ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਲਈ ਸਹਿਯੋਗ ਦੇਣ ਸਮਾਜ ਸੇਵੀ ਸੰਸਥਾਵਾਂ: ਕ੍ਰਿਸ਼ਨ ਕੁਮਾਰ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ 35 ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਫਰਵਰੀ:
ਸਿੱਖਿਆ ਮੰਤਰੀ ਓਪੀ ਸੋਨੀ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਪੰਜਾਬ ਦੀਆਂ 35 ਵੱਖ ਵੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸਿੱਖਿਆ ਵਿਭਾਗ ਵੱਲੋਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਆਨਲਾਈਨ ਮੀਟਿੰਗਾਂ ਕੀਤੀਆਂ ਗਈਆਂ ਸਨ। ਇਸੇ ਲੜੀ ਤਹਿਤ ਅੱਜ ਮੁੱਖ ਦਫ਼ਤਰ ਵਿੱਚ ਸਿੱਖਿਆ ਸਕੱਤਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਦਾਖ਼ਲਾ ਦਰ ਵਧਾਉਣ ਲਈ ਉਤਸ਼ਾਹਿਤ ਕਰਨ, ਸਕੂਲਾਂ ਵਿੱਚ ਹਾਜ਼ਰੀ ਦੀ ਪ੍ਰਤੀਸ਼ਤਤਾ 100 ਫੀਸਦੀ ਤੱਕ ਪਹੁੰਚਾਉਣ ਅਤੇ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਰਕਾਰੀ ਸਕੂਲਾਂ ਦੇ ਸੁੰਦਰੀਕਰਨ ਕਰਨ ਲਈ ਸਹਿਯੋਗ ਦੇਣ ਅਤੇ ਸਕੂਲਾਂ ਵਿੱਚ ਸਮਾਰਟ ਕਲਾਸ-ਰੂਮ ਵਧਾਉਣ ਲਈ ਮਲਟੀਮੀਡੀਆ ਸਾਧਨਾਂ ਦੀ ਉਪਲਬਧਤਾ ਕਰਵਾਉਣ ਲਈ ਭਰਪੂਰ ਸਹਿਯੋਗ ਦੇਣ ਦੀ ਅਪੀਲ ਕੀਤੀ।
ਸ੍ਰੀ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਸੂਬੇ ਭਰ ਵਿੱਚ ਅਧਿਆਪਕਾਂ ਦੀ ਲਗਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਨੂੰ ਵਿਲੱਖਣ ਦਿਖਾਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਸਿਲਸਿਲਾ ਜਾਰੀ ਰਹੇਗਾ। ਸਕੱਤਰ ਨੇ ਭਰੋਸਾ ਦਿੱਤਾ ਕਿ ਸਰਕਾਰੀ ਸਕੂਲਾਂ ਦੀਆਂ ਇਮਾਰਤਾਂ ਨੂੰ ਪ੍ਰਾਈਵੇਟ ਕਾਨਵੈਂਟ ਸਕੂਲਾਂ ਦੇ ਮੁਕਾਬਲੇ ਖ਼ੂਬਸੂਰਤ ਬਣਾਉਣ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੀਟਿੰਗ ਵਿੱਚ ਡੀਪੀਆਈ (ਐਲੀਮੈਂਟਰੀ) ਇੰਦਰਜੀਤ ਸਿੰਘ ਸਮੇਤ ਗੈਰ ਸਰਕਾਰੀ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਿਪਟੀ ਐੱਸਪੀਡੀ ਸੰਜੀਵ ਸ਼ਰਮਾ ਅਤੇ ਹੋਰ ਸਿੱਖਿਆ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…