੜੀ ਗੱਲੋਂ ਆਪਣੇ ਦੋਸਤ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕੀਤਾ ਹੈ। ਇਸ ਦੇ ਪਿੱਛੇ ਕੀ ਕਾਰਨ ਹਨ। ਕਿਉਂਕਿ ਅਜੇ ਤਾਈਂ ਇਹ ਗੱਲ ਖੁੱਲ੍ਹ ਕੇ ਬਾਹਰ ਨਹੀਂ ਆਈ ਹੈ ਕਿ ਨੌਜਵਾਨਾਂ ਵਿੱਚ ਕਿਸ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੌਜਵਾਨ ਨੂੰ ਪਿੰਡ ਮਨੌਲੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ, ਉਹ ਮੁਹਾਲੀ ’ਚੋਂ ਬਾਹਰ ਭੱਜਣ ਦੀ ਤਾਕ ਵਿੱਚ ਸੀ ਕਿ ਪੁਲੀਸ ਨੇ ਉਸ ਨੂੰ ਰਸਤੇ ’ਚੋਂ ਕਾਬੂ ਕਰ ਲਿਆ।