Nabaz-e-punjab.com

ਸਿੱਧੂ ਮੂਸੇਵਾਲਾ ਨੂੰ ਮੁਹਾਲੀ ਸਮਾਗਮ ਦੌਰਾਨ ਹਥਿਆਰਾਂ ਵਾਲੇ ਗੀਤ ਗਾਉਣ ਤੋਂ ਰੋਕਿਆ ਜਾਵੇ: ਪੰਡਤ ਰਾਓ ਧਰੇਨਵਰ

ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੂੰ ਪੱਤਰ ਲਿਖ ਕੇ ਕੀਤੀ ਮੰਗ, ਗਾਇਕ ਸਿੱਧੂ ਮੂਸੇਵਾਲਾ ਨੂੰ ਵੀ ਲਿਖੀ ਚਿੱਠੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਉੱਘੇ ਸਿੱਖਿਆ ਸ਼ਾਸਤਰੀ ਅਤੇ ਪੰਜਾਬੀ ਨੂੰ ਢੁਕਵਾਂ ਸਥਾਨ ਦਿਵਾਉਣ ਲਈ ਯਤਨਸ਼ੀਲ ਪੰਡਤ ਰਾਓ ਧਰੇਨਵਰ ਨੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਭਲਕੇ 15 ਦਸੰਬਰ ਨੂੰ ਮੁਹਾਲੀ ਵਿੱਚ ਸਿੱਧੂ ਮੂਸੇਵਾਲਾ ਦੇ ਹੋਣ ਵਾਲੇ ਸਮਾਗਮ ਦੌਰਾਨ ਉਨ੍ਹਾਂ ਨੂੰ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਗਾਉਣ ਤੋਂ ਰੋਕਿਆ ਜਾਵੇ।
ਪੰਡਤ ਰਾਓ ਧਰੇਨਵਰ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੇ ਕਈ ਅਜਿਹੇ ਗੀਤ ਗਾਏ ਹਨ, ਜਿਨ੍ਹਾਂ ਵਿੱਚ ਹਥਿਆਰਾਂ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਅਜਿਹੇ ਗਾਣਿਆਂ ਕਾਰਨ ਨੌਜਵਾਨ ਪੀੜ੍ਹੀ ਉੱਤੇ ਗਲਤ ਅਸਰ ਪੈਂਦਾ ਹੈ। ਉਨ੍ਹਾਂ ਲਿਖਿਆ ਹੈ ਕਿ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਅਤੇ ਅਸ਼ਲੀਲ ਗਾਣਿਆਂ ’ਤੇ ਰੋਕ ਲਗਾਉਣ ਦੀ ਮੰਗ ਨੂੰ ਲੈ ਕੇ ਉਨ੍ਹਾਂ ਨੇ ਹਾਈ ਕੋਰਟ ਵਿੱਚ ਵੀ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜੋ ਕਿ ਅਦਾਲਤ ਦੇ ਵਿਚਾਰ ਅਧੀਨ ਹੈ। ਉਨ੍ਹਾਂ ਡੀਸੀ ਅਤੇ ਐਸਐਸਪੀ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਮੁਹਾਲੀ ਵਿੱਚ ਅਜਿਹਾ ਕੋਈ ਵੀ ਪ੍ਰੋਗਰਾਮ ਰਾਤ 10 ਵਜੇ ਤੋਂ ਬਾਅਦ ਨਹੀਂ ਹੋਣਾ ਚਾਹੀਦਾ। ਜਿਸ ਵਿੱਚ ਵੱਡੇ ਐਂਪਲੀਫਾਇਰ ਦੀ ਵਰਤੋਂ ਕੀਤੀ ਜਾਂਦੀ ਹੈ। ਲਿਹਾਜ਼ਾ ਇਸ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਸਿੱਧੂ ਮੁੂਸੇਵਾਲਾ ਵੱਲੋਂ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਰੋਕਿਆ ਜਾਣਾ ਚਾਹੀਦਾ ਹੈ।
ਇਸੇ ਦੌਰਾਨ ਪੰਡਤ ਰਾਓ ਧਰੇਨਵਰ ਨੇ ਗਾਇਕ ਸਿੱਧੂ ਮੁੂਸੇਵਾਲਾ ਨੂੰ ਵੀ ਚਿੱਠੀ ਲਿਖੀ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ (ਸਿੱਧੂ ਮੁੂਸੇਵਾਲਾ) ਚੰਗਾ ਗਾਇਕ ਹੈ, ਇਸ ਲਈ ਉਨ੍ਹਾਂ ਨੂੰ ਬਾਬੇ ਨਾਨਕ ਦੀ ਬਾਣੀ ਗਾਉਣੀ ਚਾਹੀਦੀ ਹੈ ਅਤੇ ਹਥਿਆਰਾਂ ਵਾਲੇ ਗਾਣੇ ਗਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਇਸ ਪੱਤਰ ਵਿੱਚ ਪੰਡਤ ਰਾਓ ਨੇ ਕਿਹਾ ਹੈ ਕਿ ਮੁਹਾਲੀ ਵਿੱਚ ਜਿੱਥੇ ਉਕਤ ਪ੍ਰੋਗਰਾਮ ਹੋ ਰਿਹਾ ਹੈ, ਉਹ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਕਾਫੀ ਨੇੜੇ ਹੈ। ਇਹ ਉਹ ਪਵਿੱਤਰ ਧਰਤੀ ਹੈ, ਜਿੱਥੇ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਸਮੇਤ 500 ਸਿੰਘ ਸ਼ਹੀਦ ਹੋਏ ਸਨ। ਇਸ ਲਈ ਗਾਇਕ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸਨਮਾਨ ਦਿੰਦੇ ਹੋਏ ਸਾਫ਼ ਸੁਥਰੇ ਗੀਤ ਹੀ ਗਾਏ ਜਾਣ। ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਅਪੀਲ ਕੀਤੀ ਹੈ ਕਿ ਉਹ ਬੰਦੂਕ ਅਤੇ ਹਥਿਆਰਾਂ ਵਾਲੇ ਗਾਣੇ ਗਾਉਣੇ ਛੱਡ ਕੇ ਵੀਰ ਗਾਥਾ ਵਾਲੇ ਗੀਤ ਗਾਉਣ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…