ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਮੁਹਾਲੀ ਵਿੱਚ ਮਾਈਨਿੰਗ ਵਿਭਾਗ ਦੀ ਘੇਰਾਬੰਦੀ, ਨਾਅਰੇਬਾਜ਼ੀ

ਧਰਨਾ ਪ੍ਰਦਰਸ਼ਨ ਮਗਰੋਂ ਮਾਈਨਿੰਗ ਵਿਭਾਗ ਨੇ ਕਿਸਾਨਾਂ ਨੂੰ ਲਾਇਆ ਜੁਰਮਾਨਾ ਕੀਤਾ ਮੁਆਫ਼

ਨਬਜ਼-ਏ-ਪੰਜਾਬ, ਮੁਹਾਲੀ, 18 ਸਤੰਬਰ:
ਜ਼ਿਲ੍ਹਾ ਮਾਈਨਿੰਗ ਵਿਭਾਗ ਮੁਹਾਲੀ ਵੱਲੋਂ ਬਿਨਾਂ ਵਜ੍ਹਾ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਜੁਰਮਾਨੇ ਲਗਾਉਣ ਖ਼ਿਲਾਫ਼ ਅੱਜ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਮੁਹਾਲੀ ਵਿਖੇ ਮਾਈਨਿੰਗ ਦਫ਼ਤਰ ਦੇ ਬਾਹਰ ਦੀ ਘੇਰਾਬੰਦੀ ਕਰਕੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਕਿਸਾਨਾਂ ਨੇ ਸੂਬਾ ਸਰਕਾਰ ਅਤੇ ਮਾਈਨਿੰਗ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਯੂਨੀਅਨ ਉਗਰਾਹਾਂ ਅਤੇ ਪੁਆਧ ਕਿਸਾਨ ਯੂਨੀਅਨ ਦੇ ਮੈਂਬਰਾਂ ਨੇ ਵੀ ਧਰਨੇ ਵੀ ਸ਼ਮੂਲੀਅਤ ਕੀਤੀ।
ਇਸ ਮੌਕੇ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੂਬਾ ਸਕੱਤਰ ਪਰਮਦੀਪ ਸਿੰਘ ਬੈਦਵਾਨ ਅਤੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਸਿਆਊ ਨੇ ਦੱਸਿਆ ਕਿ ਪਿੰਡ ਖੇੜੀ ਜੱਟਾਂ ਦੇ ਕਿਸਾਨ ਪਾਲ ਸਿੰਘ ਨੇ ਆਪਣੀ 3 ਵਿੱਘੇ 8 ਵਿਸਵੇ ਜ਼ਮੀਨ ’ਚੋਂ ਮਿੱਟੀ ਚੁਕਵਾਉਣ ਲਈ ਮਾਈਨਿੰਗ ਵਿਭਾਗ ਤੋਂ ਮਨਜ਼ੂਰੀ ਲੈਣ ਉਪਰੰਤ ਹੀ ਮਿੱਟੀ ਚੁਕਵਾਈ ਗਈ ਸੀ ਅਤੇ ਕੁਝ ਦਿਨਾਂ ਬਾਅਦ ਕਿਸਾਨ ਨੂੰ ਐਨਓਸੀ ਜਾਰੀ ਕਰ ਦਿੱਤੀ ਗਈ ਸੀ ਪ੍ਰੰਤੂ ਬਾਅਦ ਵਿੱਚ ਵਿਭਾਗ ਨੇ ਸਿਆਸੀ ਆਗੂ ਦੀ ਸ਼ਹਿ ’ਤੇ ਕਿਸਾਨ ਨੂੰ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ 1.80 ਲੱਖ ਰੁਪਏ ਜੁਰਮਾਨੇ ਦਾ ਨੋਟਿਸ ਭੇਜ ਦਿੱਤਾ, ਜੋ ਸਰਾਸਰ ਨਾਇਨਸਾਫ਼ੀ ਹੈ।
ਆਗੂਆਂ ਨੇ ਕਿਹਾ ਕਿ ਪਾਲ ਸਿੰਘ ਨਾਲ ਹੋਈ ਇਸ ਧੱਕੇਸ਼ਾਹੀ ਵਿਰੁੱਧ ਅੱਜ ਕਿਸਾਨ ਯੂਨੀਅਨ ਨੇ ਮਾਈਨਿੰਗ ਵਿਭਾਗ ਦੀ ਘੇਰਾਬੰਦੀ ਕਰਕੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਧੱਕੇਸ਼ਾਹੀ ਕਿਸੇ ਵੀ ਕਿਸਮ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਵੀ ਕਿਸਾਨ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਤਾਂ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਲੜੀਵਾਰ ਸੰਘਰਸ਼ ਵਿੱਢਿਆ ਜਾਵੇਗਾ। ਉਧਰ, ਕਿਸਾਨਾਂ ਦੇ ਰੋਹ ਨੂੰ ਦੇਖਦੇ ਹੋਏ ਮਾਈਨਿੰਗ ਵਿਭਾਗ ਦੇ ਐਕਸੀਅਨ ਨੇ ਕਿਸਾਨਾਂ ਨੂੰ ਲਿਖਤੀ ਭਰੋਸਾ ਦਿੱਤਾ ਕਿ ਕਿਸਾਨ ਪਾਲ ਸਿੰਘ ਨੂੰ ਕੋਈ ਜੁਰਮਾਨਾ ਦੇਣ ਦੀ ਲੋੜ ਨਹੀਂ ਹੈ। ਕਿਸਾਨ ਵੱਲ ਵਿਭਾਗ ਦਾ ਕੋਈ ਬਕਾਇਆ ਨਹੀਂ ਹੈ ਅਤੇ ਮਾਈਨਿੰਗ ਵਿਭਾਗ ਵੱਲੋਂ ਜਾਰੀ ਨੋਟਿਸ ਵੀ ਰੱਦ ਕਰ ਦਿੱਤਾ ਗਿਆ ਹੈ। ਇਸ ਭਰੋਸੇ ਉਪਰੰਤ ਕਿਸਾਨਾਂ ਨੇ ਧਰਨਾ ਚੁੱਕ ਲਿਆ।
ਇਸ ਮੌਕੇ ਕਿਸਾਨ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਤੇਜਿੰਦਰ ਸਿੰਘ ਪੂਨੀਆ, ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਲਖਵਿੰਦਰ ਹੈਪੀ ਪ੍ਰਧਾਨ ਉਗਰਾਹਾਂ ਡੇਰਾਬੱਸੀ, ਤਰਲੋਚਨ ਸਿੰਘ ਪ੍ਰਧਾਨ ਪੁਆਧ ਕਿਸਾਨ ਯੂਨੀਅਨ, ਗੁਰਭਜਨ ਸਿੰਘ ਸੈਣੀ ਧਰਮਗੜ੍ਹ, ਧਰਮਿੰਦਰ ਸਿੰਘ ਜੌਲਾਂ, ਮਨਜੀਤ ਸਿੰਘ ਤੰਗੌਰੀ ਰੁਸਤਮ, ਸੁਰਜੀਤ ਸਿੰਘ ਮਾਣਕਪੁਰ ਗੁਰਸੇਵਕ ਸਿੰਘ ਜੌਲਾਂ ਕਲਾਂ, ਅਮਰਜੀਤ ਸਿੰਘ ਤਸਿੰਬਲੀ, ਪਲਵਿੰਦਰ ਸਿੰਘ, ਜਵਾਲਾ ਸਿੰਘ ਖੇੜੀ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…