nabaz-e-punjab.com

ਸੋਹਾਣਾ ਪੁਲੀਸ ਅਤੇ ਐਸਟੀਐਫ਼ ਵੱਲੋਂ ਚਿੱਟੇ ਪਾਊਡਰ ਸਣੇ 5 ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ:
ਮੁਹਾਲੀ ਪੁਲੀਸ ਵੱਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸੋਹਾਣਾ ਪੁਲੀਸ ਨੇ ਅੱਜ ਦੋ ਨੌਜਵਾਨਾਂ ਨੂੰ 40 ਗਰਾਮ ਚਿੱਟੇ ਪਾਊਡਰ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਅਮਨਦੀਪ ਸਿੰਘ ਅਤੇ ਪਲਵਿੰਦਰ ਸਿੰਘ ਦੋਵੇਂ ਵਾਸੀ ਪਾਤੜਾਂ (ਜ਼ਿਲ੍ਹਾ ਪਟਿਆਲਾ) ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਹਾਲੀ ਵਿੱਚ ਹੋਣ ਵਾਲੇ ਸੂਬਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਆਮਦ ਨੂੰ ਲੈ ਕੇ ਮੁਹਾਲੀ ਏਅਰਪੋਰਟ ਚੌਂਕ ਤੋਂ ਪਿੰਡ ਦੈੜੀ ਵੱਲ ਜਾਂਦੀ ਸੜਕ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਕਤ ਨੌਜਵਾਨ ਕਾਰ ਵਿੱਚ ਸਵਾਰ ਹੋ ਕੇ ਬਨੂੜ ਵੱਲ ਜਾ ਰਹੇ ਸੀ। ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਦੋਵੇਂ ਨੌਜਵਾਨਾਂ ਕੋਲੋਂ 2020 ਗਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ’ਚੋਂ ਨਸ਼ੀਲਾ ਪਾਊਡਰ ਖ਼ਰੀਦ ਕੇ ਪਾਤੜਾਂ, ਸਮਾਣਾ ਇਲਾਕੇ ਵਿੱਚ ਆਪਣੇ ਗਾਹਕਾਂ ਨੂੰ ਵੇਚਦੇ ਹਨ ਅਤੇ ਖ਼ੁਦ ਵੀ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦੇ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਉਧਰ, ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀਆਂ ਨੂੰ 70 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਵਾਸੀ ਮੋਰਿੰਡਾ, ਨਰੇਸ਼ ਕੁਮਾਰ ਉਰਫ਼ ਨੀਸ਼ੂ ਵਾਸੀ ਗਿੱਲਕੋਵੈਲੀ ਰੂਪਨਗਰ ਅਤੇ ਮਨਜੀਤ ਸਿੰਘ ਮੱਦੋ ਮਾਜਰਾ (ਰੂਪਨਗਰ) ਵਜੋਂ ਹੋਈ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਐਸਟੀਐਫ਼ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਏਆਈਜੀ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੇ ਖ਼ਿਲਾਫ਼ ਪਹਿਲਾਂ ਵੀ ਵੱਖ ਵੱਖ ਥਾਣਿਆਂ ਵਿੱਚ ਸੱਤ ਕੇਸ ਦਰਜ ਹਨ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਦੱਸਿਆ ਕਿ ਉਹ ਕਿਸੇ ਨਾਇਜੀਰੀਅਨ ਤੋਂ ਹੈਰੋਇਨ ਲੈ ਕੇ ਆਉਂਦੇ ਹਨ ਅਤੇ ਜ਼ਿਲ੍ਹਾ ਰੂਪਨਗਰ ਵਿੱਚ ਵੱਖ ਵੱਖ ਇਲਾਕਿਆਂ ਵਿੱਚ ਵੇਚਦੇ ਹਨ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …