ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ

ਪ੍ਰਾਇਮਰੀ ਤੇ ਸੈਕੰਡਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧੀ, ਸਕੂਲਾਂ ਦੀ ਬਦਲੀ ਨੁਹਾਰ ਰੰਗ ਦਿਖਾਉਣ ਲੱਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਜਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਨਵੇਂ ਸ਼ੈਸ਼ਨ ‘ਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਚੋਖਾ ਵਾਧਾ ਦਰਜ਼ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਵਧ ਰਹੀ ਗਿਣਤੀ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਧ ਰਹੇ ਵਿਸ਼ਵਾਸ਼ ਦੀ ਵੱਡੀ ਮਿਸਾਲ ਹੈ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਵਿੱਚ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫਤਾਵਾਰੀ ਮੀਟਿੰਗ ਵਿੱਚ ਨਵੇਂ ਦਾਖ਼ਲਿਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਰਨੈਲ ਸਿੰਘ ਕਾਲੇਕੇ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਜਿੰਦਰ ਸਿੰਘ ਨਾਲ ਵਿਸਥਾਰ ਵਿੱਚ ਵਿਚਾਰ ਚਰਚਾ ਕੀਤੀ ਗਈ। ਤਾਜ਼ਾ ਅੰਕੜਿਆਂ ਅਨੁਸਾਰ ਨਵੇਂ ਸ਼ੁਰੂ ਹੋਏ ਵਿੱਦਿਅਕ ਸੈਸ਼ਨ 2021 ਪਹਿਲੇ ਮਹੀਨੇ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ 98809 ਵਿਦਿਆਰਥੀ ਦਾਖਲ ਹੋ ਚੁੱਕੇ ਹਨ, ਜਦੋਂ ਕਿ ਪਿਛਲੇ ਸ਼ੈਸ਼ਨ ਦੌਰਾਨ ਵਿਦਿਆਰਥੀਆਂ ਦੀ ਗਿਣਤੀ 90970 ਸੀ।
ਜ਼ਿਲ੍ਹੇ ਦੇ ਸਰਕਾਰੀ ਸੈਕੰਡਰੀ ਸਕੂਲਾਂ ਵਿੱਚ ਪਿਛਲੇ ਵਰੇ੍ਹ 48873 ਵਿਦਿਆਰਥੀ ਦਾਖ਼ਲ ਸਨ ਤੇ ਇਸ ਵਾਰ 53811ਬੱਚੇ ਦਾਖਲ ਹੋ ਚੁੱਕੇ ਹਨ। ਇਸ ਤਰ੍ਹਾਂ ਸੈਕੰਡਰੀ ਵਿੰਗ ਵਿੱਚ ਵਿਦਿਆਰਥੀਆਂ ਦਾ ਵਾਧਾ 10.10 ਫੀਸਦੀ ਹੋ ਚੁੱਕਿਆ ਹੈ। ਪਹਿਲੀ ਤੋਂ ਪੰਜਵੀਂ ਜਮਾਤ ਤੱਕ ਪਿਛਲੇ ਸ਼ੈਸ਼ਨ ‘ਚ 41619 ਬੱਚੇ ਪੜ੍ਹਦੇ ਸਨ। ਇਸ ਵਾਰ 45293 ਵਿਦਿਆਰਥੀ ਦਾਖ਼ਲ ਹੋ ਚੁੱਕੇ ਹਨ। ਇਸ ਤਰ੍ਹਾਂ ਪ੍ਰਾਇਮਰੀ ਵਿੰਗ ਵਿੱਚ 8.83 ਫੀਸਦੀ ਵਾਧਾ ਦਰਜ਼ ਕੀਤਾ ਗਿਆ ਹੈ। ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਵੀ ਪਿਛਲੇ ਸ਼ੈਸ਼ਨ ਨਾਲੋਂ ਵਧੇਰੇ ਬੱਚੇ ਦਾਖ਼ਲ ਹੋ ਚੁੱਕੇ ਹਨ। ਸਮੁੱਚੇ ਰੂਪ ਵਿੱਚ ਜੇਕਰ ਨਜ਼ਰ ਮਾਰੀ ਜਾਵੇ ਤਾਂ ਸੈਕੰਡਰੀ ਵਰਗ ਵਿੱਚ ਜ਼ਿਲ੍ਹੇ ਦਾ ਖਰੜ-3 ਬਲਾਕ 11.42 ਫੀਸਦੀ ਵਾਧੇ ਨਾਲ ਪਹਿਲੇ, ਡੇਰਾਬੱਸੀ-1 ਬਲਾਕ 11.62 ਫੀਸਦੀ ਵਾਧੇ ਨਾਲ ਦੂਜੇ ਤੇ ਖਰੜ-1 ਬਲਾਕ 11.53 ਫੀਸਦ ਵਾਧੇ ਨਾਲ ਤੀਜੇ ਸਥਾਨ ’ਤੇ ਚੱਲ ਰਿਹਾ ਹੈ।
ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੇ ਲਗਾਤਾਰ ਦੂਜੇ ਸਾਲ ਹੋਏ ਵੱਡੇ ਵਾਧੇ ਬਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਜਰਨੈਲ ਸਿੰਘ ਕਾਲੇਕੇ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦਾ ਮਿਆਰ ਹਰ ਪੱਖੋਂ ਉੱਚਾ ਚੁੱਕਣ ਦੀ ਬਦੌਲਤ ਹੀ ਇਨ੍ਹਾਂ ਸਕੂਲਾਂ ‘ਚ ਵਿਦਿਆਰਥੀਆਂ ਦਾ ਵੱਡਾ ਵਾਧਾ ਹੋ ਰਿਹਾ ਹੈ। ਹਰ ਵਰਗ ਦੇ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਨੂੰ ਤਰਜ਼ੀਹ ਦੇਣ ਲੱਗੇ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਜਿੰਦਰ ਸਿੰਘ ਨੇ ਦੱਸਿਆ ਕਿ ਸਿੱਖਿਆ ਵਿਭਾਗ ਨੇ ਇਸ ਵਾਰ ਦਾਖਲਾ ਮੁਹਿੰਮ ਬਹੁਤ ਹੀ ਯੋਜਨਾਬੱਧ ਤਰੀਕੇ ਨਾਲ ਚਲਾਈ ਹੋਈ ਹੈ। ਵਿਭਾਗ ਵੱਲੋਂ ਜਿੱਥੇ ਰਵਾਇਤੀ ਸਾਧਨਾਂ ਨੁੱਕੜ ਨਾਟਕਾਂ, ਗੀਤਾਂ, ਮੇਲਿਆਂ, ਧਾਰਮਿਕ ਸਥਾਨਾਂ ਰਾਹੀਂ ਬੇਨਤੀਆਂ ਤੇ ਘਰ-ਘਰ ਜਾ ਕੇ, ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਬੱਚੇ ਦਾਖ਼ਲ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉੱਥੇ ਟੀਵੀ, ਰੇਡੀਓ, ਸੋਸ਼ਲ ਮੀਡੀਆ, ਪੋਸਟਰਾਂ, ਪੈੱਫਲਿਟਾਂ ਤੇ ਫਲੈਕਸਾਂ ਰਾਹੀਂ ਵੀ ਪ੍ਰਚਾਰ ਮੁਹਿੰਮ ਨੂੰ ਸਿਖਰਾਂ ’ਤੇ ਪਹੁੰਚਾ ਦਿੱਤਾ ਗਿਆ। ਮਾਪਿਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਦਿਖਾਉਣ ਲਈ ‘ਸਕੂਲ ਦਰਸ਼ਨ’ ਪ੍ਰੋਗਰਾਮ ਵੀ ਚਲਾਇਆ ਹੋਇਆ ਹੈ। ਇਸ ਮੁਹਿੰਮ ਸਦਕਾ ਹੀ ਨਿੱਜੀ ਸਕੂਲਾਂ ਤੋਂ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਲੈ ਚੁੱਕੇ ਹਨ ਅਤੇ ਇਹ ਸਿਲਸਿਲਾ ਅਜੇ ਚੱਲ ਰਿਹਾ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…