ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਰਿਵਾਰਾਂ ਸਮੇਤ ਕਿਰਤ ਕਮਿਸ਼ਨਰ ਦਫ਼ਤਰ ਦਾ ਘਿਰਾਓ

ਪਾਵਰਕੌਮ, ਸੀਵਰੇਜ ਬੋਰਡ, 108 ਐਂਬੂਲੈਂਸ ਦੇ ਬਰਖ਼ਾਸਤ ਕਾਮੇ ਬਹਾਲ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਕੰਟਰੈਕਟ ਵਰਕਰਜ਼ ਤੇ ਲੇਬਰ ਯੂਨੀਅਨ, 108 ਐਂਬੂਲੈਂਸ ਐਂਪਲਾਈਜ਼ ਯੂਨੀਅਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਐਂਪਲਾਈਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਕੱਚੇ ਕਾਮਿਆਂ ਨੂੰ ਸਬੰਧਤ ਵਿਭਾਗਾਂ ਵਿੱਚ ਰੈਗੂਲਰ ਸਮੇਤ ਹੋਰ ਹੱਕੀ ਮੰਗਾਂ ਸਬੰਧੀ ਅੱਜ ਆਪਣੇ ਪਰਿਵਾਰਾਂ ਸਮੇਤ ਮੁਹਾਲੀ ਸਥਿਤ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਅੱਗੇ ਵਿਸ਼ਾਲ ਧਰਨਾ ਦਿੱਤਾ। ਜਿਸ ਵਿੱਚ ਪਾਵਰਕੌਮ, ਸੀ.ਐੱਚ.ਬੀ ਵਾਟਰ ਸਪਲਾਈ ਤੇ ਸੀਵਰੇਜ ਬੋਰਡ, 108 ਐੱਬੂਲੈਂਸ, ਸਿਹਤ ਨਿਗਮ ਦੇ ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਛੋਟੇ ਬੱਚਿਆਂ ਸਣੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਪੰਜਾਬ ਸਰਕਾਰ, ਪਾਵਰਕੌਮ ਅਤੇ ਕਿਰਤ ਵਿਭਾਗ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਰਾਜੇਸ਼ ਕੁਮਾਰ ਸ਼ੇਰ ਸਿੰਘ ਖੰਨਾ, ਗੁਰਪ੍ਰੀਤ ਸਿੰਘ ਗੁਰੀ ਅਤੇ ਲਖਵੀਰ ਸਿੰਘ ਕਟਾਰੀਆ ਨੇ ਦੱਸਿਆ ਕਿ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉੱਚ ਅਧਿਕਾਰੀਆਂ ਨਾਲ ਠੇਕਾ ਕਾਮਿਆਂ ਦੀਆਂ ਛਾਂਟੀ ਰੱਦ ਕਰਨ, ਬਰਖ਼ਾਸਤ ਕਾਮੇ ਬਹਾਲ ਕਰਨ, ਹਾਦਸਾ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ, ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੀ ਵਿਵਸਥਾ ਕਰਨ ਸਬੰਧੀ ਲਿਖਤੀ ਫੈਸਲੇ ਹੋ ਚੁੱਕੇ ਹਨ ਪ੍ਰੰਤੂ ਪਾਵਰਕੌਮ ਮੈਨੇਜਮੈਂਟ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਇਨ੍ਹਾਂ ਫੈਸਲਿਆਂ ਨੂੰ ਲਾਗੂ ਨਹੀਂ ਕਰ ਰਹੇ ਹਨ। ਜਿਸ ਕਾਰਨ ਠੇਕਾ ਆਧਾਰਿਤ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਬੁਲਾਰਿਆਂ ਨੇ ਕਿਹਾ ਕਿ ਜਲ ਸਪਲਾਈ ਤੇ ਸੀਵਰੇਜ ਬੋਰਡ ਵਿੱਚ ਠੇਕੇਦਾਰਾਂ ਅਤੇ ਸੁਸਾਇਟੀਆਂ ਵੱਲੋਂ ਸ਼ਰ੍ਹੇਆਮ ਲੁੱਟ ਕੀਤੀ ਜਾ ਰਹੀ ਹੈ। ਕੱਚੇ ਕਾਮੇ ਪਿਛਲੇ 15-20 ਸਾਲਾਂ ਤੋਂ ਲਗਾਤਾਰ ਕੰਮ ਕਰਦੇ ਆ ਰਹੇ ਹਨ ਪ੍ਰੰਤੂ ਕਿਰਤ ਵਿਭਾਗ ਉਨ੍ਹਾਂ ਨੂੰ ਰੈਗੂਲਰ ਕਰਨ ਸਬੰਧੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰਾਂ ਨੂੰ ਵਿਭਾਗ ’ਚੋਂ ਬਾਹਰ ਕਰਕੇ ਸਿੱਧਾ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਭਰਤੀ ਕੀਤਾ ਜਾਵੇ।
108 ਐਂਬੂਲੈਂਸ ਦੇ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਵੱਲੋਂ ਗਲਤ ਤਰੀਕੇ ਨਾਲ ਕੰਮ ਤੋਂ ਹਟਾ ਦਿੱਤਾ ਗਿਆ ਹੈ। ਸੀਵਰੇਜ ਬੋਰਡ ਵਿੱਚ ਕੰਮ ਕਰਦੇ ਕਾਮਿਆਂ ਨੂੰ ਘੱਟੋ ਘੱਟ ਉਜ਼ਰਤਾਂ ਲਾਗੂ ਨਹੀਂ ਕੀਤੀ ਜਾ ਰਹੀ। ਸਰਕਾਰ ਘੱਟੋ-ਘੱਟ ਉਜ਼ਰਤਾਂ ਲਾਗੂ ਕਰਨ ਤੋਂ ਲਗਾਤਾਰਟਾਲਾ ਵੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਠੇਕਾ ਮੁਲਾਜ਼ਮਾਂ ਵੱਲੋਂ ਬੀਤੀ 17 ਨਵੰਬਰ ਨੂੰ ਧਰਨਾ ਦਿੱਤਾ ਜਾਣਾ ਸੀ ਪ੍ਰੰਤੂ ਪ੍ਰਸ਼ਾਸਨ ਨੇ ਕਿਰਤ ਮੰਤਰੀ, ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਵਾਉਣ ਦਾ ਲਿਖਤੀ ਭਰੋਸਾ ਦਿੱਤਾ ਸੀ। ਲੇਕਿਨ ਮੰਤਰੀ ਮੀਟਿੰਗ ਕਰਨ ਸਮੇਤ ਮੰਨੀਆਂ ਮੰਗਾਂ ਨੂੰ ਲਾਗੂ ਕਰਨ ਤੋਂ
ਪਾਸਾ ਵੱਟਦੇ ਆ ਰਹੇ ਹਨ। ਜਿਸ ਕਾਰਨ ਅੱਜ ਉਨ੍ਹਾਂ ਨੂੰ ਮੁੜ ਆਪਣੇ ਪਰਿਵਾਰਾਂ ਸਮੇਤ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਠੇਕਾ ਕਾਮਿਆਂ ਨੇ ਪੰਜਾਬ ਸਰਕਾਰ, ਕਿਰਤ ਵਿਭਾਗ ਅਤੇ ਸਬੰਧਤ ਵਿਭਾਗਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸ਼ਾਮ ਨੂੰ ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ ਅਤੇ ਮਜ਼ਦੂਰ ਯੂਨੀਅਨ ਖੰਨਾ ਦੇ ਆਗੂ ਮਲਕੀਤ ਸਿੰਘ ਨੇ ਵੀ ਧਰਨੇ ਵਿੱਚ ਪਹੁੰਚ ਕੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਨੂੰ ਇੱਕਜੱੁਟ ਹੋ ਕੇ ਸੰਘਰਸ਼ ਵਿੱਢਣ ਲਈ ਪ੍ਰੇਰਿਆ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…