nabaz-e-punjab.com

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ

ਜਾਖੜ ਤੇ 3 ਮੰਤਰੀਆਂ ਨੇ 16 ਹਜ਼ਾਰ ਡਿੱਪੂ ਹੋਲਡਰਾਂ ਨੂੰ 40 ਕਰੋੜ ਦੀ ਮਾਰਜਨ ਮਨੀ ਦੇ ਚੈੱਕ ਵੰਡੇ
ਕਾਂਗਰਸ ਸਰਕਾਰ ਨੇ ਡਿੱਪੂ ਹੋਲਡਰਾਂ ਨਾਲ ਕੀਤੇ ਚੋਣ ਵਾਅਦੇ ਨਿਭਾਏ: ਸੁਨੀਲ ਜਾਖੜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੁਲਾਈ:
ਜਨਤਕ ਵੰਡ ਪ੍ਰਣਾਲੀ ਨੂੰ ਹੋਰ ਕਾਰਗਰ ਤੇ ਇਸ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਕ੍ਰਾਂਤੀਕਾਰੀ ਕਦਮ ਪੁੱਟਦਿਆਂ ਪੰਜਾਬ ਸਰਕਾਰ ਵੱਲੋਂ ਇੱਥੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਈ-ਪੋਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ ਅਤੇ 16 ਹਜ਼ਾਰ ਡਿਪੂ ਹੋਲਡਰਾਂ ਨੂੰ ਵਧੇ ਹੋਏ ਕਮਿਸ਼ਨ/ਮਾਰਜਨ ਮਨੀ ਦੇ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਵੀ ਕੁਝ ਡਿਪੂ ਹੋਲਡਰਾਂ ਨੂੰ ਚੈੱਕ ਵੰਡ ਕੇ ਕੀਤੀ ਗਈ। ਇਸ ਸਬੰਧੀ ਇਥੇ ਸਥਿਤ ਕਿਸਾਨ ਵਿਕਾਸ ਚੈਂਬਰ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ, ਪੰਜਾਬ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਬਾਇਓਮੀਟ੍ਰਿਕ ਆਧਾਰਤ ਇਹ ਮਸ਼ੀਨਾਂ ਰਾਸ਼ਨ ਵੰਡਣ ਦੀ ਪੁਰਾਣੀ ਪ੍ਰਣਾਲੀ ਵਿਚਲੀਆਂ ਕਮੀਆਂ ਅਤੇ ਜਾਅਲੀ ਲਾਭਪਾਤਰੀਆਂ ਨੂੰ ਹਟਾਉਣ ਵਿੱਚ ਸਹਾਈ ਸਿੱਧ ਹੋਣਗੀਆਂ।
ਉਨ੍ਹਾਂ ਕਿਹਾ ਕਿ ਇਸ ਨਾਲ ਜਨਤਕ ਵੰਡ ਪ੍ਰਣਾਲੀ ਵਿੱਚ ਪੂਰਨ ਪਾਰਦਰਸ਼ਤਾ ਦੌਰ ਸ਼ੁਰੂ ਹੋਇਆ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਿਪੂ ਹੋਲਡਰਾਂ/ਫੇਅਰ ਪ੍ਰਾਈਜ਼ ਸ਼ੌਪ (ਐਫ.ਪੀ.ਐਸ.) ਮਾਲਕਾਂ ਦਾ ਕਮਿਸ਼ਨ/ਮਾਰਜਨ ਮਨੀ 25 ਰੁਪਏ ਪ੍ਰਤੀ ਕੁਇੰਟਲ ਤੋਂ 50 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ ਤੇ ਆਉਣ ਵਾਲੇ ਸਮੇਂ ਵਿੱਚ ਇਸ ਨੂੰ ਹੋਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਹਰ ਇੱਕ ਯੋਗ ਲਾਭਪਾਰਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ ਤੇ ਜਨਤਕ ਵੰਡ ਪ੍ਰਣਾਲੀ ਦੇ ਖੇਤਰ ਵਿੱਚ ਪੁੱਟੇ ਗਏ ਇਨ੍ਹਾਂ ਕਦਮਾਂ ਸਦਕਾ ਇਸ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ ਅਤੇ ਹਰ ਇੱਕ ਯੋਗ ਲਾਭਪਾਤਰੀ ਕੋਲ ਸਸਤਾ ਰਾਸ਼ਨ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ (ਐਫ.ਪੀ.ਐਸ.) ਮਾਲਕਾਂ ਦੀਆਂ ਹੋਰਨਾਂ ਮੰਗਾਂ ਨੂੰ ਵੀ ਵਿਚਾਰਿਆ ਜਾ ਰਿਹਾ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਨੂੰ ‘ਆਧਾਰ’ ਨਾਲ ਜੋੜਨ ਅਤੇ ਕੰਪਿਊਟਰ ਆਧਾਰਤ ਬਣਾਉਣ ਸਦਕਾ ਰਾਸ਼ਨ ਵੰਡਣ ਦੀ ਪ੍ਰਣਾਲੀ ਵਿੱਚ ਸਕਾਰਾਤਮਕ ਤਬਦੀਲੀ ਆਵੇਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਖ਼ੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਡਿਪੂ ਹੋਲਡਰਾਂ ਨਾਲ ਕੀਤੇ ਵਾਅਦੇ ਨਿਭਾਏ ਹਨ ਤੇ ਹੁਣ ਡਿਪੂ ਹੋਲਡਰਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੂਰੀ ਇਮਾਨਦਾਰੀ ਅਤੇ ਸ਼ਿੱਦਤ ਨਾਲ ਕੰਮ ਕਰਦਿਆਂ ਜਨਤਕ ਵੰਡ ਪ੍ਰਣਾਲੀ (ਪੀ.ਡੀ.ਐਸ.) ਨੂੰ ਹੋਰ ਬਿਹਤਰ ਬਣਾਉਣ। ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕਿਹਾ ਕਿ ਡਿਪੂ ਹੋਲਡਰਾਂ ਨੂੰ ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਬਹੁਤ ਸੰਘਰਸ਼ ਕਰਨਾ ਪਿਆ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਡਿਪੂ ਹੋਲਡਰਾਂ ਨਾਲ ਕੀਤੇ ਵਾਅਦੇ ਪੂਰੇ ਕਰ ਕੇ ਵਿਖਾਏ ਹਨ। ਐਫ.ਪੀ.ਐਸ. ਮਾਲਕਾਂ ਨੂੰ ਸਮਾਜ ਦੀ ਰੀੜ੍ਹ ਦੀ ਹੜੀ ਕਰਾਰ ਦਿੰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਦੀ ਬਿਹਤਰੀ ਲਈ ਡਿਪੂ ਹੋਲਡਰਾਂ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਦਾ ਘੇਰਾ ਵਸੀਹ ਕਰਨ ਲਈ ਸਰਕਾਰ ਵੱਲੋਂ ਕਈ ਪ੍ਰਾਈਵੇਟ ਕੰਪਨੀਆਂ ਨਾਲ ਵੀ ਗੱਲਬਾਤ ਕੀਤੀ ਜਾ ਰਹੀ ਕਿ ਉਹ ਰੋਜ਼ਾਨਾ ਦੀ ਲੋੜ ਵਾਲੇ ਉਤਪਾਦ ਡਿਪੂਆਂ ਜ਼ਰੀਏ ਲੋਕਾਂ ਨੂੰ ਸਪਲਾਈ ਕਰਨ।
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਡਿਪੂ ਹੋਲਡਰਾਂ ਨੂੰ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਕਾਂਗਰਸ ਸਰਕਾਰ ਨੇ ਆਪਣਾ ਵਾਅਦਾ ਪੂਰਾ ਕਰਦਿਆਂ ਡਿਪੂ ਹੋਲਡਰਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦਿੱਤਾ ਹੈ। ਉਨ੍ਹਾਂ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੇ ਨਾਲ ਨਾਲ ਸਸਤੀ ਚਾਹ ਪੱਤੀ, ਖੰਡ ਤੇ ਦਾਲਾਂ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਸ ਨੂੰ ਵੀ ਬਹੁਤ ਛੇਤੀ ਅਮਲੀ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਨਤਕ ਵੰਡ ਪ੍ਰਣਾਲੀ ਨੂੰ ਈ-ਪੋਸ ਮਸ਼ੀਨਾਂ ’ਤੇ ਆਧਾਰਤ ਕਰਨਾ ਤੇ ਡਿਪੂ ਹੋਲਡਰਾਂ ਦੀ ਮਾਰਜਨ ਮਨੀ ਵਿੱਚ ਕੀਤਾ ਗਿਆ ਇਜ਼ਾਫਾ ਇਸ ਖੇਤਰ ਦੀ ਬਿਹਤਰੀ ਲਈ ਚੁੱਕੇ ਗਏ ਦੋ ਅਹਿਮ ਕਦਮ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਪ੍ਰਣਾਲੀ ਵਿਚਲੀਆਂ ਕਮੀਆਂ ਨੂੰ ਦੂਰ ਕਰਦਿਆਂ ਹਰ ਯੋਗ ਲਾਭਪਾਤਰੀ ਤੱਕ ਸਸਤਾ ਰਾਸ਼ਨ ਪੁੱਜਦਾ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਪਿਛਲੀ ਸਕਰਾਰ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਆਪਣੇ ਅਖੀਰਲੇ ਦਿਨ ਸੂਬੇ ਦੇ ਹਿੱਤਾਂ ਨੂੰ ਛਿੱਕੇ ਤੰਗ ਕੇ ਸੂਬੇ ਸਿਰ 31 ਹਜ਼ਾਰ ਕਰੋੜ ਦਾ ਹੋਰ ਵਾਧੂ ਬੋਝ ਪਾ ਗਈ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇੇਂਦਰ ਸਰਕਾਰ ਨਾਲ ਰਾਬਤਾ ਕਰ ਕੇ ਇਹ ਪੈਸੇ ਵਾਪਸ ਪੰਜਾਬ ਨੂੰ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਰੱਗ ਮਾਫੀਆ ਦਾ ਲੱਕ ਤੋੜਨ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿੱਚੋਂ ਇਸ ਸਮੱਸਿਆ ਦੇ ਖ਼ਾਤਮੇ ਲਈ ਵਚਨਬੱਧ ਹਨ। ਉਨ੍ਹਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਆਖਿਆ ਕਿ ਪੰਜਾਬ ਦੀ ਜ਼ਿੰਮੇਵਾਰੀ ਸਾਰੇ ਪੰਜਾਬੀਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਮੁੱਖ ਮੰਤਰੀ ਨੂੰ ਮਾੜੇ ਵਿੱਤੀ ਹਾਲਾਤ ਦੇ ਬਾਵਜੂਦ ਲੋਕਾਂ ਦੀ ਭਲਾਈ ਲਈ ਵੱਡੇ ਫੈਸਲੇ ਲੈਣ ਸਬੰਧੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਕਰਜ਼ਾ ਰਾਹਤ ਸਕੀਮ ਨੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ,ਜਿਨ੍ਹਾਂ ਨੂੰ ਪਿਛਲੀ ਸਰਕਾਰ ਨੇ ਰੋਲ ਕੇ ਰੱਖ ਦਿੱਤਾ ਸੀ। ਡਿਪੂ ਹੋਲਡਰਾਂ ਨੂੰ ਨਿੱਠ ਕੇ ਕੰਮ ਕਰਨ ਲਈ ਪ੍ਰੇਰਦਿਆਂ ਉਨ੍ਹਾਂ ਕਿਹਾ ਕਿ ਕਮਿਸ਼ਨ/ਮਾਰਜਨ ਮਨੀ ਵਿੱਚ ਵਾਧੇ ਦੇ ਨਾਲ ਨਾਲ ਡਿਪੂ ਹੋਲਡਰਾਂ ਦੀ ਜ਼ਿੰਮੇਵਾਰੀ ਵੀ ਵਧੀ ਹੈ।
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਖਿਆ ਕਿ ਵਿੱਤੀ ਪੱਖੋਂ ਪੰਜਾਬ ਦੇ ਹਾਲਾਤ ਬਹੁਤੇ ਸੁਖਾਵੇਂ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ ਤੇ ਡਿਪੂ ਹੋਲਡਰਾਂ ਨੂੰ 40 ਕਰੋੜ ਰੁਪਏ ਦੇ ਚੈੱਕ ਵੰਡਣ ਦੀ ਸ਼ੁਰੂਆਤ ਇਸ ਦਾ ਪ੍ਰਮਾਣ ਹਨ ਕਿ ਉਹ ਲੋਕਾਂ ਦੀਆਂ ਭਾਵਨਾਵਾਂ ਨੂੰ ਭਲੀ-ਭਾਂਤ ਜਾਣਦੇ ਹਨ। ਸ੍ਰੀ ਸਿੱਧੂ ਨੇ ਵੀ ਪਿਛਲੀ ਸਰਕਾਰ ਦੀ ਆਲੋਚਨਾ ਕਰਦਿਆਂ ਆਖਿਆ ਕਿ ਪਿਛਲੀ ਸਰਕਾਰ ਵੱਲੋਂ ਲਾਪ੍ਰਵਾਹੀ ਨਾਲ ਕੀਤੇ ਖਰਚੇ ਕਾਰਨ ਪੰਜਾਬ ਦੀ ਵਿੱਤੀ ਹਾਲਤ ਵਿਗੜੀ ਹੈ। ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਨ ਵਿੱਚ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਆਖਿਆ ਕਿ ਪੰਜਾਬ ਲਈ ਖੇਤੀ ਉਤਪਾਦਾਂ ਦਾ ਮੰਡੀਕਰਨ ਬਹੁਤ ਅਹਿਮ ਹੈ ਤੇ ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਕਿਸਾਨਾਂ ਨੂੰ ਇਸ ਸਬੰਧੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਢਾਂਚੇ ਵਿੱਚ ਡਿਪੂ ਹੋਲਡਰਾਂ ਦਾ ਅਹਿਮ ਸਥਾਨ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਬਹੁਤੇ ਹੀ ਸੰਜੀਦਗੀ ਨਾਲ ਵਿਚਾਰਿਆ ਜਾਂਦਾ ਹੈ। ਸ੍ਰੀ ਸਿਨਹਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਵਿਭਾਗ ਦਾ ਚਹੁੰਮੁਖੀ ਵਿਕਾਸ ਯਕੀਨੀ ਬਣਿਆ ਹੈ।
ਸਮਾਗਮ ਵਿੱਚ ਕੁਲਜੀਤ ਸਿੰਘ ਨਾਗਰਾ, ਗੁਰਪ੍ਰੀਤ ਸਿੰਘ ਜੀਪੀ, ਅੰਗਦ ਸਿੰਘ (ਤਿੰਨੋਂ ਵਿਧਾਇਕ), ਪੰਜਾਬ ਸਟੇਟ ਕੰਜ਼ਿਊਮਰ ਡਿਸਪਿਊਟ ਰੀਡਰੈਸਲ ਕਮਿਸ਼ਨ ਦੇ ਪ੍ਰਧਾਨ ਸੇਵਾ ਮੁਕਤ ਜਸਟਿਸ ਪਰਮਜੀਤ ਸਿੰਘ ਧਾਲੀਵਾਲ, ਖ਼ੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੀ ਡਾਇਰੈਕਟਰ ਆਨੰਦਿਤਾ ਮਿੱਤਰਾ, ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਤੇ ਐਸ.ਐਸ.ਪੀ. ਕੁਲਦੀਪ ਸਿੰਘ ਚਾਹਲ, ਜੀਐਸ ਰਿਆੜ, ਜਸਪਾਲ ਸਿੰਘ ਜ਼ੀਰਕਪੁਰ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਡਿਪੂ ਹੋਲਡਰ ਤੇ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ

ਅਦਾਲਤ ਦੇ ਹੁਕਮਾਂ ’ਤੇ ਮਾਲਵਿੰਦਰ ਮਾਲੀ ਜੇਲ੍ਹ ’ਚੋਂ ਰਿਹਾਅ, ਦੋਸਤ ਨੇ ਭਰਿਆ ਜ਼ਮਾਨਤੀ ਬਾਂਡ ਪੰਜਾਬ ਸਰਕਾਰ ਤ…