
ਸੋਹਾਣਾ: 54ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ 1 ਅਕਤੂਬਰ ਨੂੰ
ਨਬਜ਼-ਏ-ਪੰਜਾਬ, ਮੁਹਾਲੀ, 29 ਸਤੰਬਰ:
ਧੰਨ ਧੰਨ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੀ 54ਵੀਂ ਲੜੀ ਦੇ 5454ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖੁਸ਼ੀ ਵਿੱਚ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ 1 ਅਕਤੂਬਰ ਨੂੰ ਕੀਤਾ ਜਾ ਰਿਹਾ ਹੈ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਦੀ ਖ਼ੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਕਥਾ, ਕੀਰਤਨ, ਕਵੀਸ਼ਰੀ, ਢਾਡੀ ਵਾਰਾਂ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਲੱਡੂ ਜਲੇਬੀਆਂ ਅਤੇ ਹੋਰ ਕਈ ਪ੍ਰਕਾਰ ਦੇ ਭੋਜਣ ਦਾ ਮਹਾਨ ਜੱਗ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤੇਗਾ।