NABAZ-E-PUNJAB.COM

ਚੱਪੜਚਿੜੀ ਤੋਂ ਸਰਹਿੰਦ ਫਤਿਹ ਮਾਰਚ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ, ਨਿਹੰਗ ਸਿੰਘ ਤੇ ਘੋੜ ਸਵਾਰ ਵੀ ਸ਼ਾਮਲ

ਬਾਬਾ ਬੰਦਾ ਸਿੰਘ ਬਹਾਦਰ ਨੇ ਚੱਪੜਚਿੜੀ ਦੇ ਮੈਦਾਨ ਵਿੱਚ ਮੁਗ਼ਲ ਰਾਜ ਦਾ ਖ਼ਾਤਮਾ ਕਰਕੇ ਪਹਿਲੇ ਖ਼ਾਲਸਾ ਰਾਜ ਦੀ ਸਥਾਪਨਾ ਕੀਤੀ: ਬਡੂੰਗਰ

ਅਕਾਲੀ ਸਰਕਾਰ ਨੇ ਚੱਪੜਚਿੜੀ ਵਿੱਚ ਜੰਗੀ ਯਾਦਗਾਰ ਸਥਾਪਿਤ ਕਰਕੇ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਇਆ: ਬੀਬੀ ਲਾਂਡਰਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਤੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ‘ਫਤਿਹ ਮਾਰਚ’ ਅੱਜ ਖ਼ਾਲਸਾਈ ਜਾਹੋ-ਜਲਾਲ ਨਾਲ ਸ਼ੁਰੂ ਹੋਇਆ। ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਸਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਐਸਜੀਪੀਸੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਕਰਨੈਲ ਸਿੰਘ ਪੰਜੋਲੀ, ਨਿਰਮੈਲ ਸਿੰਘ ਜੌਲਾ ਤੇ ਚਰਨਜੀਤ ਸਿੰਘ ਕਾਲੇਵਾਲ, ਬਾਬਾ ਬੁੱਢਾ ਦਲ ਤੋਂ ਬਾਬਾ ਬਲਬੀਰ ਸਿੰਘ ਨੇ ਹਾਜ਼ਰੀ ਭਰੀ।
ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਚੱਪੜਚਿੜੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕਥਾ ਕੀਰਤਨ ਤੇ ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ’ਚ ਸੁਣਾਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਰਪ੍ਰਸਤੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਅਲੌਕਿਕ ਫਤਿਹ ਮਾਰਚ ਵਿੱਚ ਰਵਾਇਤੀ ਬਾਣੇ ਅਤੇ ਸ਼ਾਸਤਰਾਂ ਨਾਲ ਸਜੇ ਘੋੜ ਸਵਾਰ ਨਿਹੰਗ ਸਿੰਘਾਂ ਸਮੇਤ ਹਜ਼ਾਰਾਂ ਦੀ ਗਿਣਤੀ ਵਿੱਚ ਦੂਰ-ਦੁਰਾਡੇ ਦੀਆਂ ਸੰਗਤਾਂ ਸ਼ਾਮਲ ਹੋਈਆਂ। ਰਸਤੇ ਵਿੱਚ ਥਾਂ-ਥਾਂ ਸੰਗਤ ਨੇ ਸਵਾਗਤ ਕੀਤਾ।
ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਫਤਿਹ ਦਿਵਸ ਦੀ ਵਧਾਈ ਦਿੰਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਬਾਰੇ ਵੀ ਚਾਨਣਾ ਪਾਇਆ।
ਬੀਬੀ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਚੱਪੜਚਿੜੀ ਵਿੱਚ ਜੰਗੀ ਯਾਦਗਾਰ ਸਥਾਪਤ ਕਰਕੇ ਸੰਗਤ ਨੂੰ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦਾ ਬਹੁਤ ਵੱਡਾ ਤੇ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਕਾਲੀ ਦਲ ਦੇ ਸਹਿਯੋਗ ਨਾਲ ਹਰੇਕ ਸਾਲ ਸਰਹਿੰਦ ਫਤਿਹ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਨੌਜਵਾਨੀ ਨੂੰ ਆਪਣੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਹੜੀਆਂ ਕੌਮਾਂ ਆਪਣੇ ਇਤਿਹਾਸ ਨੂੰ ਭੁੱਲ ਜਾਂਦੀਆਂ ਹਨ, ਉਹ ਦੁਨੀਆ ਦੇ ਨਕਸ਼ੇ ਤੋਂ ਮਿਟ ਜਾਂਦੀਆਂ ਹਨ।
ਇਸ ਮੌਕੇ ਐਸਜੀਪੀਸੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਮਲੋਹ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਤੇ ਸਿਮਰਨਜੀਤ ਸਿੰਘ, ਗੁਰਦੁਆਰਾ ਸਾਚਾ ਧੰਨ ਸਾਹਿਬ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਗਿੱਲ, ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਦੇ ਮੈਨੇਜਰ ਕਰਨੈਲ ਸਿੰਘ, ਜੋਗਾ ਸਿੰਘ ਮੈਨੇਜਰ ਬਹਾਦਰਗੜ੍ਹ, ਰਜਿੰਦਰ ਸਿੰਘ ਮੀਤ ਮੈਨੇਜਰ, ਚੱਪੜਚਿੜੀ ਕਲਾਂ ਦੇ ਸਾਬਕਾ ਸਰਪੰਚ ਸੋਹਨ ਸਿੰਘ, ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ, ਗੁਰਸੇਵਕ ਸਿੰਘ ਮੈਨੇਜਰ ਫਤਹਿਗੜ੍ਹ ਸਾਹਿਬ, ਗੁਰਦੁਆਰਾ ਇੰਸਪੈਕਟਰ ਲਖਵਿੰਦਰ ਸਿੰਘ, ਨੱਥਾ ਸਿੰਘ ਮੈਨੇਜਰ ਚਮਕੌਰ ਸਾਹਿਬ, ਗੁਰਦੀਪ ਸਿੰਘ ਕੰਗ ਮੈਨੇਜਰ ਗੁਰਦੁਆਰਾ ਚਰਨ ਕਮਲ ਸਾਹਿਬ ਮਾਛੀਵਾੜਾ ਸਾਹਿਬ, ਹਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਭੱਠਾ ਸਾਹਿਬ ਰੂਪਨਗਰ, ਸੁਖਮਣੀ ਸੇਵਾ ਸੁਸਾਇਟੀ ਤੋਂ ਬੀਬੀ ਹਰਬੰਸ ਕੌਰ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਫਤਹਿਗੜ੍ਹ, ਕਥਾ ਵਾਚਕ ਭਾਈ ਮੇਘ ਸਿੰਘ, ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…