ਕੰਪਿਊਟਰ ਅਧਿਆਪਕਾਂ ਵੱਲੋਂ ਸਿੱਖਿਆ ਭਵਨ ਦੀ ਘੇਰਾਬੰਦੀ, ਚੰਡੀਗੜ੍ਹ ਵੱਲ ਕੂਚ, ਪੁਲੀਸ ਨੇ ਰਾਹ ਰੋਕਿਆ

ਮੁਹਾਲੀ ਪ੍ਰਸ਼ਾਸਨ ਨੇ ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਦਾ ਭਰੋਸਾ ਦੇ ਕੇ ਕੀਤਾ ਸ਼ਾਂਤ

ਨਬਜ਼-ਏ-ਪੰਜਾਬ, ਮੁਹਾਲੀ, 14 ਸਤੰਬਰ:
ਪੰਜਾਬ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਅੱਜ ਮੁਹਾਲੀ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੀ ਘੇਰਾਬੰਦੀ ਕਰਕੇ ‘ਆਪ’ ਸਰਕਾਰ ਅਤੇ ਸਿੱਖਿਆ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਸਵੇਰੇ 10 ਵਜੇ ਹੀ ਸੂਬੇ ਭਰ ’ਚੋਂ ਕੰਪਿਊਟਰ ਅਧਿਆਪਕ ਸਿੱਖਿਆ ਭਵਨ ਦੇ ਬਾਹਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਦੁਪਹਿਰ ਤੱਕ ਵੱਡੀ ਭੀੜ ਜਮ੍ਹਾ ਹੋ ਗਈ। ਕੰਪਿਊਟਰ ਅਧਿਆਪਕਾਂ ਨੇ ਇੱਥੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਦਿਆਂ ਆਪਣੀਆਂ ਮੰਗਾਂ ਬਾਰੇ ਚਰਚਾ ਕੀਤੀ ਅਤੇ ਸੂਬਾ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ।
ਇਸ ਮਗਰੋਂ ਕੰਪਿਊਟਰ ਅਧਿਆਪਕਾਂ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕਰ ਦਿੱਤਾ ਪ੍ਰੰਤੂ ਮੁਹਾਲੀ ਪੁਲੀਸ ਨੇ ਸਿੱਖਿਆ ਬੋਰਡ ਦੇ ਪਿੱਛੇ ਨੇਚਰ ਪਾਰਕ ਨੇੜੇ ਜ਼ਬਰਦਸਤ ਬੈਰੀਕੇਟਿੰਗ ਕਰਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਦਾ ਰਾਹ ਡੱਕ ਲਿਆ। ਇਸ ਦੌਰਾਨ ਕਾਫ਼ੀ ਬਹਿਸ ਹੋਈ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ, ਡੀਐਸਪੀ (ਸਿਟੀ2) ਹਰਸਿਮਰਨ ਸਿੰਘ ਬੱਲ, ਡੀਐਸਪੀ (ਡੀ) ਹਰਸਿਮਰਤ ਸਿੰਘ ਅਤੇ ਡੀਐਸਪੀ (ਸਪੈਸ਼ਲ-ਕਰਾਈਮ) ਨਵੀਨਪਾਲ ਸਿੰਘ ਲਹਿਲ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਗੱਲੀਂ-ਬਾਤੀਂ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਉਹ ਨਹੀਂ ਮੰਨੇ। ਇਸ ਮਗਰੋਂ ਪੁਲੀਸ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਕੁੱਝ ਮੋਹਰੀ ਆਗੂਆਂ ਨੂੰ ਮੁੱਖ ਮੰਤਰੀ ਨਿਵਾਸ ’ਤੇ ਲਿਜਾਇਆ ਗਿਆ। ਜਿੱਥੇ 27 ਸਤੰਬਰ ਨੂੰ ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਨਾਲ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮਗਰੋਂ ਆਗੂਆਂ ਨੇ ਮੁਹਾਲੀ ਪਹੁੰਚ ਕੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।

ਇਸ ਤੋਂ ਪਹਿਲਾਂ ਯੂਨੀਅਨ ਆਗੂਆਂ ਰਾਜਵਿੰਦਰ ਕੌਰ, ਲਖਵਿੰਦਰ ਸਿੰਘ, ਗੁਰਬਖ਼ਸ਼ ਲਾਲ, ਜੌਨੀ ਸਿੰਗਲਾ, ਪਰਮਵੀਰ ਸਿੰਘ, ਪ੍ਰਦੀਪ ਸਿੰਘ ਤੇ ਜਸਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਲਾਰੇ ਲੱਪੇ ਲਗਾ ਕੇ ਡੰਗ ਟਪਾਉਂਦੀ ਆ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਸਮੇਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੇ ਐਲਾਨ ਮਹਿਜ਼ ਝੂਠੇ ਵਾਅਦੇ ਹੀ ਸਾਬਤ ਹੋਏ ਹਨ। ਪਿਛਲੀਆਂ ਸਰਕਾਰਾਂ ਵੀ ਉਨ੍ਹਾਂ ਨਾਲ ਅਜਿਹਾ ਹੀ ਕਰਦੀਆਂ ਰਹੀਆਂ ਹਨ ਅਤੇ ਹੁਣ ਮੌਜੂਦਾ ਆਪ ਸਰਕਾਰ ਵੀ ਉਨ੍ਹਾਂ ਦੇ ਨਕਸ਼ੇ ਕਦਮ ’ਤੇ ਚੱਲਦੇ ਹੋਏ ਕੰਪਿਊਟਰ ਅਧਿਆਪਕਾਂ ਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਕਰ ਰਹੀ ਹੈ।

ਬੁਲਾਰਿਆਂ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਵਿੱਚ ਬੀਤੀ 1 ਸਤੰਬਰ ਤੋਂ ਸ਼ੁਰੂ ਕੀਤੀ ਭੁੱਖ ਹੜਤਾਲ ਹੁਣ ਜਲਦੀ ਹੀ ਮਰਨ ਵਰਤ ਵਿੱਚ ਤਬਦੀਲ ਹੋਣ ਜਾ ਰਹੀ ਹੈ ਅਤੇ ਆਉਂਦੇ ਦਿਨਾਂ ਵਿੱਚ ਸੂਬੇ ਭਰ ਵਿੱਚ ਗੁਪਤ ਐਕਸ਼ਨ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਉਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਾਉਣੀ ਸੀਜ਼ਨ: ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਅਗੇਤੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਦੀਆਂ…