Nabaz-e-punjab.com

ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ: ਰਾਣਾ ਕੇਪੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਉਦਘਾਟਨ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਅਗਸਤ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਸਿੱਖਿਆ ਦਾ ਸਮਾਜ ਦੀ ਤਰੱਕੀ ਨਾਲ ਡੂੰਘਾ ਸਬੰਧ ਹੈ। ਸਿੱਖਿਆ ਤੋਂ ਬਿਨਾਂ ਕੋਈ ਵੀ ਸਮਾਜ ਜਾਂ ਦੇਸ਼ ਤਰੱਕੀ ਨਹੀਂ ਸਕਦਾ। ਇਹ ਪ੍ਰਗਟਾਵਾ ਰਾਣਾ ਕੇਪੀ ਸਿੰਘ ਸਪੀਕਰ, ਪੰਜਾਬ ਵਿਧਾਨ ਸਭਾ ਨੇ ਅੱਜ ਪੰਜਾਬ ਸਰਕਾਰ ਦੀ ਸੈਲਫਮੇਡ ਸਮਾਰਟ ਸਕੂਲ ਸਕੀਮ ਅਧੀਨ ਜ਼ਿਲ੍ਹਾ ਮੁਹਾਲੀ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦਾ ਸਮਾਰਟ ਸਕੂਲ ਵਜੋਂ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਵਿਦਿਆਰਥੀ ਦੇ ਜੀਵਨ ਵਿੱਚ ਮਾਪਿਆਂ ਦੇ ਨਾਲ ਅਧਿਆਪਕਾਂ ਦਾ ਰੋਲ ਬਹੁਤ ਅਹਿਮ ਹੁੰਦਾ ਹੈ। ਜਿੱਥੇ ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬੱਚੇ ਦੀ ਸਿੱਖਿਆ ਵੱਲ ਵਿਸ਼ੇਸ਼ ਤਵੱਜੋਂ ਦੇਣ, ਉਥੇ ਅਧਿਆਪਕਾਂ ਨੂੰ ਵੀ ਪੂਰੀ ਵਚਨਬੱਧਤਾ ਅਤੇ ਸੁਹਿਰਦਤਾ ਨਾਲ ਵਿਦਿਆਰਥੀ ਨੂੰ ਪੜ੍ਹਾਉਣਾ ਚਾਹੀਦਾ ਹੈ।
ਉਨ੍ਹਾਂ ਇਸ ਮੌਕੇ ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਦਿਆਰਥੀਆਂ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਦੇ ਸਮਾਰਟ ਬਣਨ ਉਤੇ ਵਧਾਈ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਅਗਾਂਹਵਧੂ ਸੋਚ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਬਦਲਣ ਦਾ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ ਅਤੇ ਸਾਲ 2020 ਤੱਕ ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਸਮਾਰਟ ਬਣਾਉਣਾ ਸਰਕਾਰ ਦੀ ਟੀਚਾ ਹੈ।
ਉਨ੍ਹਾਂ ਇਸ ਮੌਕੇ ਬਲਦੇਵ ਸਿੰਘ (ਐਨਆਰਆਈ), ਜਿਨ੍ਹਾਂ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਜਾਤੜੀ ਨੂੰ ਸਮਾਰਟ ਬਣਾਉਣ ਲਈ ਸਹਿਯੋਗ ਦਿੱਤਾ ਗਿਆ ਹੈ, ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਸ ਸਕੂਲ ਦੀ ਪੂਰੀ ਇਮਾਰਤ ਵਿੱਚ ਬੀਏਐਲਏ (ਬਿਲਡਿੰਗ ਐਸ ਲਰਨਿੰਗ ਏਡ) ਤਹਿਤ ਬਹੁਤ ਵਧੀਆ ਢੰਗ ਨਾਲ ਕੰਮ ਕਰਵਾਇਆ ਗਿਆ ਹੈ, ਜਿਸ ਨਾਲ ਵਿਦਿਆਰਥੀ ਆਪਣੇ ਵਿਸ਼ੇ ਬਾਰੇ ਆਸਾਨੀ ਨਾਲ ਸਿੱਖ ਸਕਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸਡੀਐਮ ਵਿਨੋਦ ਬਾਂਸਲ, ਜ਼ਿਲ੍ਹਾ ਸਿੱਖਿਆ ਅਫਸਰ (ਸ) ਹਿੰਮਤ ਸਿੰਘ ਹੁੰਦਲ ਸਮੇਤ ਸਕੂਲ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…