ਸਿੱਧੂ ਫਾਊਂਡੇਸ਼ਨ ਨੇ ਪਿੰਡ ਬਲੌਂਗੀ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਵਿੱਢੀ

ਸਮਾਜਿਕ ਮਾਮਲਿਆਂ ਨੂੰ ਹੱਲ ਕਰਨ ਵਿੱਚ ਗੈਰ-ਸਰਕਾਰੀ ਸੰਸਥਾਵਾਂ ਦੀ ਭੂਮਿਕਾ ਅਹਿਮ: ਮੇਅਰ

ਨਬਜ਼-ਏ-ਪੰਜਾਬ, ਮੁਹਾਲੀ, 22 ਅਗਸਤ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਦੋ ਦਿਨ ਪਹਿਲਾਂ ਹੀ ਹੋਂਦ ਵਿੱਚ ਲਿਆਂਦੀ ਗੈਰ ਸਿਆਸੀ ਸੰਸਥਾ ‘ਸਿੱਧੂ ਫਾਊਂਡੇਸ਼ਨ’ ਦੇ ਵਲੰਟੀਅਰਾਂ ਵੱਲੋਂ ਅੱਜ ਬਲੌਂਗੀ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਦੌਰਾਨ ਵੱਡੀ ਮਾਤਰਾ ਵਿੱਚ ਪਲਾਸਟਿਕ ਦੇ ਲਿਫ਼ਾਫ਼ਿਆਂ ਸਮੇਤ ਹੋਰ ਨਾ-ਗਲਣਯੋਗ ਕੂੜਾ ਇਕੱਠਾ ਕੀਤਾ ਗਿਆ।
ਸਿੱਧੂ ਭਰਾਵਾਂ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਅਣਗੌਲੇ ਅਜਿਹੇ ਹੋਰਨਾਂ ਖੇਤਰਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਸਾਰੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਜਾਵੇਗਾ, ਜਿੱਥੇ ਰੋਜ਼ਾਨਾ ਪਲਾਸਟਿਕ ਕੂੜਾ ਇਕੱਠਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਰੁਝਾਨ ਨੂੰ ਖ਼ਤਮ ਕਰਨ ਲਈ ਜਲਦੀ ਹੀ ਸਿੱਧੂ ਫਾਊਂਡੇਸ਼ਨ ਦੇ ਬੈਨਰ ਹੇਠ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਜਿਸ ਵਿੱਚ ਕੋਈ ਵੀ ਵਿਅਕਤੀ ਵਲੰਟੀਅਰ ਵਜੋਂ ਕੰਮ ਕਰਕੇ ਆਪਣਾ ਯੋਗਦਾਨ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਾਰਿਆਂ ਦੀ ਇਹ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸ਼ਹਿਰ ਤੇ ਪਿੰਡਾਂ ਨੂੰ ਸਾਫ਼ ਸੁਥਰਾ ਕਰਕੇ ਮੁਹਾਲੀ ਨੂੰ ਦੇਸ਼ ਦਾ ਮੋਹਰੀ ਸ਼ਹਿਰ ਬਣਾਈਏ।
ਬਲਬੀਰ ਸਿੱਧੂ ਨੇ ਦੱਸਿਆ ਕਿ ਡੇਂਗੂ-ਪੇਚਸ਼ ਬਿਮਾਰੀਆਂ ਦੀ ਰੋਕਥਾਮ ਲਈ ਉਨ੍ਹਾਂ ਦੀ ਸੰਸਥਾ ਵੱਲੋਂ ਰੋਜ਼ਾਨਾ ਪ੍ਰਭਾਵਿਤ ਇਲਾਕਿਆਂ ਵਿੱਚ ਫੌਗਿੰਗ ਕਰਵਾਈ ਜਾ ਰਹੀ ਹੈ। ਜੇਕਰ ਕਿਸੇ ਵੀ ਸੈਕਟਰ ਜਾਂ ਸੁਸਾਇਟੀ ਦੀ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਜਾਂ ਕੋਈ ਆਮ ਵਿਅਕਤੀ ਵੀ ਇਹ ਮਹਿਸੂਸ ਕਰਦਾ ਹੈ ਕਿ ਉਨ੍ਹਾਂ ਦੇ ਇਲਾਕੇ ਵਿੱਚ ਫੌਗਿੰਗ ਦੀ ਲੋੜ ਹੈ ਤਾਂ ਉਹ ਸਿੱਧੂ ਫਾਊਂਡੇਸ਼ਨ ਦੇ ਵਲੰਟੀਅਰਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ 6 ਘੰਟੇ ਦੇ ਅੰਦਰ ਫੋਗਿੰਗ ਯਕੀਨੀ ਬਣਾਈ ਜਾਵੇਗੀ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸਮਾਜਿਕ ਮਸਲਿਆਂ ਦੇ ਹੱਲ ਲਈ ਗੈਰ ਸਰਕਾਰੀ ਸਮਾਜਿਕ ਸੰਸਥਾਵਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਸਮੇਂ ਦੀ ਮੁੱਖ ਲੋੜ ਹੈ। ਲਿਹਾਜ਼ਾ ਸਮੂਹ ਗੈਰ-ਸਰਕਾਰੀ ਤੇ ਗੈਰ ਸਿਆਸੀ ਸੰਸਥਾਵਾਂ ਨੂੰ ਮੁਹਾਲੀ ਨੂੰ ਪਲਾਸਟਿਕ ਮੁਕਤ ਬਣਾਉਣ ਲਈ ਇੱਕ ਮੰਚ ’ਤੇ ਇਕੱਠੇ ਹੋ ਕੇ ਸਾਂਝਾ ਹੰਭਲਾ ਮਾਰਨਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

Punjab Police Arrests Four Operatives Of Landa Module After Brief Encounter; Two Grenades, Two Pistols Recovered

Punjab Police Arrests Four Operatives Of Landa Module After Brief Encounter; Two Grenades,…