Nabaz-e-punjab.com

ਸਰਬੱਤ ਸਿਹਤ ਬੀਮਾ ਯੋਜਨਾ: ਹੁਣ ਤੱਕ ਮਰੀਜ਼ਾਂ ਦਾ 127.66 ਕਰੋੜ ਦਾ ਇਲਾਜ ਕੀਤਾ: ਸਿੱਧੂ

ਪੀਣ ਵਾਲੇ ਪਾਣੀ ਦੀ ਸਪਲਾਈ ਲਈ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਕੀਤੀ ਰਸਮੀ ਸ਼ੁਰੂਆਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਜਨਵਰੀ:
ਪੰਜਾਬ ਸਰਕਾਰ ਦੀ ਵੱਕਾਰੀ ਸਰਬੱਤ ਸਿਹਤ ਬੀਮਾ ਯੋਜਨਾ ਆਪਣੀ ਸਫਲਤਾ ਨਾਲ ਨਵੇਂ ਮੁਕਾਮ ਸਿਰਜ ਰਹੀ ਹੈ। ਇਸ ਯੋਜਨਾ ਤਹਿਤ ਹੁਣ ਤੱਕ ਕਰੀਬ 1,11,685 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸੂਬੇ ਦੀ 75 ਫੀਸਦੀ ਆਬਾਦੀ ਦੇ ਇਸ ਯੋਜਨਾ ਤਹਿਤ ਕਾਰਡ ਬਣਾਏ ਜਾ ਚੁੱਕੇ ਹਨ ਅਤੇ ਬਾਕੀ ਰਹਿੰਦੇ ਲੋਕਾਂ ਦੇ ਕਾਰਡ ਵੀ ਜਲਦੀ ਬਣਾਏ ਜਾਣਗੇ। ਇਹ ਗੱਲ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਨਜ਼ਦੀਕੀ ਪਿੰਡ ਸਨੇਟਾ ਵਿੱਚ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ। ਇਸ ਮੌਕੇ ਉਨ੍ਹਾਂ ਨੇ ਰਵੀਦਾਸ ਧਰਮਸ਼ਾਲਾ ਲਈ ਪੰਜ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦਿੱਤਾ ਅਤੇ ਪਿੰਡ ਵਾਸੀਆਂ ਦੀ ਪਿਆਸ ਬੁਝਾਉਣ ਅਤੇ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਦੇ ਕੰਮ ਦੀ ਰਸਮੀ ਸ਼ੁਰੂਆਤ ਕੀਤੀ।
ਸ੍ਰੀ ਸਿੱਧੂ ਨੇ ਦੱਸਿਆ ਕਿ ਪੰਜਾਬ ਦੇ 662 ਹਸਪਤਾਲਾਂ ਨੂੰ ਇਸ ਸਕੀਮ ਤਹਿਤ ਇਲਾਜ ਲਈ ਸੂਚੀਬੱਧ ਕੀਤਾ ਗਿਆ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੁਣ ਤੱਕ ਮਰੀਜ਼ਾਂ ਦਾ 127.66 ਕਰੋੜ ਰੁਪਏ ਦਾ ਇਲਾਜ ਕਰ ਕੇ ਲਾਭ ਪਹੁੰਚਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ ਪਿੰਡਾਂ ਦਾ ਸ਼ਹਿਰਾਂ ਦੀ ਤਰਜ਼ ’ਤੇ ਯੋਜਨਾਬੱਧ ਵਿਕਾਸ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਜਿੱਥੇ ਸਾਰੀਆਂ ਗਲੀਆਂ-ਨਾਲੀਆਂ ਪੱਕੀਆਂ ਕੀਤੀਆਂ ਜਾ ਰਹੀਆਂ ਹਨ, ਉੱਥੇ ਸੰਪਰਕ ਸੜਕਾਂ ਦੀ ਨੁਹਾਰ ਬਦਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਏ ਜਾ ਰਹੇ ਹਨ। ਕਿਸੇ ਵੀ ਪਿੰਡ ਦੀ ਕੋਈ ਵੀ ਗਲੀ ਤੇ ਨਾਲੀ ਕੱਚੀ ਨਹੀਂ ਰਹਿਣ ਦਿੱਤੀ ਜਾਵੇਗੀ, ਫਿਰ ਚਾਹੇ ਉਸ ਗਲੀ ਦੇ ਲੋਕਾਂ ਦਾ ਸਬੰਧ ਕਿਸੇ ਵੀ ਪਾਰਟੀ ਨਾਲ ਹੋਵੇ। ਉਨ੍ਹਾਂ ਆਮ ਲੋਕਾਂ ਨੂੰ ਵੀ ਧੜੇਬੰਦੀ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਵਧਾਉਣ ਲਈ ਕਿਹਾ।
‘ਸਾਡਾ ਪੰਜਾਬ, ਤੰਦਰੁਸਤ ਪੰਜਾਬ’ ਦਾ ਅਹਿਦ ਦੁਹਰਾਉਂਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮਿਲਾਵਟਖੋਰੀ ਨੂੰ ਨੱਥ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਣ-ਪੀਣ ਵਾਲੀਆਂ ਵਸਤਾਂ ਦੇ ਨਮੂਨੇ ਲੈਣ ਦੀ ਮੁਹਿੰਮ ਵੀ ਤੇਜ਼ ਕੀਤੀ ਗਈ ਹੈ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਨੇ ਦੱਸਿਆ ਕਿ ਟਿਊਬਵੈੱਲ ਦੇ ਕੰਮ ’ਤੇ ਕੁਲ 28 ਲੱਖ ਰੁਪਏ ਦੀ ਲਾਗਤ ਆਏਗੀ। ਇਹ ਪ੍ਰਾਜੈਕਟ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਕਿੱਲਤ ਨਹੀਂ ਰਹੇਗੀ। ਉਨ੍ਹਾਂ ਦੱਸਿਆ ਕਿ ਸਨੇਟਾ ਤੋਂ ਗਡਾਣਾ ਤੇ ਢੇਲਪੁਰ ਨੂੰ ਜਾਂਦੀ ਸੜਕ ਅਤੇ ਦੈੜੀ ਤੋਂ ਨਗਾਰੀ, ਗੀਗੇਮਾਜਰਾ ਤੇ ਮੀਢੇਮਾਜਰਾ ਨੂੰ ਜਾਂਦੀ ਸੜਕ ਨੂੰ 18 ਫੁੱਟ ਚੌੜੀ ਕਰਨ ਦੀ ਤਜਵੀਜ਼ ਹੈ। ਇਹ ਮਾਮਲਾ ਸਿਹਤ ਮੰਤਰੀ ਸ੍ਰੀ ਸਿੱਧੂ ਨੇ ਮੁੱਖ ਮੰਤਰੀ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਅਤੇ ਇਸ ’ਤੇ ਛੇਤੀ ਕਾਰਵਾਈ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਬੀਡੀਪੀਓ ਹਿਤੇਨ ਕਪਿਲਾ, ਕਿਸਾਨ ਆਗੂ ਜੀਐਸ ਰਿਆੜ, ਯੂਥ ਆਗੂ ਰਜਿੰਦਰ ਸਿੰਘ ਰਾਏਪੁਰ, ਚੌਧਰੀ ਭਗਤ ਰਾਮ ਸਰਪੰਚ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਗੁਰਧਿਆਨ ਸਿੰਘ ਦੁਰਾਲੀ, ਚੌਧਰੀ ਰਿਸ਼ੀਪਾਲ ਸਨੇਟਾ, ਸਰਪੰਚ ਗੋਬਿੰਦਗੜ੍ਹ ਰਾਮੇਸ਼ਵਰ, ਬੰਤ ਸਿੰਘ, ਬਹਾਦਰ ਸਿੰਘ, ਨਿਰਮਲ ਸਿੰਘ ਅਤੇ ਹੈਪੀ ਗੋਬਿੰਦਗੜ੍ਹ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …