ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਮਿਲਣ ’ਤੇ ਭਾਜਪਾ ਵੱਲੋਂ ਸ਼ੁਕਰਾਨਾ ਸਮਾਗਮ

ਮਨਜਿੰਦਰ ਸਿੰਘ ਸਿਰਸਾ, ਮਨਪ੍ਰੀਤ ਬਾਦਲ, ਸਤਨਾਮ ਸੰਧੂ ਤੇ ਹੋਰਨਾਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਵੱਲੋਂ ਨਵੰਬਰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਹੱਤਿਆ ਦੇ ਕੇਸ ਵਿੱਚ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ’ਤੇ ਭਾਜਪਾ ਦੀ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿਖੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਦੀ ਅਗਵਾਈ ਹੇਠ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਕੀਤਾ।
ਇਸ ਮੌਕੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਅਤੇ ਸਾਬਕਾ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਸਾਰੀਆਂ ਦਾ ਸਵਾਗਤ ਕੀਤਾ। ਇਸ ਮੌਕੇ ਬੋਲਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਲਈ ਭਾਜਪਾ ਸਰਕਾਰ ਵੱਲੋਂ ਅਦਾਲਤ ਵਿੱਚ ਯੋਗ ਪੈਰਵੀ ਕੀਤੀ ਗਈ ਅਤੇ ਸਿੱਖਾਂ ਦੇ ਜ਼ਖ਼ਮਾਂ ’ਤੇ ਮਲ੍ਹਮ ਲਾਇਆ ਗਿਆ। ਜਦੋਂਕਿ ਕਾਂਗਰਸ ਦੀਆਂ ਸਰਕਾਰਾਂ ਹਮੇਸ਼ਾ ਸੱਜਣ ਕੁਮਾਰ ਨੂੰ ਸਜਾ ਤੋਂ ਬਚਾਉਂਦੀਆਂ ਰਹੀਆਂ ਹਨ। ਕੈਬਨਿਟ ਮੰਤਰੀ ਸਿਰਸਾ ਨੇ ਭਾਜਪਾ ਵਰਕਰਾਂ ਨੂੰ ਪੰਜਾਬ ਵਿੱਚ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇ।
ਸਮਾਗਮ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਸਾਹਿਬ ਦੇ ਦਫ਼ਤਰ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ਸ਼ੀਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਬਣਦੀ ਕਾਰਵਾਈ ਦਾ ਭਰੋਸਾ ਦਿੱਤਾ। ਸਿਰਸਾ ਨੇ ਨਿਹੰਗ ਸਿੰਘਾਂ ਅਤੇ ਹੋਰ ਸਿੱਖ ਆਗੂਆਂ ਨਾਲ ਵੀ ਗੱਲਬਾਤ ਕੀਤੀ।
ਇਸ ਮੌਕੇ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਮੈਂਬਰਸ਼ਿਪ ਇੰਚਾਰਜ ਹਲਕਾ ਘਨੌਰ ਹਰਵਿੰਦਰ ਸਿੰਘ ਹਰਪਾਲਪੁਰ, ਐਨਕੇ ਵਰਮਾ, ਕਮਲਦੀਪ ਸੈਣੀ, ਹਰਦੇਵ ਸਿੰਘ ਉੱਭਾ, ਅਸ਼ੋਕ ਝਾਅ, ਤਾਹਿਲ ਸ਼ਰਮਾ, ਅਸ਼ਮਨ ਅਰੋੜਾ, ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪ੍ਰਦੀਪ ਸਿੰਘ ਭਾਰਜ, ਕੌਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਦੇ ਆਗੂ ਬਲਵਿੰਦਰ ਸਿੰਘ ਭਾਊ, ਬਾਬਾ ਨਰਿੰਦਰ ਸਿੰਘ, ਕਿਸਾਨ ਆਗੂ ਤੇਜਿੰਦਰ ਸਿੰਘ ਪੂਨੀਆ ਤੇ ਨਛੱਤਰ ਸਿੰਘ ਬੈਦਵਾਨ, ਸਾਬਕਾ ਕੌਂਸਲਰ ਮਨਮੋਹਨ ਕੌਰ, ਜਸਪਾਲ ਸਿੰਘ ਸਮੇਤ ਭਾਜਪਾ ਦੇ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸਵੈ-ਰੁਜ਼ਗਾਰ ਸਕੀਮ: ‘ਆਪ’ ਵਿਧਾਇਕ ਲੋੜਵੰਦ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

ਸਵੈ-ਰੁਜ਼ਗਾਰ ਸਕੀਮ: ‘ਆਪ’ ਵਿਧਾਇਕ ਲੋੜਵੰਦ ਅੌਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਨਬਜ਼-ਏ-ਪੰਜਾਬ, ਮੁਹਾਲੀ, 6 …