ਕਣਕ ਦੀ ਖ਼ਰੀਦ ਸਬੰਧੀ ਮਸਲਿਆਂ ਦੇ ਨਿਪਟਾਰੇ ਲਈ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਵਿੱਚ ਕਣਕ ਦੀ ਵਾਢੀ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਿਆ ਹੈ ਅਤੇ ਅਨਾਜ ਮੰਡੀਆਂ ਵਿੱਚ ਕਿਸਾਨ ਆਪਣੀ ਫ਼ਸਲ ਲੈ ਕੇ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਬੀਤੀ 1 ਅਪਰੈਲ ਤੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਮੰਡੀ ਬੋਰਡ ਦੇ ਮੁਹਾਲੀ ਦੇ ਸੈਕਟਰ-65ਏ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਤਾਂ ਜੋ ਹਾੜੀ ਦੇ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਕਾਰਜਾਂ ਸਬੰਧੀ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਲਾਂ ਦਾ ਫੌਰੀ ਹੱਲ ਕੀਤਾ ਜਾ ਸਕੇ।
ਮੰਡੀ ਬੋਰਡ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਮੱਸਿਆਵਾਂ ਨੂੰ ਤੁਰੰਤ ਸੁਲਝਾਉਣ ਲਈ ਸੰਪਰਕ ਨੰਬਰ ਵੀ ਜਾਰੀ ਕੀਤੇ ਹਨ। ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਣਕ ਦੀ ਨਿਰਵਿਘਨ ਖ਼ਰੀਦ ਲਈ ਢੁਕਵੇਂ ਬੰਦੋਬਸਤ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰਾਂ, ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਸਮੇਤ ਸਮੂਹ ਖ਼ਰੀਦ ਏਜੰਸੀਆਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਜਾ ਚੁੱਕੀਆਂ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੰਡੀ ਬੋਰਡ ਅਤੇ ਫੂਡ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕਰਮਚਾਰੀ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕੰਟਰੋਲ ਰੂਮ ਵਿੱਚ ਮੌਜੂਦ ਰਹਿਣਗੇ ਤਾਂ ਜੋ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਪ੍ਰੇਸ਼ਾਨੀ ਆਉਣ ’ਤੇ ਤੁਰੰਤ ਸੁਲਝਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਕਿਸਾਨ ਅਤੇ ਆੜ੍ਹਤੀ ਸੰਪਰਕ ਨੰਬਰ 0172-5101659, 5101643, 5101605 ਅਤੇ 5101650 ਉੱਤੇ ਰਾਬਤਾ ਕਾਇਮ ਕਰ ਸਕਦੇ ਹਨ। ਅਨਾਜ ਮੰਡੀਆਂ ਵਿੱਚ ਬਾਰਦਾਨਾ ਪਹੁੰਚਾ ਦਿੱਤਾ ਗਿਆ ਹੈ ਅਤੇ ਖ਼ਰੀਦ ਏਜੰਸੀਆਂ ਨੂੰ ਖਰੀਦੀ ਗਈ ਕਣਕ ਦੀ ਫ਼ਸਲ ਦੀ ਨਾਲੋਂ ਨਾਲ ਲਿਫ਼ਟਿੰਗ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਕਿਸਾਨਾਂ ਨੂੰ 72 ਘੰਟਿਆਂ ਦੇ ਅੰਦਰ ਅੰਦਰ ਖਰੀਦੀ ਗਈ ਕਣਕ ਦਾ ਭੁਗਤਾਨ ਕਰਨ ਦੇ ਵੀ ਆਦੇਸ਼ ਦਿੱਤੇ ਗਏ ਹਨ।

Load More Related Articles

Check Also

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ

ਨੰਬਰਦਾਰਾਂ ਦੀਆਂ ਹੱਕੀ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਯੋਗ ਪੈਰਵੀ ਕਰਨ ਦਾ ਮਤਾ ਪਾਸ ਭਗਤ ਆਸਾ ਰਾਮ ਜੀ ਦ…