Share on Facebook Share on Twitter Share on Google+ Share on Pinterest Share on Linkedin ‘ਸਰਹਿੰਦ ਫਤਿਹ ਦਿਵਸ’: ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਯੋਗ ਅਗਵਾਈ ਦੀ ਸਖ਼ਤ ਲੋੜ: ਬੀਬੀ ਲਾਂਡਰਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਮਈ: ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਕਰਫਿਊ ਲੱਗਿਆ ਹੋਣ ਕਾਰਨ ਸਿੱਖ ਇਤਿਹਾਸ ਵਿੱਚ ਐਤਕੀਂ ਪਹਿਲੀ ਵਾਰ ਸਰਹਿੰਦ ਫਤਿਹ ਦਿਵਸ ਸਾਦਗੀ ਭਰੇ ਮਾਹੌਲ ਵਿੱਚ ਮਨਾਇਆ ਜਾਵੇਗਾ। ਜਦੋਂਕਿ ਇਸ ਤੋਂ ਪਹਿਲਾਂ ਹਰ ਸਾਲ 12 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਿਹ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਸੀ ਅਤੇ ਚੱਪੜਚਿੜੀ ਜੰਗੀ ਯਾਦਗਾਰ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਸਰਹਿੰਦ ਫਤਿਹ ਮਾਰਚ ਸਜਾਇਆ ਜਾਂਦਾ ਹੈ, ਜਿਸ ਵਿੱਚ ਹਾਥੀ ਅਤੇ ਘੋੜ ਸਵਾਰ ਨਿਹੰਗ ਅਤੇ ਵੱਡੀ ਗਿਣਤੀ ਵਿੱਚ ਸੰਗਤ ਜੁੜਦੀ ਸੀ ਅਤੇ ਤਿੰਨ ਦਿਨ ਅਤੇ ਰਾਤ ਨੂੰ ਸਮਾਗਮ ਹੁੰਦੇ ਸੀ ਪ੍ਰੰਤੂ ਇਸ ਵਾਰ ਸੰਗਤ ਨੂੰ ਇਕੱਠੀ ਹੋਣ ਤੋਂ ਰੋਕਣ ਲਈ ਅਪੀਲਾਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਦੱਸਿਆ ਕਿ ਸਰਹਿੰਦ ਫਤਿਹ ਦਿਵਸ ਸਬੰਧੀ ਅੱਜ ਸਵੇਰੇ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਆਰੰਭਤਾ ਦੀ ਅਰਦਾਸ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕੀਤੀ। ਬੀਬੀ ਲਾਂਡਰਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਇਹ ਸਮਾਗਮ ਸਾਦਗੀ ਨਾਲ ਮਨਾਏ ਜਾਣਗੇ ਕਿਉਂਕਿ ਕਰੋਨਾ ਦੇ ਵਿਸ਼ਵ ਭਰ ਵਿੱਚ ਲਗਾਤਾਰ ਵਧ ਰਹੇ ਪ੍ਰਕੋਪ, ਸਮਾਜਿਕ ਦੂਰੀ ਦਾ ਧਿਆਨ ਕਰਦੇ ਹੋਏ ਵੱਡੀ ਗਿਣਤੀ ਵਿੱਚ ਸੰਗਤ ਦਾ ਇਕੱਠ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 12 ਮਈ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਸ਼ਬਦ ਕੀਰਤਨ ਹੋਵੇਗਾ ਲੇਕਿਨ ਇਸ ਵਾਰ ਕਰੋਨਾਵਾਇਰਸ ਦੇ ਮੱਦੇਨਜ਼ਰ ਅਲੌਕਿਕ ਨਗਰ ਕੀਰਤਨ ਨਹੀਂ ਸਜਾਏ ਜਾਣਗੇ। ਉਨ੍ਹਾਂ ਸੰਗਤ ਨੂੰ ਅਪੀਲ ਕਿ ਉਹ ਆਪਣੇ ਘਰਾਂ ਵਿੱਚ ਰਹਿ ਕੇ ਇਸ ਸ਼ਾਨਾਮੱਤੇ ਦਿਵਸ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਅਤੇ ਆਪਣੇ ਛੋਟੇ ਬੱਚਿਆਂ ਨੂੰ ਇਸ ਦਿਨ ਦੀ ਵਿਲੱਖਣ ਮਹੱਤਤਾ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਜਾਵੇ। ਬੀਬੀ ਲਾਂਡਰਾਂ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ 12 ਮਈ 1710 ਈਸਵੀਂ ਨੂੰ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਸੈਂਕੜੇ ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਉਨ੍ਹਾਂ ਨੂੰ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ, ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਭਾਈ ਨੱਥਾ ਸਿੰਘ ਸਮੇਤ ਮੋਹਣ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ