Share on Facebook Share on Twitter Share on Google+ Share on Pinterest Share on Linkedin ਸਿੱਧੂ ਵੱਲੋਂ ਮੁਹਾਲੀ ਵਿੱਚ ਸਰਬਸੰਮਤੀ ਨਾਲ ਚੁਣੀਆਂ ਗਈਆਂ 21 ਪੰਚਾਇਤਾਂ ਦਾ ਵਿਸ਼ੇਸ਼ ਸਨਮਾਨ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਦਸੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਵਿੱਚ ਇਤਿਹਾਸਕ ਪਿੰਡ ਚੱਪੜਚਿੜੀ ਕਲਾਂ, ਪਿੰਡ ਲਾਂਡਰਾਂ ਸਮੇਤ ਸਰਬਸੰਮਤੀ ਨਾਲ ਚੁਣੀਆਂ ਗਈਆਂ 21 ਪੰਚਾਇਤਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਮੰਤਰੀ ਨੇ ਐਲਾਨ ਕੀਤਾ ਹੈ ਕਿ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਕਾਸ ਲਈ ਦਿਲ ਖੋਲ੍ਹ ਕੇ ਗਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰ ਪਹਿਲਾਂ ਹੀ ਇਹ ਐਲਾਨ ਕਰ ਚੁੱਕੀ ਹੈ ਕਿ ਸਰਬਸੰਮਤੀ ਨਾਲ ਬਣੀਆਂ ਪੰਚਾਇਤਾਂ ਨੂੰ ਦੋ ਲੱਖ ਦੀ ਗਰਾਂਟ ਦਿੱਤੀ ਜਾਵੇਗੀ ਅਤੇ ਉਨ੍ਹਾਂ ਵੱਲੋਂ ਆਪਣੇ ਅਖ਼ਤਿਆਰੀ ਕੋਟੇ ’ਚੋਂ 5-5 ਲੱਖ ਰੁਪਏ ਦੀ ਵੱਖਰੀ ਗਰਾਂਟ ਦਿੱਤੀ ਜਾਵੇਗੀ। ਮੰਤਰੀ ਨੇ ਦਾਅਵਾ ਕੀਤਾ ਕਿ ਪੰਜਾਬ ਭਰ ’ਚੋਂ ਮੁਹਾਲੀ ਹਲਕੇ ਵਿੱਚ ਸਭ ਤੋਂ ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ। ਉਨ੍ਹਾਂ ਨਵੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਨੂੰ ਤਰਜੀਹ ਦੇਣ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਤਾਂ ਜੋ ਲੰਮੇ ਸਮੇਂ ਤੱਕ ਭਾਈਚਾਰਕ ਸਾਂਝ ਬਣੀ ਰਹਿ ਸਕੇ ਅਤੇ ਵਿਰੋਧੀਆਂ ਦੇ ਜਾਇਜ਼ ਕੰਮ ਵੀ ਪਹਿਲ ਦੇ ਆਧਾਰ ’ਤੇ ਕੀਤੇ ਜਾਣ। ਸ੍ਰੀ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਸੀ ਸਹਿਮਤੀ ਨਾਲ ਪੰਚਾਇਤਾਂ ਚੁਣਨ ਨਾਲ ਜਿੱਥੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉੱਥੇ ਵਿਕਾਸ ਪੱਖੋਂ ਪਿੰਡ ਦੀ ਨੁਹਾਰ ਵੀ ਬਦਲੀ ਜਾਂਦੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਪੰਚਾਇਤਾਂ ਦੀ ਮੰਗ ਅਨੁਸਾਰ ਪਿੰਡਾਂ ਦਾ ਯੋਜਨਾਬੱਧ ਤਰੀਕੇ ਨਾਲ ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਆਪਸੀ ਸਹਿਮਤੀ ਨਾਲ ਬਣੇ ਪੰਚਾਂ ਅਤੇ ਸਰਪੰਚਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਆਪਣੇ ਗੁਆਂਢੀ ਪਿੰਡਾਂ ਵਿੱਚ ਵੀ ਚੋਣਾਂ ਲੜ ਰਹੇ ਉਮੀਦਵਾਰਾਂ ਅਤੇ ਆਮ ਲੋਕਾਂ ਨੂੰ ਆਪਸੀ ਸਹਿਮਤੀ ਨਾਲ ਪੰਚਾਇਤ ਦੀ ਚੋਣ ਲਈ ਜਾਗਰੂਕ ਕਰਨ। ਇਸ ਮੌਕੇ ਕੈਬਨਿਟ ਮੰਤਰੀ ਦੇ ਰਾਜਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਵਿੰਗ ਦੇ ਜਨਰਲ ਸਕੱਤਰ ਕੰਵਰਬੀਰ ਸਿੰਘ ਸਿੱਧੂ, ਸੀਨੀਅਰ ਕਾਂਗਰਸ ਆਗੂ ਜੀਐਸ ਰਿਆੜ, ਹਰਪ੍ਰੀਤ ਸਿੰਘ ਸੈਣੀ, ਰਣਜੀਤ ਸਿੰਘ ਜਗਤਪੁਰਾ, ਕਰਮ ਸਿੰਘ ਮਾਣਕਪੁਰ ਕੱਲਰ, ਭਗਵੰਤ ਸਿੰਘ ਗੀਗੇਮਾਜਰਾ, ਗੁਰਚਰਨ ਸਿੰਘ ਗਿੱਲ, ਸੋਹਨ ਸਿੰਘ ਚੱਪੜਚਿੜੀ ਸਮੇਤ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ