
ਸਨੈਚਿੰਗ ਮਾਮਲਾ: ਕਰੋਨਾ ਰਿਪੋਰਟ ਨੈਗੇਟਿਵ ਆਉਣ ’ਤੇ ਦੋਵੇਂ ਮੁਲਜ਼ਮ ਜੇਲ੍ਹ ਭੇਜੇ
ਜੋਤੀ ਸਿੰਗਲਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ:
ਮੁਹਾਲੀ ਪੁਲੀਸ ਵੱਲੋਂ ਸਨੈਚਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਦੋ ਮੁਲਜ਼ਮਾਂ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਦਿੜ੍ਹਬਾ (ਸੰਗਰੂਰ) ਦੀ ਕਰੋਨਾ ਰਿਪੋਰਟ ਨੈਗੇਟਿਵ ਆਉਣ ’ਤੇ ਉਨ੍ਹਾਂ ਨੂੰ ਲੁਧਿਆਣਾ ਜੇਲ੍ਹ ਭੇਜ ਦਿੱਤਾ ਹੈ। ਮੁਹਾਲੀ ਅਦਾਲਤ ਨੇ ਵੀਰਵਾਰ ਨੂੰ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜਣ ਦੇ ਹੁਕਮ ਦਿੱਤੇ ਗਏ ਸੀ ਲੇਕਿਨ ਪੁਲੀਸ ਨੂੰ ਉਨ੍ਹਾਂ ਦੀ ਕਰੋਨਾ ਟੈਸਟ ਦੀ ਰਿਪੋਰਟ ਨਾ ਮਿਲਣ ਕਾਰਨ ਅਦਾਲਤ ’ਚੋਂ ਰਾਹਦਾਰੀ ਵਰੰਟ ਲੈ ਕੇ ਮੁਲਜ਼ਮਾਂ ਨੂੰ ਜੇਲ੍ਹ ਭੇਜਣ ਦੀ ਥਾਂ ਥਾਣੇ ਦੀ ਹਵਾਲਾਤ ਵਿੱਚ ਬੰਦ ਰੱਖਿਆ ਹੋਇਆ ਸੀ। ਇਹ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐਸਆਈ ਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 379 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ’ਤੇ ਇਕ ਕਾਰ ਚਾਲਕ ਤੋਂ ਮੋਬਾਈਲ ਫੋਨ ਅਤੇ ਲੈਪਟਾਪ ਖੋਹ ਕੇ ਲਿਜਾਉਣ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਉਣ ’ਤੇ ਉਨ੍ਹਾਂ ਨੂੰ ਲੁਧਿਆਣਾ ਜੇਲ੍ਹ ਵਿੱਚ ਛੱਡਿਆ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-66 ਦਾ ਵਸਨੀਕ ਅਨਿਲ ਕੁਮਾਰ ਬੀਤੀ 7 ਜੁਲਾਈ ਨੂੰ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਬਾਰਸ਼ ਜ਼ਿਆਦਾ ਤੇਜ਼ ਹੋਣ ਕਾਰਨ ਉਹ ਸੜਕ ਕਿਨਾਰੇ ਕਾਰ ਖੜੀ ਕਰਕੇ ਫੋਨ ਸੁਣਨ ਲੱਗ ਪਿਆ। ਇਸ ਦੌਰਾਨ ਉੱਥੇ ਦੋ ਵਿਅਕਤੀ ਆਏ। ਜਿਨ੍ਹਾਂ ਨੇ ਕਾਰ ਚਾਲਕ ਤੋਂ ਮੋਬਾਈਲ ਫੋਨ ਖੋਹ ਲਿਆ ਅਤੇ ਕਾਰ ਵਿੱਚ ਸੀਟ ’ਤੇ ਪਿਆ ਲੈਪਟਾਪ ਚੁੱਕ ਕੇ ਫਰਾਰ ਹੋ ਗਏ। ਪੁਲੀਸ ਨੇ ਕਾਰ ਚਾਲਕ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਏਐਸਆਈ ਰਸ਼ਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਅਤੇ ਲੈਪਟਾਪ ਵੀ ਬਰਾਮਦ ਕੀਤਾ ਗਿਆ।