Share on Facebook Share on Twitter Share on Google+ Share on Pinterest Share on Linkedin ਗੁਰੂ ਨਾਨਕ ਕਲੋਨੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਨਾਅਰੇਬਾਜ਼ੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ: ਇੱਥੋਂ ਦੇ ਫੇਜ਼-7 ਦੇ ਸਨਅਤੀ ਏਰੀਆ ਵਿੱਚ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਸਾਹਮਣੇ ਬਣੀ ਗੁਰੂ ਨਾਨਕ ਕਲੋਨੀ ਵਿੱਚ ਸ਼ਰਾਬ ਦਾ ਠੇਕਾ ਖੋਲ੍ਹੇ ਜਾਣ ਦੇ ਖ਼ਿਲਾਫ਼ ਕਲੋਨੀ ਵਾਸੀਆਂ ਨੇ ਇਕੱਠੇ ਹੋ ਕੇ ਸਖ਼ਤ ਵਿਰੋਧ ਕੀਤਾ। ਕਲੋਨੀ ਵਾਸੀਆਂ ਨੇ ਸ਼ਰਾਬ ਦਾ ਠੇਕਾ ਖੋਲ੍ਹਣ ਲਈ ਬਣਾਏ ਗਏ ਟੀਨਾਂ ਦੇ ਖੋਖੇ ਦੇ ਬਾਹਰ ਧਰਨਾ ਦਿੱਤਾ ਅਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕਲੋਨੀ ਦੀ ਪ੍ਰਧਾਨ ਪੂਨਮ ਰਾਣੀ ਅਤੇ ਬਨਵਾਰੀ ਲਾਲ ਨੇ ਕਿਹਾ ਕਿ ਕਿਸੇ ਵੀ ਹਾਲਤ ਵਿੱਚ ਕਲੋਨੀ ਨੇੜੇ ਸ਼ਰਾਬ ਦਾ ਠੇਕਾ ਖੋਲ੍ਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਇਸ ਥਾਂ ’ਤੇ ਸ਼ਰਾਬ ਦਾ ਠੇਕਾ ਖੋਲ੍ਹਿਆ ਗਿਆ ਤਾਂ ਆਸਪਾਸ ਦਾ ਮਾਹੌਲ ਖਰਾਬ ਹੋਵੇਗਾ ਅਤੇ ਸਥਾਨਕ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਕਲੋਨੀ ਵਾਸੀਆਂ ਨੇ ਕਿਹਾ ਕਿ ਇੱਥੇ ਠੇਕਾ ਖੋਲ੍ਹੇ ਜਾਣ ਨਾਲ ਲੋਕ ਸ਼ਰਾਬ ਪੀਣ ਲਈ ਉਤਸ਼ਾਹਿਤ ਹੋਣਗੇ ਅਤੇ ਰਿਹਾਇਸ਼ੀ ਖੇਤਰ ਦੇ ਵਿੱਚ ਸ਼ਰਾਬ ਦਾ ਠੇਕਾ ਖੁੱਲਣ ਕਾਰਨ ਬੱਚਿਆਂ ’ਤੇ ਵੀ ਮਾੜਾ ਅਸਰ ਪਵੇਗਾ। ਇਸ ਸਬੰਧੀ ਸਮਰਥਨ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦੀ ਪ੍ਰਧਾਨ ਅਤੇ ਆਪ ਵਲੰਟੀਅਰ ਆਰਤੀ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲਾਂ ਨੂੰ ਤਾਲੇ ਲਗਾ ਰਹੀ ਹੈ ਅਤੇ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਜ਼ਿਲ੍ਹੇ ਵਿੱਚ ਸ਼ਰਾਬ ਦੇ ਠੇਕਿਆਂ ਦੀ ਗਿਣਤੀ ਸਰਕਾਰੀ ਸਕੂਲਾਂ ਨਾਲੋਂ ਵੱਧ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਕਲੋਨੀ ਨੇੜੇ ਕਿਸੇ ਵੀ ਸੂਰਤ ਵਿੱਚ ਸ਼ਰਾਬ ਦਾ ਠੇਕਾ ਖੋਲ੍ਹਣ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਰਿਹਾਇਸ਼ੀ ਖੇਤਰਾਂ ਵਿੱਚ ਠੇਕੇ ਖੋਲ੍ਹਣ ਦੀ ਪ੍ਰਵਾਨਗੀ ਦੇਣ ਦੀ ਬਜਾਏ ਆਂਗਨਵਾੜੀ ਕੇਂਦਰ, ਸਰਕਾਰੀ ਸਕੂਲ ਅਤੇ ਬਿਰਧ ਆਸ਼ਰਮ ਖੋਲੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ