
ਸੋਹਾਣਾ ਦੇ ਨੌਜਵਾਨਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਰੋਸ ਮਾਰਚ 5 ਜੂਨ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਇੱਥੋਂ ਦੇ ਇਤਿਹਾਸਕ ਨਗਰ ਪਿੰਡ ਸੋਹਾਣਾ ਦੇ ਉੱਦਮੀ ਨੌਜਵਾਨਾਂ ਦੀ ਸਮਾਜ ਸੇਵੀ ਸੰਸਥਾ ਯੂਥ ਕਲੱਬ ਸੋਹਾਣਾ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਸੰਘਰਸ਼ ਦੇ ਹੱਕ ਵਿੱਚ 5 ਜੂਨ ਨੂੰ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾ ਸੋਹਾਣਾ ਤੋਂ ਬੈਸਟੈਕ ਮਾਲ ਤੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਸ ਸਬੰਧੀ ਫੈਸਲਾ ਕਲੱਬ ਦੇ ਪ੍ਰਧਾਨ ਗੁਰਦੀਪ ਸਿੰਘ (ਗੁਰੀ) ਬੈਦਵਾਨ ਦੀ ਅਗਵਾਈ ਵਿੱਚ ਅੱਜ ਹੋਈ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦੇ ਹੋਏ ਕਲੱਬ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਜਵਾਨਾਂ ਵੱਲੋਂ 5 ਜੂਨ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਸਾਹਮਣੇ ਇਕੱਠ ਕੀਤਾ ਜਾਵੇਗਾ ਅਤੇ ਬੈਸਟੈਕ ਮਾਲ ਪਹੁੰਚ ਕੇ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਪੁਤਲਾ ਸਾੜ ਕੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਕੇਂਦਰ ਸਰਕਾਰ ਵੱਲੋਂ ਬਣਾਏ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ ਜਾਣਗੀਆਂ।
ਮੀਟਿੰਗ ਵਿੱਚ ਸੁਖਵਿੰਦਰ ਸਿੰਘ, ਰਜਿੰਦਰ ਸਿੰਘ, ਚੈਰੀ ਸੋਹਾਣਾ, ਅੰਮ੍ਰਿਤ ਬੈਦਵਾਨ ਅਤੇ ਹੋਰ ਨੌਜਵਾਨ ਹਾਜ਼ਰ ਸਨ।