Nabaz-e-punjab.com

ਸਿੱਖ ਕਤਲੇਆਮ: ਸੱਜਣ ਕੁਮਾਰ ਖ਼ਿਲਾਫ਼ ਮੁੱਖ ਗਵਾਹ ਤੇਜਿੰਦਰ ਸਿੰਘ ਨੂੰ ਵੱਖ ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਟ

ਤੇਜਿੰਦਰ ਸਿੰਘ ਨੇ 35 ਸਾਲ ਮੰਜੇ ’ਤੇ ਜ਼ਿੰਦਗੀ ਅਤੇ ਮੌਤ ਨਾਲ ਸੰਘਰਸ਼ ਕਰਕੇ ਗੁਜ਼ਾਰੇ: ਪੀਰ ਮੁਹੰਮਦ

ਬਾਦਲ ਦਲ ਨੇ ਨਵੰਬਰ 84 ਦੇ ਗਵਾਹ ਦੀ ਅੰਤਿਮ ਅਰਦਾਸ ਮੌਕੇ ਗੈਰ ਹਾਜ਼ਰ ਰਹਿ ਕੇ ਪੀੜਤ ਪਰਿਵਾਰ ਨੂੰ ਵਿਸਾਰਿਆ: ਰਿਆੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ:
ਇੱਥੋਂ ਦੇ ਨਜ਼ਦੀਕੀ ਪਿੰਡ ਬਲੌਂਗੀ ਵਿੱਚ ਰਹਿੰਦੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਇਕ ਹੋਰ ਗਵਾਹ ਭਾਈ ਤੇਜਿੰਦਰ ਸਿੰਘ ਜਿਨ੍ਹਾਂ ਦੀ ਪਿਛਲੇ ਦਿਨੀਂ ਪੀਜੀਆਈ ਵਿੱਚ ਮੌਤ ਹੋ ਗਈ ਸੀ, ਉਨ੍ਹਾਂ ਨਮਿੱਤ ਅੰਤਿਮ ਅਰਦਾਸ਼ ਅਤੇ ਸ਼ਰਧਾਂਜਲੀ ਸਮਾਰੋਹ ਅੱਜ ਗੁਰਦੁਆਰਾ ਸੰਤ ਸਮੀਰ ਸਿੰਘ ਜੀ ਬਲੌਂਗੀ ਵਿੱਚ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਕੌਮੀ ਜਨਰਲ ਸਕੱਤਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਲ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਕਿ ਸਿੱਖ ਕਤਲੇਆਮ ਨੂੰ ਸਾਢੇ ਤਿੰਨ ਦਹਾਕੇ ਬੀਤ ਜਾਣ ਦੇ ਬਾਵਜੂਦ ਅਜੇ ਤਾਈ ਦੋਸ਼ੀਆਂ ਨੂੰ ਕਾਨੂੰਨ ਤਹਿਤ ਸਖ਼ਤ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਹਨ ਅਤੇ ਪੀੜਤ ਪਰਿਵਾਰਾਂ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਨਸਲਕੁਸ਼ੀ ਦੇ ਗਵਾਹ ਤੇਜਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਿਸੇ ਨੁਮਾਇੰਦੇ ਦਾ ਨਾ ਪਹੁੰਚਣਾ ਬਹੁਤ ਮਾੜੀ ਗੱਲ ਹੈ। ਉਨ੍ਹਾਂ ਕਿਹਾ ਕਿ ਤੇਜਿੰਦਰ ਸਿੰਘ ਬਲੌਂਗੀ ਨੇ 35 ਸਾਲ ਮੰਜੇ ’ਤੇ ਜ਼ਿੰਦਗੀ ਅਤੇ ਮੌਤ ਨਾਲ ਸੰਘਰਸ਼ ਕਰਕੇ ਗੁਜ਼ਾਰੇ ਹਨ ਪਰ ਦੋਸ਼ੀਆਂ ਨੂੰ ਸਜ਼ਾਵਾ ਦਿਵਾਉਣ ਲਈ ਹੁਣ ਉਹ ਆਪਣੀ ਜ਼ਿੰਦਗੀ ਤੋਂ ਵੀ ਹਾਰ ਗਏ ਹਨ।
ਚੰਡੀਗੜ੍ਹ ਤੋਂ ਐਸਜੀਪੀਸੀ ਦੇ ਸਾਬਕਾ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਰਿਆੜ ਨੇ ਕਿਹਾ ਬਾਦਲ ਦਲ ਨੇ ਸਿਰਫ਼ ਨਵੰਬਰ 1984 ਸਿੱਖ ਨਸਲਕੁਸ਼ੀ ਉੱਤੇ ਰਾਜਨੀਤੀ ਕਰਕੇ ਨਿੱਜੀ ਅਤੇ ਸਿਆਸੀ ਲਾਹਾ ਲਿਆ ਹੈ ਪਰ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੀ ਬਾਂਹ ਨਹੀਂ ਫੜੀ ਅਤੇ ਹਮੇਸ਼ਾ ਹੀ ਪੀੜਤ ਪਰਿਵਾਰਾਂ ਦੀ ਸਹਾਇਤਾ ਤੋਂ ਮੁਨਕਰ ਹੀ ਰਿਹਾ ਹੈ ਅਤੇ ਅੱਜ ਵੀ ਸਿੱਖ ਕਤਲੇਆਮ ਲਈ ਜ਼ਿੰਮੇਵਾਰ ਕਾਂਗਰਸ ਆਗੂ ਸੱਜਣ ਕੁਮਾਰ ਦੇ ਖ਼ਿਲਾਫ਼ ਗਵਾਹ ਬਣੇ ਤੇਜਿੰਦਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੀ ਬਾਦਲ ਦਲ ਦਾ ਕੋਈ ਨੁਮਾਇੰਦਾ ਨਜ਼ਰ ਨਹੀਂ ਆਇਆ ਹੈ। ਉਨ੍ਹਾਂ ਪੀੜਤ ਪਰਿਵਾਰ ਨੂੰ ਹੌਸਲਾ ਦਿੰਦਿਆਂ ਕਿਹਾ ਕਿ ਉਹ ਹਰ ਸੰਭਵ ਸਹਾਇਤਾ ਕਰਨ ਲਈ ਹਮੇਸ਼ਾ ਤਤਪਰ ਰਹਿਣਗੇ।
ਇਸ ਮੌਕੇ ਪੰਜਾਬ ਯੂਥ ਕਾਂਗਰਸ ਦੇ ਮੁੱਖ ਬੁਲਾਰੇ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਕੰਵਰਬੀਰ ਸਿੰਘ ਸਿੱਧੂ, ਨੰਬਰਦਾਰ ਤਰਲੋਚਨ ਸਿੰਘ ਮਾਨ, ਬੀ ਐਸ ਪ੍ਰੇਮੀ, ਬਲਾਕ ਸੰਮਤੀ ਦੇ ਮੈਂਬਰ ਸੁਰਜੀਤ ਸਿੰਘ ਗਰੇਵਾਲ, ਸਰਪੰਚ ਸੂਰਜਾ ਦੇਵੀ, ਦਿਨੇਸ਼ ਚੰਦ ਬਲੌਗੀ, ਜਥੇਦਾਰ ਪੂਰਨ ਸਿੰਘ, ਪ੍ਰੇਮ ਸਿੰਘ, ਕੁਲਦੀਪ ਸਿੰਘ ਬਿੱਟੂ, ਬਾਲਾ ਜੀ, ਵਿਜੇ ਪਾਠਕ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਮਰਹੂਮ ਤੇਜਿੰਦਰ ਸਿੰਘ ਦੇ ਵੱਡੇ ਭਰਾ ਮਨਜੀਤ ਸਿੰਘ ਬਲੌਂਗੀ ਨੇ ਸ਼ਰਧਾਂਜਲੀ ਸਮਾਰੋਹ ਵਿੱਚ ਪੁੱਜੀਆਂ ਉੱਘੀਆਂ ਸ਼ਖ਼ਸੀਅਤਾਂ ਅਤੇ ਸਥਾਨਕ ਆਗੂਆਂ ਦਾ ਧੰਨਵਾਦ ਕੀਤਾ।
ਜ਼ਿਕਰਯੋਗ ਹੈ ਕਿ ਨਵੰਬਰ 1984 ਵਿੱਚ ਸਿੱਖ ਕਤਲੇਆਮ ਦੌਰਾਨ ਇਹ ਪਰਿਵਾਰ ਗੁਲਾਬ ਬਾਗ ਨਵੀਂ ਦਿੱਲੀ ਵਿੱਚ ਰਹਿੰਦਾ ਸੀ। ਤੇਜਿੰਦਰ ਸਿੰਘ ਅਤੇ ਉਸ ਦਾ ਵੱਡਾ ਭਰਾ ਗੁਰਚਰਨ ਸਿੰਘ ਦੋਵੇਂ ਕਾਂਗਰਸ ਆਗੂ ਸੱਜਣ ਕੁਮਾਰ ਦੇ ਖ਼ਿਲਾਫ਼ ਗਵਾਹ ਸਨ। ਕਰੀਬ 10 ਸਾਲ ਪਹਿਲਾਂ ਦਸੰਬਰ 2009 ਵਿੱਚ ਤੇਜਿੰਦਰ ਸਿੰਘ ਦੇ ਭਰਾ ਤੇ ਸਿੱਖ ਕਤਲੇਆਮ ਦੇ ਮੁੱਖ ਗਵਾਹ ਗੁਰਚਰਨ ਸਿੰਘ ਦੀ ਮੌਤ ਹੋ ਗਈ ਸੀ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…