
ਸੋਹਾਣਾ: 52ਵੀਂ ਲੜੀ ਦੀ ਸੰਪੂਰਨਤਾਈ ਤੇ ਮਹਾਨ ਜੱਗ ਅਤੇ ਧਾਰਮਿਕ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਇਤਿਹਾਸਕ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ 29 ਨਵੰਬਰ 1993 ਤੋਂ ਨਿਰੰਤਰ ਚੱਲ ਰਹੀ ਸਦੀਵੀ ਲੜੀ ਅਧੀਨ ਸ੍ਰੀ ਅਖੰਡ ਪਾਠ ਸਾਹਿਬ ਦੀ 52ਵੀਂ ਲੜੀ ਦੇ 5252ਵੇਂ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ਦੀ ਖ਼ੁਸ਼ੀ ਵਿੱਚ ਅੱਜ ਮਹਾਨ ਜੱਗ ਅਤੇ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਜਸਵੰਤ ਸਿੰਘ ਬਢਾਨਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸ੍ਰੀ ਗੁਰੂ ਗੰ੍ਰਥ ਸਾਹਿਬ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਸੰਗਤ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਦੱਸਿਆ।
ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੇ ਆਪਣੇ ਪ੍ਰਵਚਨਾਂ ਰਾਹੀਂ ਖੰਡੇ ਬਾਟੇ ਦੀ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਭਾਈ ਕਰਮਜੋਤ ਸਿੰਘ ਆਲਮਪੁਰੀ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਭਾਈ ਹਰਦੀਪ ਸਿੰਘ ਦਮਦਮੀ ਟਕਸਾਲ, ਭਾਈ ਹਰਨੇਕ ਸਿੰਘ, ਭਾਈ ਮਹਿੰਦਰਪਾਲ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਨਿਰਮੈਲ ਸਿੰਘ, ਭਾਈ ਓਂਕਾਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਲੱਡੂ, ਜਲੇਬੀਆਂ ਸਮੇਤ ਕਈ ਤਰ੍ਹਾਂ ਦੀਆਂ ਮਿਠਾਈਆਂ ਅਤੇ ਗੁਰੂ ਕਾ ਅਤੁੱਟ ਲੰਗਰ ਵਰਤਿਆ।

ਪ੍ਰਬੰਧਕਾਂ ਨੇ ਦੱਸਿਆ ਕਿ ਬ੍ਰਹਮਲੀਨ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਬਚਨਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ 29 ਨਵੰਬਰ 1993 ਤੋਂ ਅਰੰਭ ਹੋਈ ਸ੍ਰੀ ਅਖੰਡ ਪਾਠ ਸਾਹਿਬ ਦੀ ਇਹ ਸਦੀਵੀ ਲੜੀ ਲਗਾਤਾਰ ਚੱਲ ਰਹੀ ਹੈ। ਬਾਬਾ ਜੀ ਦੇ ਬਚਨਾਂ ਅਨੁਸਾਰ ਹਰੇਕ ਲੜੀ ਦੇ 101 ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਹੋਣ ’ਤੇ ਵਿਸ਼ਾਲ ਗੁਰਮਤਿ ਸਮਾਗਮ ਤੇ ਮਹਾਨ ਜੱਗ ਕੀਤਾ ਜਾਂਦਾ ਹੈ।