ਮਹਾਰਾਜਾ ਰਣਜੀਤ ਸਿੰਘ ਇੰਸਟੀਚਿਊਟ ਦੇ ਛੇ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਤੋਂ ਪਾਸ ਆਊਟ

ਏਅਰ ਚੀਫ਼ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਪਾਸਿੰਗ ਆਊਟ ਪਰੇਡ ਦਾ ਕੀਤਾ ਨਿਰੀਖਣ

ਕੈਡਿਟ ਗੁਰਕੀਰਤ ਸਿੰਘ ਨੇ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕੀਤਾ

ਨਬਜ਼-ਏ-ਪੰਜਾਬ, ਮੁਹਾਲੀ, 30 ਨਵੰਬਰ:
ਇੱਥੋਂ ਦੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੈਕਟਰ-77 (ਮੁਹਾਲੀ) ਦੇ ਛੇ ਹੋਰ ਕੈਡਿਟ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਖੜਕਵਾਸਲਾ (ਮਹਾਰਾਸ਼ਟਰ) ਦੇ 147ਵੇਂ ਐਨਡੀਏ ਕੋਰਸ ਤੋਂ ਪਾਸ ਆਊਟ ਹੋਏ ਹਨ। ਅੱਜ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਅਮਰ ਪ੍ਰੀਤ ਸਿੰਘ ਨੇ ਕੀਤਾ। ਤਿੰਨ ਸਾਲਾਂ ਦੀ ਸਖ਼ਤ ਟਰੇਨਿੰਗ ਪੂਰੀ ਕਰਨ ਬਾਅਦ ਇਹ ਛੇ ਕੈਡਿਟ-ਗੁਰਕੀਰਤ ਸਿੰਘ, ਬਰਜਿੰਦਰ ਸਿੰਘ, ਸੁਖਦੇਵ ਸਿੰਘ ਗਿੱਲ, ਯੁਵਰਾਜ ਸਿੰਘ ਤੋਮਰ, ਵਿਨਾਇਕ ਸ਼ਰਮਾ ਅਤੇ ਕੁਸ਼ ਪਾਂਡਿਆ-ਕਮਿਸ਼ਨਡ ਅਫ਼ਸਰ ਬਣਨ ਲਈ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਵਿੱਚ ਇੱਕ ਸਾਲ ਦੀ ਸਿਖਲਾਈ ਹਾਸਲ ਕਰਨਗੇ।
ਆਰਮੀ ’ਚੋਂ ਸੇਵਾਮੁਕਤ ਲਾਂਸ ਨਾਇਕ ਦੇ ਪੁੱਤਰ ਗੁਰਕੀਰਤ ਸਿੰਘ ਨੇ ਪਾਸਿੰਗ ਆਊਟ ਕੋਰਸ ਦੀ ਆਰਟਸ ਸਟਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਗੁਰਕੀਰਤ ਸਿੰਘ ਨੇ ਲਖਨਊ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜੋ ਕੋਰਸ ਦੀ ਕਨਵੋਕੇਸ਼ਨ ਦੇ ਮੁੱਖ ਮਹਿਮਾਨ ਸਨ ਤੋਂ ਸਨਮਾਨ ਹਾਸਲ ਕੀਤਾ।
ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਕੈਡਿਟਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਨ੍ਹਾਂ ਨੂੰ ਰੱਖਿਆ ਸੇਵਾਵਾਂ ਵਿੱਚ ਰੌਸ਼ਨ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਨਤੀਜਿਆਂ ’ਤੇ ਵੀ ਖ਼ੁਸ਼ੀ ਦਾ ਇਜ਼ਹਾਰ ਕੀਤਾ।
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐਚ ਚੌਹਾਨ ਨੇ ਕੈਡਿਟਾਂ ਨੂੰ ਉਨ੍ਹਾਂ ਦੇ ਪਾਸ ਆਊਟ ਹੋਣ ’ਤੇ ਵਧਾਈ ਦਿੰਦਿਆਂ ਦੱਸਿਆ ਕਿ ਇਸ ਸਮੇਂ ਮੁਹਾਲੀ ਇੰਸਟੀਚਿਊਟ ਦੇ 20 ਕੈਡਿਟ ਵੱਖ-ਵੱਖ ਸਰਵਿਸ ਟਰੇਨਿੰਗ ਅਕੈਡਮੀਆਂ ਨੂੰ ਜੁਆਇਨ ਕਰਨ ਕਾਲ-ਅੱਪ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ 43 ਕੈਡਿਟ ਜਲਦੀ ਹੀ ਆਪਣੇ ਸਰਵਿਸ ਸਿਲੈਕਸ਼ਨ ਬੋਰਡ (ਐਸਐਸਬੀ) ਦੇ ਇੰਟਰਵਿਊ ਲਈ ਜਾ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…