
ਸਿੱਖ ਜਥੇਬੰਦੀਆਂ ਨੇ ਮੁਹਾਲੀ ਵਿੱਚ ‘ਗੁਲਾਮੀ ਦਿਵਸ’ ਮਨਾਇਆ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਗਸਤ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ ਅੱਜ ਆਜ਼ਾਦੀ ਦਿਵਸ ਨੂੰ ਵਿਸ਼ਵਾਸਘਾਤ ਦਿਵਸ (ਗੁਲਾਮੀ ਦਿਵਸ) ਵਜੋਂ ਮਨਾਇਆ ਗਿਆ ਅਤੇ ਪੁਲੀਸ ਰੋਕਾਂ ਕਾਰਨ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਅਕਾਲੀ ਦਲ (1920), ਦਲ ਖਾਲਸਾ, ਯੂਨਾਈਟਿਡ ਅਕਾਲੀ ਦਲ, ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਮਨੁੱਖ ਅਧਿਕਾਰ ਸੰਗਠਨਾਂ ਸਮੇਤ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਿੱਖ ਜਥੇਬੰਦੀਆਂ ਦੇ ਗੁਪਤ ਐਕਸ਼ਨ ਕਾਰਨ ਪੁਲੀਸ ਨੂੰ ਭਾਜੜਾਂ ਪੈ ਗਈਆਂ।
ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼-8 ਵਿੱਚ ਇਕੱਤਰ ਹੋਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਚੰਡੀਗੜ੍ਹ ਪ੍ਰਦੇਸ਼ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਸੀਨੀਅਰ ਮੀਤ ਪ੍ਰਧਾਨ ਗੁਰਨਾਮ ਸਿੰਘ ਸਿੱਧੂ, ਦਲ ਖਾਲਸਾ ਦੇ ਸੀਨੀਅਰ ਆਗੂ ਸਤਨਾਮ ਸਿੰਘ ਪਾਉਂਟਾ ਸਾਹਿਬ, ਅਕਾਲੀ ਦਲ (1920) ਦੇ ਜਨਰਲ ਸਕੱਤਰ ਬੂਟਾ ਸਿੰਘ ਰਣਸੀਂਹ, ਫੈਡਰੇਸ਼ਨ ਆਗੂ ਹਰਮਨਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਸੀਨੀਅਰ ਵਕੀਲ ਸਿਮਰਨ ਸਿੰਘ, ਸ਼ੇਰੇ ਪੰਜਾਬ ਸਵਰਾਜ ਅਭਿਆਨ ਦੇ ਪ੍ਰਧਾਨ ਕੁਲਦੀਪ ਸਿੰਘ ਵਿਰਕ, ਗੁਰਪ੍ਰੀਤ ਸਿੰਘ ਚੰਡੀਗੜ੍ਹ, ਅੰਗਰੇਜ਼ ਸਿੰਘ, ਜਗਵਿੰਦਰ ਸਿੰਘ ਸੇਖ਼ਪੁਰਾ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਬਲਬੀਰ ਸਿੰਘ ਸੋਹਾਣਾ ਸਮੇਤ ਹੋਰ ਆਗੂ ਹਾਜ਼ਰ ਸਨ। ਇਨ੍ਹਾਂ ਆਗੂਆਂ ਨੇ ਜਿਵੇਂ ਹੀ ਮੁੱਖ ਮੰਤਰੀ ਦੀ ਕੋਠੀ ਚੰਡੀਗੜ੍ਹ ਵੱਲ ਕੂਚ ਕੀਤਾ ਤਾਂ ਪੁਲੀਸ ਨੇ ਰਾਹ ਡੱਕ ਲਿਆ। ਜਿਸ ਕਾਰਨ ਸਿੱਖ ਆਗੂ ਸੜਕ ਦੇ ਕਿਨਾਰੇ ਧਰਨਾ ਲਗਾ ਕੇ ਬੈਠ ਗਏ।
ਆਗੂਆਂ ਨੇ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਬਰਗਾੜੀ ਮੋਰਚੇ ਦੌਰਾਨ ਮੁੱਖ ਮੰਤਰੀ ਨੇ ਦੋ ਕੈਬਨਿਟ ਸਾਥੀਆਂ ਨੂੰ ਧਰਨੇ ਵਾਲੀ ਥਾਂ ’ਤੇ ਭੇਜ ਕੇ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਡੱਕਣ ਦਾ ਭਰੋਸਾ ਦਿੱਤਾ ਸੀ ਲੇਕਿਨ ਹੁਣ ਤੱਕ ਅਸਲ ਦੋਸ਼ੀ ਫੜੇ ਨਹੀਂ ਗਏ ਹਨ, ਸਗੋਂ ਕਈ ਰਾਜਸੀ ਆਗੂਆਂ ਨੂੰ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਅੰਗਰੇਜ਼ ਹਕੂਮਤ ਤੋਂ ਆਜ਼ਾਦੀ ਹਾਸਲ ਕਰ ਲਈ ਹੈ ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਹੁਣ ਤੱਕ ਸਿੱਖਾਂ ਨਾਲ ਇਨਸਾਫ਼ ਨਹੀਂ ਕੀਤਾ। ਮੁਸਲਮਾਨਾਂ ਅਤੇ ਹਿੰਦੂਆਂ ਨੂੰ ਆਜ਼ਾਦ ਰਾਜ ਦੇ ਦਿੱਤੇ ਹਨ ਪ੍ਰੰਤੂ ਸਿੱਖਾਂ ਨੂੰ ਭਾਰਤ ਅਤੇ ਪਾਕ ਵੰਡ ਦੌਰਾਨ ਦੋ ਹਿੱਸਿਆਂ ਵਿੱਚ ਵੰਡ ਕੇ ਰੱਖ ਦਿੱਤਾ। 1947 ਦੀ ਵੰਡ ਤੋਂ ਬਾਅਦ ਨਵੰਬਰ 1984 ਦੇ ਜ਼ਖ਼ਮ ਹਾਲੇ ਵੀ ਅੱਲ੍ਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਵੱਲੋਂ ਸਿੱਖਾਂ ਪ੍ਰਤੀ ਨਫ਼ਰਤ ਦੀ ਨੀਅਤ ਨਾਲ ਕਾਲੇ ਕਾਨੂੰਨ ਲਾਗੂ ਕਰਕੇ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।