ਜ਼ਿਲ੍ਹਾ ਮੁਹਾਲੀ ਵਿੱਚ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ: ਡੀਸੀ ਸ੍ਰੀਮਤੀ ਸਪਰਾ

100 ਸਰਕਾਰੀ ਸਕੂਲਾਂ ਵਿੱਚ ਲਾਏ ਜਾਣਗੇ ਕਿਫ਼ਾਇਤੀ ਰੇਨ ਵਾਟਰ ਹਾਰਵੈਸਟਿੰਗ/ਰੀਚਾਰਜਿੰਗ ਸਿਸਟਮ

ਜ਼ਿਲ੍ਹਾ ਗਰਾਊਂਡ ਵਾਟਰ ਰੈਗੂਲੇਸ਼ਨ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਵਿੱਚ ਡੀਸੀ ਵੱਲੋਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ:
ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਬਚਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਜ਼ਿਲ੍ਹਾ ਐਸ.ਏ.ਐਸ. ਨਗਰ ਦੇ 100 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਬਰਸਾਤੀ ਪਾਣੀ ਦੀ ਸੰਭਾਲ ਅਤੇ ਸੁਚੱਜੀ ਵਰਤੋਂ ਲਈ ਕਿਫਾਇਤੀ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਗਰਾਊਂਡ ਵਾਟਰ ਰੈਗੂਲੇਸ਼ਨ ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚਲੇ ਐਸ.ਟੀ.ਪੀਜ਼ ਦੇ ਪਾਣੀ ਦੀ ਵਰਤੋਂ ਯਕੀਨੀ ਬਣਾਈ ਜਾਵੇਗੀ ਅਤੇ ਮੁੱਖ ਤੌਰ ’ਤੇ ਐਸ.ਏ.ਐਸ. ਨਗਰ ਦੇ ਪਾਰਕਾਂ ਅਤੇ ਹੋਰਨਾਂ ਗਰੀਨ ਬੈਲਟਾਂ ਲਈ ਐਸ.ਟੀ.ਪੀਜ਼ ਦੇ ਪਾਣੀ ਦੀ ਵਰਤੋਂ ਕੀਤੀ ਜਾਵੇਗੀ।
ਸ੍ਰੀਮਤੀ ਸਪਰਾ ਨੇ ਦੱਸਿਆ ਕਿ ਵਾਹਨ ਸਰਵਿਸ ਸਟੇਸ਼ਨਾਂ ਵਾਸਤੇ ਪਾਣੀ ਦੀ ਵਰਤੋਂ ਸਬੰਧੀ ਮਨਜ਼ੂਰੀ ਲੈਣੀ ਅਤੇ 250 ਗਜ਼ ਤੋਂ ਵੱਧ ਰਕਬੇ ਵਾਲੀਆਂ ਇਮਾਰਤਾਂ ਲਈ ਰੇਨ ਵਾਟਰ ਹਾਰਵੈਸਟਿੰਗ/ਰਿਚਾਰਚਿੰਗ ਸਿਸਟਮ ਲਗਵਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਪਰੋਕਤ ਸ਼ਰਤਾਂ ਦੇ ਲਾਗੂ ਹੋਣ ਸਬੰਧੀ ਰਿਪੋਰਟ ਤਿਆਰ ਕਰ ਕੇ ਉਨ੍ਹਾਂ ਨੂੰ ਸੌਂਪੀ ਜਾਵੇ। ਉਨ੍ਹਾਂ ਹੋਰ ਕਿਹਾ ਕਿ ਜਿਹੜੀਆਂ ਇਮਾਰਤਾਂ ਵਿੱਚ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਨਹੀਂ ਲੱਗੇ ਹੋਏ, ਉਨ੍ਹਾਂ ਵਿੱਚ ਇਹ ਸਿਸਟਮ ਲਾਉਣ ਸਬੰਧੀ ਸੰਭਾਵਨਾਵਾਂ ਦਾ ਮੁਲਾਂਕਣ ਕਰ ਕੇ ਵੀ ਇੱਕ ਰਿਪੋਰਟ ਤਿਆਰ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਵਿਭਾਗਾਂ ਦੀਆਂ ਇਮਾਰਤਾਂ ਵਿੱਚ ਵੀ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਲਾਉਣ ਸਬੰਧੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲਾ ਪਾਣੀ ਹਰ ਸਾਲ 05 ਫੁੱਟ ਥੱਲੇ ਜਾ ਰਿਹਾ ਹੈ। ਅਜਿਹੇ ਹਾਲਾਤ ਵਿੱਚ ਜ਼ਮੀਨ ਹੇਠਲੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣੇ ਲਾਜ਼ਮੀ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਦੇ ਛੱਪੜਾਂ ਨੂੰ ਅਪਗਰੇਡ ਕਰ ਕੇ ਉਨ੍ਹਾਂ ਦੇ ਪਾਣੀ ਦੀ ਵਰਤੋਂ ਖੇਤੀ ਅਤੇ ਹੋਰਨਾਂ ਲੋੜਾਂ ਦੀ ਪੂਰਤੀ ਲਈ ਕੀਤੀ ਜਾਣੀ ਵੀ ਯਕੀਨੀ ਬਣਾਈ ਜਾਵੇਗੀ ਅਤੇ ਇਸ ਪ੍ਰਾਜੈਕਟ ਦੀ ਸ਼ੁਰੂਆਤ ਮਾਣਕਪੁਰ ਸ਼ਰੀਫ ਦੇ ਛੱਪੜ ਤੋਂ ਕੀਤੀ ਜਾਵੇਗੀ। ਪਾਣੀ ਦੀ ਸੰਭਾਲ ਸਬੰਧੀ ਉਲੀਕੀਆਂ ਜਾ ਰਹੀਆਂ ਯੋਜਨਾਵਾਂ ਦੇ ਮੁਲਾਂਕਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਕਮੇਟੀ ਵੀ ਬਣਾਈ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਕੂਲਾਂ ਵਿੱਚ ਸੰਭਾਲੇ ਜਾਣ ਵਾਲੇ ਪਾਣੀ ਦੀ ਵਰਤੋਂ ਮੁੱਖ ਤੌਰ ’ਤੇ ਸਾਫ਼-ਸਫਾਈ ਅਤੇ ਬੂਟਿਆਂ ਲਈ ਕੀਤੀ ਜਾਵੇਗੀ। ਇਸੇ ਤਰ੍ਹਾਂ ਐਸ.ਟੀ.ਪੀਜ਼ ਦੇ ਪਾਣੀ ਦੀ ਵਰਤੋਂ ਪਾਰਕਾਂ, ਸੜਕਾਂ ਕਿਨਾਰੇ ਲੱਗੇ ਬੂਟਿਆਂ ਅਤੇ ਵਿਸ਼ੇਸ਼ ਤੌਰ ’ਤੇ ਜ਼ੀਰਕਪੁਰ ਫਲਾਈਓਵਰ ਥੱਲੇ ਲਾਗੂ ਕੀਤੇ ਜਾਣ ਵਾਲੇ ਸੁੰਦਰੀਕਰਨ ਪ੍ਰੋਜੈਕਟ ਵਾਸਤੇ ਕੀਤੀ ਜਾਵੇਗੀ। ਉਨ੍ਹਾਂ ਨੇ ਉਪਰੋਕਤ ਪ੍ਰੋਜੈਕਟਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਗਰਗ, ਨਗਰ ਨਿਗਮ ਮੁਹਾਲੀ ਦੀ ਸੰਯੁਕਤ ਕਮਿਸ਼ਨਰ ਸ੍ਰੀਮਤੀ ਅਵਨੀਤ ਕੌਰ, ਸਹਾਇਕ ਜੀਓਲੋਜਿਸਟ ਗਰਾਊਂਡ ਵਾਟਰ ਸੈੱਲ, ਮੁਹਾਲੀ ਜਸਪਾਲ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਈ.ਈ. ਰਵਨੀਤ ਦੂਬੇ ਅਤੇ ਸੈਂਟਰਲ ਗਰਾਊੁਂਡ ਵਾਟਰ ਬੋਰਡ ਦੇ ਸੇਵਾਮੁਕਤ ਰਿਜਨਲ ਡਾਇਰੈਕਟਰ ਡੀ.ਐਸ.ਸੈਣੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…