
ਹਕੂਮਤਾਂ ਜਿੰਨੀਆਂ ਵੀ ਤਾਕਤਵਰ ਹੋਣ ਸਿੱਖਾਂ ਨੂੰ ਦਬਾਇਆ ਨਹੀਂ ਜਾ ਸਕਦਾ: ਜਥੇਦਾਰ
ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ’ਚ ਭਰੀ ਹਾਜ਼ਰੀ
ਹਰਸ਼ਬਾਬ ਸਿੱਧੂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ:
ਸ੍ਰੀ ਗੁਰੂ ਗ੍ਰੰਥ ਸਾਹਿਬ ਮਹਿਜ਼ ਇੱਕ ਗ੍ਰੰਥ ਨਹੀਂ ਹੈ ਬਲਕਿ ਸ਼ਬਦ ਗੁਰੂ ਹੈ, ਜੋ ਸਾਨੂੰ ਚੰਗਾ ਜੀਵਨ ਜਿਊਣ ਦੀ ਸੇਧ ਦਿੰਦਾ ਹੈ, ਪ੍ਰੰਤੂ ਸਿੱਖ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦੀ ਥਾਂ ਉਲਟਾ ਗੁਰੂ ਤੋਂ ਮਨਫ਼ੀ ਹੋ ਰਹੇ ਹਨ। ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਵਿੱਚ ਅਫਰਾ-ਤਫਰੀ, ਹਉਮੈ ਅਤੇ ਹੰਕਾਰ ਵੱਧ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇੱਥੇ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਹ ਇੱਥੋਂ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਫੇਜ਼-3ਬੀ1 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸੀ। ਉਨ੍ਹਾਂ ਕਿਹਾ ਕਿ ਕਈ ਲੋਕ ਇਹ ਕਹਿ ਰਹੇ ਹਨ ਕਿ ਜੇ ਇਹੀ ਹਾਲਾਤ ਬਣੇ ਰਹੇ ਤਾਂ ਸਿੱਖ ਖ਼ਤਮ ਹੋ ਜਾਣਗੇ।
ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕਦੇ ਵੀ ਖ਼ਤਮ ਨਹੀਂ ਹੋ ਸਕਦੇ ਹਨ, ਬਸ਼ਰਤੇ ਜੇਕਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾ ਲੈਣ। ਕਿਉਂਕਿ ਬਹੁਤੇ ਸਿੱਖ ਆਪਣੀ ਜ਼ਿੰਦਗੀ ’ਚੋਂ ਗੁਰੂ ਨੂੰ ਮਨਫ਼ੀ ਕਰਕੇ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਕੂਮਤਾਂ ਜਿੰਨੀਆਂ ਵੀ ਤਾਕਤਵਰ ਕਿਉਂ ਨਾ ਹੋਣ ਉਹ ਕਦੇ ਵੀ ਸਿੱਖਾਂ ਨੂੰ ਦਬਾਇਆ ਨਹੀਂ ਜਾ ਸਕਦਾ ਹੈ। ਜਦੋਂ ਤੱਕ ਸਿੱਖ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਂਦੇ ਰਹਿਣਗੇ ਉਨ੍ਹਾਂ ਦਾ ਕੋਈ ਕੁੱਝ ਨਹੀਂ ਵਿਗਾੜ ਸਕਦਾ। ਇਸ ਮੌਕੇ ਦੀਵਾਨ ਹਾਲ ਵਿੱਚ ਕੁਰਸੀਆਂ ਲਗਾਉਣ ਦੀ ਕਾਰਵਾਈ ਦਾ ਵਿਰੋਧ ਕਰਦਿਆਂ ਜਥੇਦਾਰ ਨੇ ਕਿਹਾ ਕਿ ਜਿਸ ਦੀ ਜਿੰਨੀ ਸਮਰਥਾ ਹੈ, ਉਸ ਨੂੰ ਉੱਨੀ ਦੇਰ ਤੱਕ ਭੁੰਜੇ ਬੈਠ ਕੇ ਗੁਰੂ ਦੇ ਦਰਸ਼ਨ ਕਰਨੇ ਚਾਹੀਦੇ ਹਨ।
ਅਖੀਰ ਵਿੱਚ ਸਮਾਗਮ ਦੇ ਪ੍ਰਬੰਧਕਾਂ ਭਾਈ ਆਰਪੀ ਸਿੰਘ, ਪ੍ਰੋ. ਮੇਹਰ ਸਿੰਘ ਮੱਲ੍ਹੀ, ਬਲਵਿੰਦਰ ਸਿੰਘ ਟੌਹੜਾ, ਬਲਵਿੰਦਰ ਸਿੰਘ ਸਾਗਰ, ਸੋਹਨ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਹੋਰਨਾਂ ਨੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।