nabaz-e-punjab.com

ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਲਈ ਮਜਬੂਰ ਕੀਤਾ ਤਾਂ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਵਿੱਢਾਂਗੇ ਸੰਘਰਸ਼: ਜਥੇਦਾਰ ਕੁੰਭੜਾ

ਸ਼੍ਰੋਮਣੀ ਅਕਾਲੀ ਦਲ ਅਤੇ ਸਮੂਹ ਗੁਰਦੁਆਰਾ ਤਾਲਮੇਲ ਕਮੇਟੀਆਂ ਵੱਲੋਂ ਮਿਲ ਕੇ ਕੀਤਾ ਜਾਵੇਗਾ ਸੰਘਰਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਭਾਰਤ ਨੂੰ ਆਜ਼ਾਦ ਹੋਏ ਕਰੀਬ 70 ਸਾਲ ਦਾ ਸਮਾਂ ਬੀਤ ਚੁੱਕਾ ਹੈ ਪ੍ਰੰਤੂ ਸਿੱਖਾਂ ਉਤੇ ਵੱਖ ਵੱਖ ਢੰਗਾਂ ਨਾਲ ਕਾਲੇ ਕਾਨੂੰਨ ਅੱਜ ਵੀ ਜ਼ਬਰਦਸਤੀ ਢੰਗ ਨਾਲ ਲਾਗੂ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਦੋਪਹੀਆ ਵਾਹਨ ਚਲਾਉਣ ਵਾਲੀਆਂ ਸਿੱਖ ਬੀਬੀਆਂ ਨੂੰ ਲੋਹ ਟੋਪ (ਹੈਲਮਟ) ਪਹਿਨਾਉਣ ਲਈ ਜ਼ਬਰਦਸਤੀ ਕਰਨਾ ਅਜਿਹੇ ਹੀ ਕਾਲੇ ਕਾਨੂੰਨਾਂ ਵਿਚੋਂ ਇੱਕ ਮੰਨਿਆ ਜਾ ਸਕਦਾ ਹੈ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਸ਼ਹਿਰ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਹੈਲਮਟ ਦੇ ਸਬੰਧ ਵਿਚ ਅਕਾਲੀ ਦਲ ਅਤੇ ਮੋਹਾਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਨਾਲ ਸਬੰਧਿਤ ਤਾਲਮੇਲ ਕਮੇਟੀਆਂ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਜਥੇਦਾਰ ਕੁੰਭੜਾ ਨੇ ਕਿਹਾ ਕਿ ਜੇਕਰ ਚੰਡੀਗੜ੍ਹ ਪ੍ਰਸ਼ਾਸਨ ਨੇ ਸਿੱਖ ਬੀਬੀਆਂ ਨੂੰ ਹੈਲਮਟ ਪਹਿਨਣ ਤੋਂ ਛੋਟ ਨਾ ਦਿੱਤੀ ਤਾਂ ਸਿੱਖ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਪ੍ਰਸ਼ਾਸਨ ਖਿਲਾਫ਼ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਸਿੰਘ ਸਾਹਿਬਾਨ ਦੇ ਦਿੱਤੇ ਬਿਆਨ ਤੋਂ ਬਾਅਦ ਜਿਹੜੀਆਂ ਸਿੱਖ ਬੀਬੀਆਂ ਦੇ ਨਾਮ ਪਿੱਛੇ ਸ਼ਬਦ ‘ਕੌਰ’ ਲਗਦਾ ਹੈ, ਉਨ੍ਹਾਂ ਬੀਬੀਆਂ ਨੂੰ ਹੈਲਮਟ ਪਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਅਕਾਲੀ ਦਲ ਦੇ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ ਨੇ ਕਿਹਾ ਕਿ ਹੈਲਮਟ ਦੇ ਮਾਮਲੇ ਸਬੰਧੀ ਸੁਪਰੀਮ ਕੋਰਟ ਦੇ ਦਿੱਤੇ ਫ਼ੈਸਲੇ ਨੂੰ ਨਜ਼ਰਅੰਦਾਜ਼ ਕਰਕੇ ਸਿੱਖ ਬੀਬੀਆਂ ਨੂੰ ਜ਼ਬਰਦਸਤੀ ਹੈਲਮਟ ਪਹਿਨਾਉਣ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਸਿੱਖ ਰਹਿਤ ਮਰਿਆਦਾ ਮੁਤਾਬਕ ਕੋਈ ਵੀ ਕੇਸਧਾਰੀ ਸਿੱਖ ਮਰਦ ਜਾਂ ਅੌਰਤ ਲਈ ਹੈਲਮਟ ਪਹਿਨਣਾ ਸਿੱਖੀ ਸਿਧਾਂਤਾਂ ਦੀ ਉਲੰਘਣਾ ਹੈ। ਸਿੱਖ ਬੀਬੀਆਂ ਦੀ ਸ਼ਿਨਾਖ਼ਤ ਦਸਤਾਰਧਾਰੀ ਜਾਂ ਗੈਰ-ਦਸਤਾਰਧਾਰੀ ਨਾਲ ਨਹੀਂ ਜੋੜਿਆ ਜਾ ਸਕਦਾ। ਸੰਨ 2004 ਵਿਚ ਸੁਪਰੀਮ ਕੋਰਟ ਨੇ ਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਤੋਂ ਛੋਟ ਦਿੱਤੀ ਸੀ।
ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਮਾਨ, ਕੁਲਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਕਮੇਟੀ ਸੈਕਟਰ 69, ਚੰਨਣ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ਸੈਕਟਰ 66, ਨਿਸ਼ਾਨ ਸਿੰਘ, ਅਮਰਜੀਤ ਸਿੰਘ ਪਾਹਵਾ ਪ੍ਰਧਾਨ ਫੇਜ਼ 4 ਗੁਰਦੁਆਰਾ, ਮਹਿੰਦਰ ਸਿੰਘ ਕਾਨਪੁਰੀ, ਅਕਾਲੀ ਦਲ ਵੱਲੋਂ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ, ਬੀ.ਸੀ. ਵਿੰਗ ਦੇ ਪ੍ਰਧਾਨ ਗੁਰਮੁਖ ਸਿੰਘ ਸੋਹਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Protest

Check Also

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ

ਡੀਸੀ ਦਫ਼ਤਰ ਬਾਹਰ ਪੰਜਾਬ ਦੀ ‘ਆਪ’ ਸਰਕਾਰ ਖ਼ਿਲਾਫ਼ ਗਰਜ਼ੇ ਪੈਨਸ਼ਨਰ ਬਾਬੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂ…