Share on Facebook Share on Twitter Share on Google+ Share on Pinterest Share on Linkedin ਸਿਹਤ ਸੇਵਾਵਾਂ ਨਾਲ ਜੁੜੀਆਂ ਵੱਖ-ਵੱਖ ਐਸੋਸੀਏਸ਼ਨਾਂ ਨਾਲ ਮੀਟਿੰਗ ਕਰਕੇ ਸਿੱਧੂ ਨੇ ਸਮੱਸਿਆਵਾਂ ਸੁਣੀਆਂ ਡਾਕਟਰਾਂ ਦੀ ਸੇਵਾ ਮੁਕਤੀ ਦੀ ਉਮਰ ਹੱਦ 65 ਸਾਲ ਕਰਨ ਦੀ ਤਜਵੀਜ਼ ਨਾਲ ਐਸੋਸੀਏਸ਼ਨਾਂ ਨੇ ਸਹਿਮਤੀ ਪ੍ਰਗਟਾਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਸੋਮਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਪੰਜਾਬ ਸਿਹਤ ਨਿਗਮ ਦੇ ਦਫ਼ਤਰ ਵਿੱਚ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਸਪੈਸ਼ਲਿਸਟ ਐਸੋਸੀਏਸ਼ਨ, ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਵੈਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਸਾਂਝੀ ਮੀਟਿੰਗ ਕੀਤੀ ਅਤੇ ਮੈਡੀਕਲ ਸੇਵਾਵਾਂ ਨਾਲ ਜੁੜੇ ਡਾਕਟਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਡਾਕਟਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ। ਸ੍ਰੀ ਸਿੱਧੂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਿਹਤ ਦੇ ਖੇਤਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਜਿੱਥੇ ਬੰਦ ਪਏ ਹਸਪਤਾਲਾਂ ਨੂੰ ਖੋਲ੍ਹਿਆ ਜਾਵੇਗਾ ਅਤੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਘਾਟ ਨੂੰ ਵੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਸਸਤੀਆਂ ਦਵਾਈਆਂ ਮਿਲਣੀਆਂ ਯਕੀਨੀ ਬਣਾਉਣ ਲਈ ਡਾਕਟਰਾਂ ਨੂੰ ਤਾਕੀਦ ਕੀਤੀ ਗਈ ਕਿ ਉਹ ਇਲਾਜ ਲਈ ਆਉਂਦੇ ਮਰੀਜ਼ਾਂ ਨੂੰ ਪਰਚੀ ’ਤੇ ਸਿਰਫ਼ ਜੈਨਰਿਕ ਦਵਾਈਆਂ ਲਿਖ ਕੇ ਦੇਣ ਤਾਂ ਜੋ ਮਰੀਜ਼ਾਂ ਨੂੰ ਵਾਜ਼ਬ ਕੀਮਤਾਂ ’ਤੇ ਦਵਾਈਆਂ ਮਿਲ ਸਕਣ। ਮੀਟਿੰਗ ਵਿੱਚ ਹਾਜ਼ਰ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਨਾਲ ਜੁੜੀਆਂ ਵੱਖ-ਵੱਖ ਐਸੋਸੀਏਸ਼ਨਾਂ ਦੇ ਅਹੁਦੇਦਾਰਾਂ ਨੇ ਡਾਕਟਰਾਂ ਦੀ ਸੇਵਾਮੁਕਤੀ ਦੀ ਉਮਰ 65 ਸਾਲ ਕਰਨ ਦੀ ਤਜਵੀਜ਼ ਦੀ ਸ਼ਲਾਘਾ ਕਰਦਿਆਂ ਇਸ ਨਾਲ ਸਹਿਮਤੀ ਪ੍ਰਗਟਾਈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗਗਨਦੀਪ ਸਿੰਘ, ਜਨਰਲ ਸਕੱਤਰ ਡਾ. ਮਨੋਹਰ ਸਿੰਘ, ਮੀਤ ਪ੍ਰਧਾਨ ਡਾ. ਰਣਜੀਤ ਸਿੰਘ ਰਾਏ, ਡਾ. ਜਸਵੰਤ ਸਿੰਘ, ਡਾ. ਗਗਨਦੀਪ ਸ਼ੇਰਗਿੱਲ, ਡਾ. ਇੰਦਰਵੀਰ ਗਿੱਲ, ਡਾ. ਅਖਿਲ, ਡਾ. ਮਾਨਿਕ ਸਿੰਗਲਾ, ਡਾ. ਸਿਮਰਨ, ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਸਪੈਸ਼ਲਿਸਟ ਐਸੋਸੀਏਸ਼ਨ ਦੇ ਪ੍ਰਧਾਨ ਡਾ. ਅਸ਼ੋਕ ਬੋਹਤ, ਡਾ. ਵਿਨੇ ਭਗਤ, ਡਾ. ਜਗਜੀਤ ਸਿੰਘ, ਡਾ. ਮਨਜੀਤ ਅਤੇ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਦੇਵ ਸਿੰਘ, ਡਾ. ਸਰਦੂਲ ਸਿੰਘ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ