
ਸੋਹਾਣਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਬੀਬੀ ਰਾਜਵਿੰਦਰ ਕੌਰ ਖਾਲਸਾ ਅਤੇ ਅਨੰਦਪੁਰ ਸਾਹਿਬ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਅਤੇ ਛੇ ਗੁਰੂਆਂ ਅਤੇ ਭਗਤਾਂ ਦੀ ਬਾਣੀ ਬਾਰੇ ਜਾਣੂ ਕਰਵਾਇਆ। ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਰਾਗੀ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸਰਬਜੀਤ ਸਿੰਘ ਨੇ ਸ਼ਬਦ ਦੀ ਵਿਆਖਿਆ ਰਾਹੀਂ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਵੱਲੋਂ ਲਏ ਗਏ ਪਹਿਲੇ ਹੁਕਮਨਾਮੇ ਬਾਰੇ ਦੱਸਿਆ।

ਇਸ ਮੌਕੇ ਭਾਈ ਓਂਕਾਰ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਭਾਈ ਜਗਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਗੁਰਸੇਵਕ ਸਿੰਘ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।