
ਸਿਮਰਨ ਕੌਰ ਚੀਮਾ ਨੇ ਕੁਰਾਲੀ ਨਗਰ ਕੌਂਸਲ ਦੇ ਮੀਤ ਪ੍ਰਧਾਨ ਦਾ ਅਹੁਦਾ ਸੰਭਾਲਿਆ
ਡੈਵਿਟ ਵਰਮਾ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਅਪਰੈਲ:
ਕੁਰਾਲੀ ਨਗਰ ਕੌਂਸਲ ਦੀ ਮੀਤ ਪ੍ਰਧਾਨ ਦਾ ਅਹੁਦਾ ਅੱਜ ਸਿਮਰਨ ਕੌਰ ਚੀਮਾ ਨੇ ਸੰਭਾਲ ਲਿਆ ਹੈ। ਇਸ ਮੌਕੇ ਮੌਜੂਦ ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਨੇ ਉਨ੍ਹਾਂ ਨੂੰ ਕੁਰਸੀ ’ਤੇ ਵਿਰਾਜ਼ਮਾਨ ਕੀਤਾ ਅਤੇ ਫੁੱਲਾਂ ਦੇ ਹਾਰ ਪਹਿਨਾਉਣ ਤੋਂ ਬਾਅਦ ਮੈਡਮ ਚੀਮਾ ਦਾ ਲੱਡੂ ਨਾਲ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਦੇ ਸਮਰਥਕਾਂ ਨੇ ਵੀ ਖ਼ੁਸ਼ੀ ਪ੍ਰਗਟ ਕਰਦਿਆਂ ਸਿਮਰਨ ਕੌਰ ਚੀਮਾ ਦਾ ਬੜੀ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਲੱਡੂ ਵੰਡੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਰਣਜੀਤ ਸਿੰਘ ਜੀਤੀ ਅਤੇ ਮੀਤ ਪ੍ਰਧਾਨ ਸਿਮਰਨ ਕੌਰ ਚੀਮਾ ਨੇ ਸ਼ਹਿਰ ਵਾਸੀਆਂ ਨਾਲ ਵੱਡੇ ਵੱਡੇ ਵਾਅਦੇ ਅਤੇ ਦਾਅਵੇ ਕੀਤੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਕੁਰਾਲੀ ਸ਼ਹਿਰ ਦੀ ਨੂਹਾਰ ਬਦਲੀ ਜਾਵੇਗੀ ਅਤੇ ਦਫ਼ਤਰ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਨੇ ਵਿਕਾਸ ਕਾਰਜਾਂ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਲੜਨ ਵਿੱਚ ਮੀਡੀਆ ਅਤੇ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਵੀ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਨਗਰ ਕੌਂਸਲ ਚੋਣਾਂ ਵੇਲੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ ਅਤੇ ਧੜੇਬੰਦੀ ਅਤੇ ਪਾਰਟੀਬਾਜ਼ੀ ਤੋਂ ਉੱਤੇ ਉੱਠ ਕੇ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ।