
ਚੱਪੜਚਿੜੀ ਵਿਖੇ ਬਿਲਕੁਲ ਸਾਦਗੀ ਵਾਲੇ ਮਾਹੌਲ ਵਿੱਚ ਮਨਾਇਆ ‘ਸਰਹਿੰਦ ਫਤਿਹ ਦਿਵਸ’
ਗੁਰਦੁਆਰਾ ਸ੍ਰੀ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਨਹੀਂ ਜੁੜੀ ਸੰਗਤ
ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਯੋਗ ਅਗਵਾਈ ਦੀ ਸਖ਼ਤ ਲੋੜ: ਬੀਬੀ ਲਾਂਡਰਾਂ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਕਰੋਨਾਵਾਇਰਸ ਦੀ ਮਹਾਮਾਰੀ ਦੇ ਚੱਲਦਿਆਂ ਸਿੱਖ ਇਤਿਹਾਸ ਵਿੱਚ ਦੂਜੀ ਵਾਰ ਸਰਹਿੰਦ ਫਤਿਹ ਦਿਵਸ ਬਿਲਕੁਲ ਸਾਦਗੀ ਵਾਲੇ ਮਾਹੌਲ ਵਿੱਚ ਮਨਾਇਆ ਗਿਆ। ਪਿਛਲੇ ਸਾਲ ਵੀ ਕਰਫ਼ਿਊ ਲੱਗਣ ਕਾਰਨ ਵੱਡਾ ਸਮਾਗਮ ਅਤੇ ਅਲੌਕਿਕ ਫਤਿਹ ਮਾਰਚ (ਨਗਰ ਕੀਰਤਨ) ਨਹੀਂ ਕੱਢਿਆ ਗਿਆ ਸੀ। ਜਦੋਂਕਿ ਇਸ ਤੋਂ ਪਹਿਲਾਂ ਹਰ ਸਾਲ 12 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਹਿੰਦ ਫਤਿਹ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਸੀ ਅਤੇ ਚੱਪੜਚਿੜੀ ਜੰਗੀ ਯਾਦਗਾਰ ਤੋਂ ਫਤਹਿਗੜ੍ਹ ਸਾਹਿਬ ਤੱਕ ਅਲੌਕਿਕ ਸਰਹਿੰਦ ਫਤਿਹ ਮਾਰਚ ਸਜਾਇਆ ਜਾਂਦਾ ਸੀ, ਜਿਸ ਵਿੱਚ ਹਾਥੀ ਅਤੇ ਘੋੜ ਸਵਾਰ ਨਿਹੰਗ ਅਤੇ ਵੱਡੀ ਗਿਣਤੀ ਵਿੱਚ ਸੰਗਤ ਜੁੜਦੀ ਸੀ ਅਤੇ ਤਿੰਨ ਦਿਨ ਅਤੇ ਰਾਤ ਨੂੰ ਸਮਾਗਮ ਹੁੰਦੇ ਸੀ ਪ੍ਰੰਤੂ ਇਸ ਵਾਰ ਵੀ ਕਰੋਨਾ ਕਾਰਨ ਸੰਗਤ ਨਹੀਂ ਜੁੜੀ।
ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਜਸਪ੍ਰੀਤ ਸਿੰਘ ਦੇ ਜਥੇ ਨੇ ਸ਼ਬਦ ਕੀਰਤਨ ਕੀਤਾ ਜਦੋਂਕਿ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਅਰਦਾਸ ਕੀਤੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਮੁਗਲ ਫੌਜਾਂ ਨਾਲ ਕੀਤੇ ਯੁੱਧ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ 12 ਮਈ 1710 ਈਸਵੀਂ ਨੂੰ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ ਸੈਂਕੜੇ ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ ਸੀ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਉਨ੍ਹਾਂ ਨੂੰ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਸ਼੍ਰੋਮਣੀ ਕਮੇਟੀ ਦੇ ਮੈਂਬਰ ਅਜਮੇਰ ਸਿੰਘ ਖੇੜਾ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਭਾਈ ਰਜਿੰਦਰ ਸਿੰਘ ਟੌਹੜਾ ਸਮੇਤ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਦੇ ਜਨਰਲ ਸਕੱਤਰ ਗੁਰਮੇਲ ਸਿੰਘ, ਗੁਰਦੁਆਰਾ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੀ ਹਾਜ਼ਰ ਸਨ।