
ਸਿੱਖਾਂ ਦੇ ਮਸਲੇ: ਪੰਜਾਬ ਤੇ ਹਰਿਆਣਾ ਦੇ ਸਿੱਖ ਇੱਕਜੁੱਟ ਹੋ ਕੇ ਸਾਂਝੀ ਲੜਾਈ ਲੜਨ: ਦਾਦੂਵਾਲ
ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਸਿੱਖਾਂ ਦਾ ਪੱਕਾ ਮੋਰਚਾ ਜਾਰੀ
ਨਿਹੰਗ ਸਿੰਘਾਂ ਨੇ 16 ਤੋਂ ਸੰਘਰਸ਼ ਭਖਾਉਣ ਦਾ ਐਲਾਨ
ਭਾਈ ਅੰਮ੍ਰਿਤਪਾਲ ਸਿੰਘ ਨੇ ਵੀ 16 ਜਨਵਰੀ ਨੂੰ ਵੱਧ ਤੋਂ ਵੱਧ ਸੰਗਤ ਨੂੰ ਪਹੁੰਚਣ ਦੀ ਜ਼ੋਰਦਾਰ ਅਪੀਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਦਾ ਮਾਮਲਾ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਆਦਿ ਮੁੱਦਿਆਂ ’ਤੇ ਕੌਮੀ ਇਨਸਾਫ਼ ਮੋਰਚਾ, ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਕੜਾਕੇ ਦੀ ਠੰਢ ਵਿੱਚ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਲੜੀਵਾਰ ਧਰਨਾ ਜਾਰੀ ਹੈ। ਸਨਿੱਚਰਵਾਰ ਨੂੰ ਅੱਠਵੇਂ ਦਿਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਆਪਣੇ ਸਮਰਥਕਾਂ ਸਮੇਤ ਧਰਨੇ ਵਿੱਚ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਉਹ ਆਪਣੇ ਜਥੇ ਸਮੇਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਵਾਈ।
ਜਥੇਦਾਰ ਦਾਦੂਵਾਲ ਨੇ ਸਿੱਖਾਂ ਦੇ ਅਣਸੁਲਝੇ ਹੋਏ ਮਸਲਿਆਂ ਸਬੰਧੀ ਇਨਸਾਫ਼ ਲੈਣ ਲਈ ਪੰਜਾਬ ਤੇ ਹਰਿਆਣਾ ਦੇ ਸਿੱਖਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਸਿੱਖ ਮਸਲਿਆਂ ’ਤੇ ਬੋਲਦਿਆਂ ਕਿਹਾ ਕਿ ਦੇਸ਼ ਵਿੱਚ ਸਿੱਖ ਤੇ ਘੱਟ ਗਿਣਤੀ ਲੋਕ ਸੁਰੱਖਿਅਤ ਨਹੀਂ ਹਨ। ਸਿੱਖਾਂ ਲਈ ਕਾਨੂੰਨ ਵੀ ਵੱਖਰੇ ਬਣਾਏ ਗਏ ਹਨ। ਉਨ੍ਹਾਂ ਬੰਦੀ ਸਿੰਘਾਂ ਦੀ ਗੱਲ ਕਰਦਿਆਂ ਕਿਹਾ ਕਿ ਜਦੋਂ ਕੋਈ ਵਿਅਕਤੀ ਕਾਨੂੰਨ ਮੁਤਾਬਕ ਆਪਣੀ ਸਜ਼ਾ ਭੁਗਤ ਲਵੇ ਤਾਂ ਉਸ ਨੂੰ ਜੇਲ੍ਹ ਵਿੱਚ ਬੰਦੀ ਬਣਾ ਕੇ ਨਹੀਂ ਰੱਖਿਆ ਜਾ ਸਕਦਾ ਪ੍ਰੰਤੂ ਦੇਸ਼ ਦੇ ਹੁਕਮਰਾਨ ਸੁਰੱਖਿਆ ਦਾ ਮੁੱਦਾ ਬਣਾ ਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਰਾਹ ਵਿੱਚ ਦਿੱਕਤਾਂ ਖੜੀਆਂ ਕਰ ਰਹੇ ਹਨ।
ਇਸ ਮੌਕੇ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਿੱਖਾਂ ਨਾਲ ਸਬੰਧਤ ਚਾਰ ਕੌਮੀ ਮੁੱਦਿਆਂ ’ਤੇ ਪਿਛਲੇ ਲੰਮੇ ਸਮੇਂ ਤੋਂ ਸਰਕਾਰਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਅਣਦੇਖੀ ਕਰਦੀਆਂ ਆ ਰਹੀਆ ਹਨ। ਜਿਸ ਕਾਰਨ ਸਿੱਖਾਂ ਨੂੰ ਹੱਡ ਚੀਰਵੀਂ ਠੰਢ ਵਿੱਚ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਇਨਸਾਫ਼ ਲਈ ਸਿੱਖ ਹੁਣ ਸਰਕਾਰਾਂ ਨਾਲ ਆਰ-ਪਾਰ ਦੀ ਲੜਾਈ ਲੜਨ ਲਈ ਹੁਣ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਲਗਾ ਕੇ ਬੈਠ ਗਏ ਹਨ ਅਤੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਬੇਅਦਬੀ ਮਾਮਲਿਆਂ ਵਿੱਚ ਜ਼ਿੰਮੇਵਾਰ ਅਫ਼ਸਰਾਂ ਅਤੇ ਸਿਆਸੀ ਆਗੂਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਧਰਨੇ ਵਿੱਚ ਸਿੱਖ ਸੰਗਤ, ਨੌਜਵਾਨ ਵਰਗ ਅਤੇ ਨਿਹੰਗ ਸਿੰਘ ਜੁੜਨੇ ਸ਼ੁਰੂ ਹੋ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਸਿੱਖਾਂ ਦਾ ਇਹ ਧਰਨਾ ਜਨ ਅੰਦੋਲਨ ਦਾ ਰੂਪ ਧਾਰ ਲਵੇਗਾ।
ਅਕਾਲ ਯੂਥ ਦੇ ਸੇਵਾਦਾਰ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਦੱਸਿਆ ਕਿ ਪੱਕੇ ਮੋਰਚੇ ਵਾਲੀ ਥਾਂ ’ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰ ਦਿੱਤਾ ਗਿਆ ਹੈ ਅਤੇ ਰੋਜ਼ਾਨਾ ਦਿਨ ਤੇ ਦੇਰ ਰਾਤ ਤੱਕ ਢਾਡੀ ਵਾਰਾਂ ਅਤੇ ਕਥਾ ਵਿਚਾਰ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਨੂੰ ਭਖਾਉਣ ਲਈ ਸਿੱਖਾਂ ਅਤੇ ਨੌਜਵਾਨਾਂ ਦੀ ਲਾਮਬੰਦੀ ਲਈ ਵੱਖਵੱਖ ਆਗੂਆਂ ਵੱਲੋਂ ਨੁੱਕੜ ਮੀਟਿੰਗਾਂ ਕਰਨੀ ਸ਼ੁਰੂ ਕਰ ਦਿੱਤੀਆਂ ਹਨ।
ਉਧਰ, ਨਿਹੰਗ ਸਿੰਘਾਂ ਜਥੇਬੰਦੀ (96 ਕਰੋੜੀ) ਨੇ ਐਲਾਨ ਕੀਤਾ ਕਿ ਮਾਘੀ ਮੇਲੇ ਤੋਂ ਵਿਹਲੇ ਹੋ ਕੇ 16 ਜਨਵਰੀ ਨੂੰ ਮੁਹਾਲੀ ਵਿੱਖ ਸਿੱਖਾਂ ਦੇ ਸੰਘਰਸ਼ ਨੂੰ ਭਖਾਉਣ ਲਈ ਨਿਹੰਗ ਸਿੰਘਾਂ ਦੀਆਂ ਫੌਜਾਂ ਘੋੜਿਆਂ ਸਮੇਤ ਸ਼ਿਰਕਤ ਕਰਨਗੇ। ਇੰਜ ਹੀ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਵੀ ਸਿੱਖ ਸੰਗਤ ਅਤੇ ਨੌਜਵਾਨਾਂ ਨੂੰ 16 ਜਨਵਰੀ ਨੂੰ ਧਰਨੇ ਵਾਲੀ ਥਾਂ ’ਤੇ ਜੁੜਨ ਦੀ ਅਪੀਲ ਕੀਤੀ ਹੈ। ਦੱਸਿਆ ਗਿਆ ਹੈ ਕਿ ਇਸ ਦਿਨ ਭਾਈ ਅੰਮ੍ਰਿਤਪਾਲ ਸਿੰਘ ਵੀ ਧਰਨੇ ਵਿੱਚ ਸ਼ਮੂਲੀਅਤ ਕਰਨਗੇ।