ਮੁੱਖ ਮੰਤਰੀ ਵੱਲੋਂ ਚਮਕੌਰ ਸਾਹਿਬ ’ਚ ਬਣਨ ਵਾਲੀ ਸਕਿੱਲ ਯੂਨੀਵਰਸਿਟੀ ਦਾ ਨਾਂ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ’ਤੇ ਰੱਖਣ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੁਰਜੀਤ ਕਰਨ ਦੀ ਵੀ ਕੀਤੀ ਘੋਸ਼ਣਾ

ਨਬਜ਼-ਏ-ਪੰਜਾਬ ਬਿਊਰੋ, ਸ੍ਰੀ ਅਨੰਦਪੁਰ ਸਾਹਿਬ, 25 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਮਕੌਰ ਸਾਹਿਬ ਵਿਖੇ ਬਣਨ ਵਾਲੀ ਸਕਿਲ ਯੂਨੀਵਰਸਿਟੀ ਦਾ ਨਾਂ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ਉੱਤੇ ਰੱਖਣ ਦੇ ਆਪਣੀ ਸਰਕਾਰ ਦੇ ਫੈਸਲੇ ਦੇ ਨਾਲ ਅਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੁਰਜੀਤ ਕਰਨ ਦਾ ਵੀ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਦੇ ਸਾਹਮਣੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕੀਤਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਸੂਬੇ ਅਤੇ ਬਾਕੀ ਭਾਰਤ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਮਾਰਗ ਨੂੰ ਕੌਮੀ ਮਾਰਗ ਅਤੇ ਵਿਸ਼ੇਸ਼ ਮਹੱਤਤਾ ਵਾਲੇ ਮਾਰਗ ਵਜੋਂ ਐਲਾਨਣ ਵਾਸਤੇ ਬੇਨਤੀ ਕਰਨਗੇ। ਇਸ ਸਮਾਰੋਹ ਮੌਕੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੀ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ, ਕੁਲ ਹਿੰਦ ਕਾਂਗਰਸ ਕਮੇਟੀ ਦੀ ਆਗੂ ਆਸ਼ਾ ਕੁਮਾਰੀ, ਹਰੀਸ਼ ਚੌਧਰੀ ਤੇ ਅੰਬਿਕਾ ਸੋਨੀ, ਸਥਾਨਕ ਸੰਸਥਾਵਾਂ ਮੰਤਰੀ ਨਵਜੋਤ ਸਿੰਘ ਸਿੱਧੂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਅਨੰਦਪੁਰ ਸਾਹਿਬ ਤੋਂ ਵਿਧਾਇਕ ਰਾਣਾ ਕੇ.ਪੀ. ਸਿੰਘ ਅਤੇ ਹੋਰ ਹਾਜ਼ਰ ਸਨ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਹੈਡ ਗ੍ਰੰਥੀ ਫੂਲਾ ਸਿੰਘ ਨੇ ਇਸ ਇਤਿਹਾਸਕ ਮੌਕੇ ਕੈਪਟਨ ਅਮਰਿੰਦਰ ਸਿੰਘ ਨੂੰ ਸਿਰੋਪਾਓ ਭੇਟ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮੌਕਾ ਉਨ੍ਹਾਂ ਲਈ ਹਮੇਸ਼ਾ ਹੀ ਖੁਸ਼ੀਆਂ ਵਾਲਾ ਮਹਿਸੂਸ ਹੁੰਦਾ ਰਹੇਗਾ। ਜੱਥੇਦਾਰ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਵੀ ਸਿਰੋਪਾਓ ਭੇਟ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਵੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਮਨਾਉਣ ਦੇ ਸਬੰਧ ਵਿਚ ਗਏ ਸਨ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਸਿੱਖਾਂ ਦੇ ਦਿਲਾਂ ਵਿਚ ਵਿਸ਼ੇਸ਼ ਸਥਾਨ ਰੱਖਦੀ ਹੈ ਕਿਉਂਕਿ ਇਸ ਧਰਤੀ ਉੱਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਵਿਚਾਰਧਾਰਾ ਅਤੇ ਫਿਲਾਸਫੀ ਬਹੁਤ ਜ਼ਿਆਦਾ ਵਿਲੱਖਣ ਹੈ ਅਤੇ ਇਹ ਦੁਨੀਆਂ ਭਰ ਦੇ ਸਿੱਖਾਂ ਲਈ ਅੱਜ ਵੀ ਤਰਕਸੰਗਤ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਹ ਇਸ ਇਤਿਹਾਸਕ ਸਮਾਰੋਹ ਵਿਚ ਸ਼ਮੂਲੀਅਤ ਕਰਕੇ ਆਪਣੇ ਆਪ ਨੂੰ ਵਡਭਾਗਾ ਮਹਿਸੂਸ ਕਰ ਰਹੇ ਹਨ।
ਇਸ ਪਵਿੱਤਰ ਅਸਥਾਨ ਦੇ ਉਥਾਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਸ਼ਹਿਰੀ ਵਿਕਾਸ ਅਥਾਰਟੀ ਦੀ ਮੁੜ ਸੁਰਜੀਤੀ ਨਾਲ ਇਸ ਦੇ ਬੁਨਿਆਦੀ ਢਾਂਚੇ ਅਤੇ ਸ਼ਹਿਰੀ ਸਹੂਲਤਾਂ ਦਾ ਪੱਧਰ ਉੱਚਾ ਚੁੱਕਣ ਵਾਸਤੇ ਰਾਹ ਪੱਧਰਾ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਚਮਕੌਰ ਸਾਹਿਬ ਵਿਖੇ 100 ਏਕੜ ਰਕਬੇ ਉੱਤੇ ਸਕਿਲ ਯੂਨੀਵਰਸਿਟੀ ਬਣਾਉਣ ਦਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਜਿਸ ਦੇ ਨਾਲ ਬੱਚਿਆਂ ਦੇ ਹੁਨਰ ਵਿਕਾਸ ਵਿਚ ਮਦਦ ਮਿਲੇਗੀ ਅਤੇ ਉਹ ਵਿਸ਼ਵ ਮੰਡੀ ਵਿਚ ਮੁਕਾਬਲੇਬਾਜ਼ੀ ਦੇ ਯੋਗ ਹੋਣਗੇ ਅਤੇ ਫਾਇਦੇਮੰਦ ਰੁਜ਼ਗਾਰ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਨੇ ਇਸ ਇਲਾਕੇ ਵਿਚ ਸਨਅਤੀ ਵਿਕਾਸ ਅਤੇ ਸੈਰ ਸਪਾਟੇ ਨੂੰ ਬੜ੍ਹਾਵਾ ਦੇਣ ਲਈ ਬਹੁਤ ਸਾਰੇ ਕਦਮ ਚੁੱਕੇ ਜਾਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੈਰ ਸਪਾਟੇ ਦੀਆਂ ਸੁਵਿਧਾਵਾਂ ਵਿਚ ਸੁਧਾਰ ਲਿਆਵੇਗੀ। ਉਨ੍ਹਾਂ ਨੇ ਰੋਪੜ-ਅਨੰਦਪੁਰ ਸਾਹਿਬ ਪੱਟੀ ਵਿਚ ਫੂਡ ਪਾਰਕ ਦੇ ਵਾਸਤੇ ਵੱਡੀ ਸਮਰਥਾ ਹੋਣ ਦਾ ਵੀ ਜ਼ਿਕਰ ਕੀਤਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਜੇ.ਸੀ.ਬੀਜ਼, ਟਰੱਕ ਅਤੇ ਬੱਸਾਂ ਦੀਆਂ ਬਾਡੀਆਂ ਦੇ ਉਤਪਾਦਨ ਲਈ ਵੱਡੀਆਂ ਇਕਾਈਆਂ ਸਥਾਪਤ ਕਰਨ ਦੀ ਵੀ ਸੰਭਾਵਨਾ ਜਤਾਈ। ਉਨ੍ਹਾਂ ਨੇ ਇਸ ਕਰਸ਼ਰ ਜੋਨ ਵਿਚ ਸਥਿਤ ਸਟੋਨ ਕਰਸ਼ਰ ਦੇ ਲਈ ਸਟੋਨ ਕਰਸ਼ਰ ਜੋਨ ਦੀ ਵੀ ਗੱਲ ਰੱਖੀ ਅਤੇ ਇਸ ਖੇਤਰ ਵਿਚ ਸਟੋਨ ਕਰਸ਼ਿੰਗ ਉਦਯੋਗ ਨੂੰ ਵਿਕਸਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਖਿੱਤਾ ਲੁਧਿਆਣਾ ਦੇ ਨੇੜੇ ਹੈ ਜਿਸ ਕਰਕੇ ਇੱਥੇ ਗਾਰਮੈਂਟਸ, ਵੀਵਿੰਗਜ਼ ਅਤੇ ਟੈਕਨੀਕਲ ਟੈਕਸਟਾਈਲ ਵਿਚ ਟੈਕਸਟਾਈਲ ਪਾਰਕਾਂ ਦੀ ਸਥਾਪਨਾ ਲਈ ਵੀ ਯੋਜਨਾ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰੋਪੜ ਵਿਚ ਸਪੋਰਟਕਿੰਗ ਵੱਲੋਂ ਇੱਕ ਵੱਡੀ ਇਕਾਈ ਦੀ ਯੋਜਨਾਬੰਦੀ ਬਣਾਈ ਜਾ ਰਹੀ ਹੈ। ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਆਪਣੇ ਪੂਰਵਜਾਂ ਬਾਬਾ ਤਰਲੋਕਾ ਅਤੇ ਬਾਬਾ ਰਾਮ ਜੀ ਨੂੰ ਅਣਗਿਣਤ ਬਖਸ਼ਿਸ਼ਾਂ ਦੇਣ ਨੂੰ ਯਾਦ ਕਰਦੇ ਹੋਏ ਕਿਹਾ ਕਿ 1699 ਵਿੱਚ ਖਾਲਸਾ ਪੰਥ ਦੀ ਸਥਾਪਨਾ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ ਵਿੱਚ 1702 ਵਿੱਚ ਉਨ੍ਹਾਂ ਦੇ ਪੁਰਖਿਆਂ ਨੂੰ ਸਿੰਘ ਬਣਾਇਆ।
ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਵਡੇਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਹੁਕਮਨਾਮਾ, ਸ੍ਰੀ ਨਿਸ਼ਾਨ ਸਾਹਿਬ ਅਤੇ ਸਸ਼ਤਰ ਦੇ ਅਣਮੋਲ ਖਜ਼ਾਨੇ ਆਪਣੇ ਕੋਲ ਰੱਖਣ ਵਾਸਤੇ ਕਿਸਮਤ ਵਾਲੇ ਹਨ, ਜੋ ਅਜੇ ਵੀ ਗੁਰਦੁਆਰਾ ਸਾਹਿਬ ਵਿਚ ਬਹੁਤ ਹੀ ਸਤਿਕਾਰ ਨਾਲ ਰੱਖੇ ਗਏ ਸਨ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਇਨ੍ਹਾਂ ਵਸਤਰਾਂ ਅਤੇ ਸਸ਼ਤਰਾਂ ਦਾ ਬਹੁਤ ਜ਼ਿਆਦਾ ਸਤਿਕਾਰ ਕੀਤਾ ਗਿਆ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਅਤੇ ਫਿਲਾਸਫੀ ਫਿਰਕੂ ਸਦਭਾਵਨਾ, ਧਾਰਮਿਕ ਸਹਿਣਸ਼ੀਲਤਾ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਣ ਦਾ ਮਾਰਗ ਦਿਖਾਉਂਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਦੇ ਵੀ ਕਿਸੇ ਧਰਮ ਵਿਰੁੱਧ ਵਿਤਕਰਾ ਨਹੀਂ ਕੀਤਾ ਸਗੋਂ ਰੰਗ, ਜਾਤ, ਨਸਲ ਦੇ ਵਖਰੇਵਿਆਂ ਦੇ ਬਾਵਜੂਦ ਸਾਰਿਆਂ ਦਾ ਮਾਨਵਾਂ ਵਜੋਂ ਸਤਿਕਾਰ ਕੀਤਾ।
ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚਲੀਏ ਅਤੇ ਵਿਤਕਰੇਬਾਜ਼ੀ ਨੂੰ ਦੂਰ ਕਰੀਏ। ਉਨ੍ਹਾਂ ਕਿਹਾ ਕਿ ਇੱਕ ਸੱਚੇ ਸਿੱਖ ਵਜੋਂ ਸਾਨੂੰ ਮਰਦਾਂ ਅਤੇ ਅੌਰਤਾਂ ਵਿਚ ਵਿਤਕਰਾ ਨਹੀਂ ਕਰਨਾ ਚਾਹੀਦਾ ਅਤੇ ਦੋਵਾਂ ਨੂੰ ਸਿੱਖਿਆ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ ਤਾਂ ਜੋ ਉਹ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ। ਉਨ੍ਹਾਂ ਨੇ ਸਮਾਜ ਵਿਚੋਂ ਨਸ਼ਿਆਂ ਵਗੈਰਾ ਦੀ ਲਾਹਨਤ ਨੂੰ ਖਤਮ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਮੰਗ ਕੀਤੀ। ਡਾ. ਮਨਮੋਹਨ ਸਿੰਘ ਨੇ ਵਾਤਾਵਰਣ ਦੀ ਸੁਰੱਖਿਆ ਵਾਸਤੇ ਧਾਰਮਿਕ ਅਤੇ ਸਵੈ-ਸੇਵੀ ਸੰਸਥਾਵਾਂ ਤੋਂ ਇਲਾਵਾ ਸਭਨਾਂ ਲੋਕਾਂ ਨੂੰ ਸਹਿਯੋਗ ਦੇਣ ਦਾ ਵੀ ਸੱਦਾ ਦਿੱਤਾ ਕਿਉਂਕਿ ਵਾਤਾਵਰਣ ਵਿਚ ਨਿਘਾਰ ਦਾ ਮੁੱਦਾ ਬਹੁਤ ਹੀ ਚਿੰਤਾਜਨਕ ਸਥਿਤੀ ਵਿਚ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਸਿੱਖਮਤ ਵਿਚ ਪਾਣੀ, ਹਵਾ ਅਤੇ ਧਰਤੀ ਵਰਗੇ ਕੁਦਰਤੀ ਸਰੋਤਾਂ ਉੱਤੇ ਬਹੁਤ ਜ਼ਿਆਦਾ ਜ਼ੋਰ ਦਿੱਤਾ ਗਿਆ ਹੈ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਜਪਜੀ ਸਾਹਿਬ ਵਿਚ ਵੀ ਇਸ ਦਾ ਉਲੇਖ ਕੀਤਾ ਹੈ।
ਸੱਭਿਆਚਾਰ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਾਨ ਬਲਿਦਾਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਹਮੇਸ਼ਾ ਹੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਲਗਾਤਾਰ ਪ੍ਰੇਰਿਤ ਕਰਦੀ ਰਹੇਗੀ ਅਤੇ ਮਾਨਵਤਾ ਦੀ ਭਲਾਈ ਲਈ ਉਨ੍ਹਾਂ ਨੂੰ ਨਿਸ਼ਕਾਮ ਬਲਿਦਾਨ ਲਈ ਪ੍ਰੇਰਦੀ ਰਹੇਗੀ। ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਲੋਕਾਂ ਖਾਸ ਕਰ ਪੰਜਾਬੀਆਂ ਵਿਚ ਨਿਸ਼ਕਾਮ ਕੁਰਬਾਨੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਭਰੀ। ਧਾਰਮਿਕ ਸਹਿਣਸ਼ੀਲਤਾ ਅਤੇ ਦਿਆਲਤਾ ਦਾ ਸੰਦੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹੀ ਪੰਜਾਬ ਦੇ ਲੋਕਾਂ ਵਿਚ ਭਰਿਆ। ਇਹ ਹਮੇਸ਼ਾ ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਅੱਤਿਆਚਾਰ, ਜ਼ਬਰ ਅਤੇ ਅਨਿਆਂ ਵਿਰੁੱਧ ਲੜਣ ਲਈ ਆਪ ਇਕ ਅਦੁਤੀ ਮਿਸਾਲ ਸਿਰਜੀ ਅਤੇ ਉਨ੍ਹਾਂ ਨੇ ਮੁਗ਼ਲ ਰਾਜਿਆਂ ਵਿਰੁੱਧ ਤਿੱਖਾ ਸੰਘਰਸ਼ ਕੀਤਾ।
ਆਪਣੇ ਸਵਾਗਤੀ ਭਾਸ਼ਣ ਵਿਚ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਉਹ ਇਸ ਧਾਰਮਿਕ ਮਹੱਤਤਾ ਵਾਲੇ ਹਲਕੇ ਤੋਂ ਚੁਣੇ ਜਾਣ ਲਈ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ ਅਤੇ ਉਹ ਇਸ ਪਵਿੱਤਰ ਨਗਰੀ ਦੇ ਸੇਵਾ ਕਰਦੇ ਰਹਿਣਗੇ। ਉਨ੍ਹਾਂ ਨੇ ਇਸ ਪਵਿੱਤਰ ਸ਼ਹਿਰ ਨੂੰ ਬੁਨਿਆਦੀ ਸੁਵਿਧਾਵਾਂ, ਪੀਣ ਵਾਲਾ ਪਾਣੀ ਅਤੇ ਸੜਕਾਂ ਆਦਿ ਦੀਆਂ ਸੁਵਿਧਾਵਾਂ ਦੇਣ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਡਾ. ਮਨਮੋਹਨ ਸਿੰਘ ਵੱਲੋਂ ਆਪਣੇ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ 102 ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਦੇਣ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਾਲ 2002 ਵਿਚ ਸ੍ਰੀ ਅਨੰਦਪੁਰ ਸਾਹਿਬ ਨੂੰ 100 ਕਰੋੜ ਰੁਪਏ ਦੀ ਰਾਸ਼ੀ ਸਮੁੱਚੇ ਵਿਕਾਸ ਕਾਰਜਾਂ ਲਈ ਵੀ ਧੰਨਵਾਦ ਕੀਤਾ।
ਇਸ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ। ਇਸ ਤੋਂ ਪਹਿਲਾਂ ਉੱਘੇ ਢਾਡੀ ਦੇਸ਼ ਰਾਜ ਲਚਕਾਨੀ, ਕੁਲਜੀਤ ਸਿੰਘ ਦਿਲਬਰ, ਕਲਾਸੀਕਲ ਸੰਗੀਤ ਦੀ ਮਾਹਰ ਡਾ. ਨਿਵੇਦਿਤਾ ਸਿੰਘ ਅਤੇ ਭਾਈ ਬਲਦੀਪ ਸਿੰਘ ਨੇ ਇਸ ਮੌਕੇ ਆਪਣੀਆਂ ਪੇਸ਼ਕਾਰੀਆਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉੱਘੇ ਸਿੱਖ ਸਕਾਲਰ ਭਾਈ ਅਸ਼ੋਕ ਸਿੰਘ ਬਾਗੜੀਆ ਅਤੇ ਇਤਿਹਾਸ ਦੀ ਪ੍ਰੋਫੈਸਰ ਡਾ. ਇੰਦੂ ਬੰਗਾ ਨੇ ਗੁਰੂ ਜੀ ਦੇ ਜੀਵਨ ਅਤੇ ਵਿਚਾਰਧਾਰਾ ਉੱਤੇ ਚਾਨਣਾ ਪਾਇਆ। ਉੱਘੇ ਪੰਜਾਬੀ ਕਵੀ ਪਦਮ ਸ੍ਰੀ ਸੁਰਜੀਤ ਪਾਤਰ ਅਤੇ ਕਲਾਸੀਕਲ ਸੰਗੀਤ ਦੇ ਸਾਜਨ ਮਿਸ਼ਰਾ ਨੇ ਵੀ ਆਪਣੀ ਪੇਸ਼ਕਾਰੀ ਕੀਤੀ। ਇਸ ਮੌਕੇ ਹਾਜ਼ਰ ਹੋਰਨਾਂ ਵਿਚ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ, ਸਾਬਕਾ ਰਾਜ ਸਭਾ ਮੈਂਬਰ ਐਚ.ਐਸ. ਹੰਸਪਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਸੰਸਦ ਮੈਂਬਰ ਸੰਤੋਖ ਸਿੰਘ, ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਣਾ ਗੁਰਜੀਤ ਸਿੰਘ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਧੂ ਸਿੰਘ ਧਰਮਸੋਤ, ਰਜ਼ੀਆ ਸੁਲਤਾਨਾ, ਬਹੁਤ ਸਾਰੇ ਵਿਧਾਇਕ, ਕਾਂਗਰਸ ਆਗੂ ਅਤੇ ਵਰਕਰ ਸ਼ਾਮਲ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…