ਸਿੱਖ ਪ੍ਰਦਰਸ਼ਨ: ਮੁਹਾਲੀ ਪੁਲੀਸ ਵੱਲੋਂ ਵਾਈਪੀਐਸ ਚੌਕ ਦੀ ਘੇਰਾਬੰਦੀ, 3 ਐਸਪੀ, 15 ਡੀਐਸਪੀ ਤਾਇਨਾਤ

ਇਨਸਾਫ਼ ਪਸੰਦ ਲੋਕ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਉਣ ਤੇ ਰੋਸ ਮਾਰਚ ਕਰਨ ਲਈ ਬਜਿੱਦ, ਪੁਲੀਸ ਪੱਬਾਂ ਭਾਰ

ਦਲਿਤ ਸੰਗਠਨਾਂ ਵੱਲੋਂ ਭਾਈਚਾਰੇ ਨੂੰ ਆਪਣੇ ਘਰਾਂ ਦੇ ਬਨੇਰਿਆਂ ਉੱਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ

ਨਬਜ਼-ਏ-ਪੰਜਾਬ, ਮੁਹਾਲੀ, 14 ਅਗਸਤ:
ਬੰਦੀ ਸਿੰਘਾਂ ਦੀ ਰਿਹਾਈ, 328 ਲਾਪਤਾ ਸਰੂਪ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਲਈ ਜ਼ਿੰਮੇਵਾਰ ਪੁਲੀਸ ਅਤੇ ਸਿਆਸੀ ਆਗੂਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚਾ ਵੱਲੋਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ’ਤੇ ਪੱਕਾ ਮੋਰਚਾ ਜਾਰੀ ਹੈ। ਸਿੱਖ ਆਗੂ ਅਤੇ ਇਨਸਾਫ਼ ਪਸੰਦ ਲੋਕ ਬੀਤੀ 7 ਜਨਵਰੀ ਤੋਂ ਲੜੀਵਾਰ ਧਰਨੇ ’ਤੇ ਬੈਠੇ ਹਨ।
ਉਧਰ, ਕੌਮੀ ਇਨਸਾਫ਼ ਮੋਰਚਾ ਦੀ ਅਪੀਲ ’ਤੇ ਪ੍ਰਦਰਸ਼ਨਕਾਰੀ ਭਲਕੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਉਣ ਅਤੇ ਰੋਸ ਮਾਰਚ ਕਰਨ ਲਈ ਬਜਿੱਦ ਹਨ। ਸਿੱਖਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਮੁਹਾਲੀ ਪੁਲੀਸ ਵੱਲੋਂ ਵਾਈਪੀਐਸ ਅਤੇ ਨੇੜਲੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਹੈ ਅਤੇ ਸਿੱਖਾਂ ਨੂੰ ਗੱਲੀਬਾਤੀ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪ੍ਰੰਤੂ ਮੋਰਚੇ ਦੇ ਆਗੂ ਅਤੇ ਸੰਗਤ ਕਾਲੇ ਤੇ ਕੇਸਰੀ ਝੰਡੇ ਲੈ ਕੇ ਰੋਸ ਮਾਰਚ ਕਰਨ ਲਈ ਬਜਿੱਦ ਹੈ।
ਇਸ ਮੌਕੇ ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਜਸਵਿੰਦਰ ਸਿੰਘ ਰਾਜਪੁਰਾ, ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ ਜੰਡਿਆਲਾ, ਗੁਰਸ਼ਰਨ ਸਿੰਘ ਧਾਲੀਵਾਲ ਨੇ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਸਮੇਤ ਰੋਸ ਮਾਰਚ ਵਿੱਚ ਸ਼ਮੂਲੀਅਤ ਕਰਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਕਿਸੇ ਕਿਸਮ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੈਦਾ ਹੋਏ ਹਾਲਾਤਾਂ ਲਈ ਹੁਕਮਰਾਨ ਖ਼ੁਦ ਜ਼ਿੰਮੇਵਾਰ ਹੋਣਗੇ। ਉਂਜ ਉਨ੍ਹਾਂ ਭਰੋਸਾ ਦਿੱਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਮਾਰਚ ਕੀਤਾ ਜਾਵੇਗਾ।
ਮੁਹਾਲੀ ਦੇ ਐਸਪੀ (ਪੀਆਈਬੀ) ਜਗਜੀਤ ਸਿੰਘ ਜੱਲ੍ਹਾ ਨੇ ਦੱਸਿਆ ਕਿ ਰੋਸ ਮਾਰਚ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ। ਉਨ੍ਹਾਂ ਦੱਸਿਆ ਕਿ ਸਿੱਖ ਪ੍ਰਦਰਸ਼ਨ ਦੌਰਾਨ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪੱਕੇ ਮੋਰਚੇ ਵਾਲੀ ਥਾਂ ’ਤੇ ਉਨ੍ਹਾਂ ਸਮੇਤ ਤਿੰਨ ਐਸਪੀ ਮੋਰਚਾ ਸੰਭਾਲਣਗੇ ਜਦੋਂਕਿ 15 ਡੀਐਸਪੀ, 145 ਇੰਸਪੈਕਟਰ ਤੇ ਸਬ ਇੰਸਪੈਕਟਰ ਅਤੇ 185 ਐਨਜੀਓਜ਼ ਵੀ ਤਾਇਨਾਤ ਰਹਿਣਗੇ।
ਉਧਰ, ਦੂਜੇ ਪਾਸੇ ਪੰਜਾਬ ਦੀਆਂ ਵੱਖ-ਵੱਖ ਦਲਿਤ ਜਥੇਬੰਦੀਆਂ ਵੱਲੋਂ ਜਾਅਲੀ ਐਸਸੀ ਸਰਟੀਫਿਕੇਟਾਂ ਦੀ ਉੱਚ ਪੱਧਰੀ ਜਾਂਚ ਦੀ ਮੰਗ ਨੂੰ ਲੈ ਕੇ ਪ੍ਰੋ. ਹਰਨੇਕ ਸਿੰਘ ਦੀ ਅਗਵਾਈ ਹੇਠ ਇੱਥੋਂ ਦੇ ਫੇਜ਼-1 ਸਥਿਤ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀਆਂ ਭਲਾਈ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੇ ਬਾਹਰ ਲਾਇਆ ਪੱਕਾ ਮੋਰਚਾ ਸੋਮਵਾਰ ਨੂੰ 117ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਦਲਿਤ ਵਰਗ ਦੇ ਲੋਕਾਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਹੁਣ ਆਪਣੇ ਪਰਿਵਾਰਾਂ ਸਣੇ ਸ਼ਮੂਲੀਅਤ ਕਰਨੀ ਸ਼ੁਰੂ ਕਰ ਦਿੱਤੀ ਹੈ। ਪ੍ਰੋ. ਹਰਨੇਕ ਸਿੰਘ ਨੇ ਸਮੁੱਚੇ ਦਲਿਤ ਸਮਾਜ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਲਕੇ 15 ਅਗਸਤ ਨੂੰ ਆਜ਼ਾਦੀ ਦਿਹਾੜਾ ਕਾਲੇ ਦਿਨ ਵਜੋਂ ਮਨਾਇਆ ਜਾਵੇ ਅਤੇ ਇਸ ਦਿਨ ਆਪਣੇ ਘਰਾਂ ਦੇ ਬਨੇਰਿਆਂ ਉੱਤੇ ਕਾਲੇ ਝੰਡੇ ਲਹਿਰਾ ਕੇ ਰੋਸ ਪ੍ਰਗਟ ਕੀਤਾ ਜਾਵੇ। ਦਲਿਤਾਂ ਹੀ ਅੱਜ ਹੀ ਆਪਣੇ ਘਰਾਂ ਅਤੇ ਦਫ਼ਤਰਾਂ ਦੇ ਬਨੇਰਿਆਂ ’ਤੇ ਕਾਲੇ ਝੰਡੇ ਲਹਿਰਾਉਣੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਜਾਅਲੀ ਜਾਤੀ ਸਰਟੀਫਿਕੇਟ ਬਣਾਉਣ ਵਾਲੇ ਅਫ਼ਸਰਾਂ ਅਤੇ ਗੈਰ ਕਾਨੂੰਨੀ ਤਰੀਕੇ ਨਾਲ ਸਰਕਾਰੀ ਲਾਭ ਲੈਣ ਵਾਲੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਨਹੀਂ ਡੱਕਿਆਂ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …