nabaz-e-punjab.com

ਬਜ਼ੁਰਗਾਂ ਦੀ ਸੰਭਾਲ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ: ਡੀਸੀ ਸ੍ਰੀਮਤੀ ਸਪਰਾ

ਨੌਜਵਾਨਾਂ ਨੂੰ ਬਜ਼ੁਰਗਾਂ ਤੋਂ ਸੇਧ ਲੈਣ ਲਈ ਪੇ੍ਰਰਿਆ, ਬਜ਼ੁਰਗਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਬਜ਼ੁਰਗ ਸਮਾਜ ਦਾ ਅਸਲ ਸਰਮਾਇਆ ਹਨ ਤੇ ਬਜ਼ੁਰਗਾਂ ਦੀ ਸੰਭਾਲ ਤੋਂ ਬਿਨਾਂ ਸਮਾਜ ਦੀ ਤਰੱਕੀ ਨਹੀਂ ਹੋ ਸਕਦੀ। ਨੌਜਵਾਨਾਂ ਨੂੰ ਜੋ ਗਿਆਨ ਬਜ਼ੁਰਗਾਂ ਦੇ ਤਰਜਬੇ ਤੋਂ ਮਿਲ ਸਕਦਾ ਹੈ ਉਹ ਹੋਰ ਕਿਸੇ ਸਾਧਨ ਜਾਂ ਸਰੋਤ ਰਾਹੀਂ ਨਹੀਂ ਮਿਲ ਸਕਦਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਕੌਮਾਂਤਰੀ ਸੀਨੀਅਰ ਸਿਟੀਜ਼ਨ ਦਿਵਸ ਸਬੰਧੀ ਸਰਕਾਰੀ ਕਾਲਜ ਫੇਜ਼-6 ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਾਲਜ ਦੇ ਵਿਹੜੇ ਵਿੱਚ ਬੂਟਾ ਲਾ ਕੇ ਵਾਤਾਵਰਨ ਸੰਭਾਲ ਦਾ ਸੱਦਾ ਵੀ ਦਿੱਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਜੋ ਕੁਝ ਉਨ੍ਹਾਂ ਨੇ ਆਪਣੇ ਬਜ਼ੁਰਗਾਂ ਤੋਂ ਸਿੱਖਿਆ ਹੈ, ਉਹ ਅੱਜ ਤੱਕ ਉਨ੍ਹਾਂ ਲਈ ਸਹਾਈ ਸਿੱਧ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗੀ ਦੇ ਸਮੇਂ ਵਿੱਚ ਸਭ ਤੋਂ ਵੱਡੀ ਮੁਸ਼ਕਲ ਇਕਲਾਪੇ ਦੀ ਆਉਂਦੀ ਹੈ ਤੇ ਬਜ਼ੁਰਗਾਂ ਨਾਲ ਗੱਲਬਾਤ ਕਰਨ ਨਾਲ ਹੀ ਉਨ੍ਹਾਂ ਦੀਆਂ ਵੱਡੀ ਗਿਣਤੀ ਮੁਸ਼ਕਲਾਂ ਹੱਲ ਹੋ ਜਾਂਦੀਆਂ ਹਨ। ਉਨ੍ਹਾਂ ਨੇ ਸਮਾਗਮ ਵਿੱਚ ਹਾਜ਼ਰ ਨੌਜਵਾਨਾਂ ਨੂੰ ਬਜ਼ੁਰਗਾਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਬਜ਼ੁਰਗਾਂ ਨਾਲ ਸਮਾਂ ਬਿਤਾ ਕੇ ਉਹ ਜਿਹੜੀਆਂ ਗੱਲਾਂ ਸਿੱਖਣਗੇ, ਉਹ ਸਾਰੀ ਜ਼ਿੰਦਗੀ ਉਨ੍ਹਾਂ ਦੇ ਕੰਮ ਆਉਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਜ਼ੁਰਗਾਂ ਸਮੇਤ ਕਿਸੇ ਵੀ ਵਰਗ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਗੱਲ ਦਾ ਵਿਸ਼ੇਸ਼ ਤੌਰ ਉਤੇ ਧਿਆਨ ਰੱਖਿਆ ਜਾ ਰਿਹਾ ਹੈ ਕਿ ਬਜ਼ੁਰਗਾਂ ਨੂੰ ਸਾਰੀਆਂ ਸਕੀਮਾਂ ਦਾ ਬਣਦਾ ਲਾਭ ਹਰ ਹਾਲ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੇ ਹਰ ਮੰਗਲਵਾਰ ਬਾਅਦ ਦੁਪਹਿਰ ਦਾ ਸਮਾਂ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣਨ ਲਈ ਰੱਖਿਆ ਹੋਇਆ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇੱਕ ਬਿਰਧ ਆਸ਼ਰਮ ਬਣਾਉਣ ਸਬੰਧੀ ਇੱਕ ਪ੍ਰਾਈਵੇਟ ਸੰਸਥਾ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਹ ਗੱਲ ਯਕੀਨੀ ਬਣਾਉਣਗੇ ਕਿ ਕਿਸੇ ਵੀ ਅਦਾਰੇ ਵਿੱਚ ਆਪਣੇ ਕੰਮ-ਕਾਜ ਲਈ ਜਾਣ ਵਾਲੇ ਬਜ਼ੁਰਗਾਂ ਨਾਲ ਉਥੋਂ ਦਾ ਸਟਾਫ਼ ਬਾਅਦਬ ਗੱਲਬਾਤ ਕਰੇ। ਇਸ ਮੌਕੇ ਮੋਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਡਿਪਟੀ ਕਮਿਸ਼ਨਰ ਸਨਮੁੱਖ ਆਪਣੀਆਂ ਮੰਗਾਂ ਰੱਖੀਆਂ ਗਈਆਂ, ਜਿਨ੍ਹਾਂ ’ਤੇ ਗੰਭੀਰਤਾ ਨਾਲ ਵਿਚਾਰ ਕਰ ਕੇ ਉਨ੍ਹਾਂ ਪੂਰੀਆਂ ਕਰਨ ਦਾ ਡਿਪਟੀ ਕਮਿਸ਼ਨਰ ਵੱਲੋਂ ਭਰੋਸਾ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਸਿਟੀਜ਼ਨਜ਼ ਦਾ ਸਨਮਾਨ ਵੀ ਕੀਤਾ ਗਿਆ।
ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਨ, ਪੇਂਟਿੰਗ ਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਵੀ ਕਰਵਾਏ ਗਏ। ਸਮਾਗਮ ਦੌਰਾਨ ਜ਼ਿਲ੍ਹਾ ਸਮਾਜਕ ਸੁਰੱਖਿਆ ਅਫ਼ਸਰ ਰਵਿੰਦਰ ਸਿੰਘ ਰਾਹੀ, ਮੁਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੇ ਪ੍ਰਧਾਨ ਜੀ.ਐਸ. ਛੀਨਾ, ਜਨਰਲ ਸਕੱਤਰ ਐਚ.ਐਸ.ਮੰਡ, ਜੀ.ਐਸ.ਭੋਗਲ, ਸੀ.ਡੀ.ਪੀ.ਓ. ਅਰਵਿੰਦਰ ਕੌਰ, ਕਾਲਜ ਪ੍ਰਿੰਸੀਪਲ ਕੋਮਲ ਬਰੋਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…