ਮੁਹਾਲੀ ਦੇ ਸਰਵੋਤਮ ਕਾਰਗੁਜ਼ਾਰੀ ਵਾਲੇ ਸਕੂਲ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ: ਸਿੱਧੂ

ਬੁਨਿਆਦੀ ਢਾਂਚੇ ਪੱਖੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਨੂੰ ਸਮਾਰਟ ਸਕੂਲ ਬਣਾਉਣ ਲਈ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਫਰਵਰੀ:
ਮੁਹਾਲੀ ਵਿਧਾਨ ਸਭਾ ਹਲਕੇ ਦੇ ਸਰਕਾਰੀ ਸਕੂਲਾਂ ਦੇ ਵਧੀਆਂ ਨਤੀਜੇ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਸਕੂਲ ਨੂੰ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਜਾਵੇਗੀ। ਇਹ ਐਲਾਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਵਿੱਚ ਸਾਲਾਨਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਯੁੱਗ ਮੁਕਾਬਲੇ ਦਾ ਯੁੱਗ ਹੈ। ਸਰਕਾਰੀ ਸਕੂਲਾਂ ਦਾ ਪੱਧਰ ਪਬਲਿਕ ਸਕੂਲਾਂ ਦੇ ਮੁਕਾਬਲੇ ਵਿੱਚ ਉੱਚਾ ਕਰ ਕੇ ਉਨ੍ਹਾਂ ਨੂੰ ਪਬਲਿਕ ਸਕੂਲਾਂ ਨਾਲੋਂ ਵੀ ਬਿਹਤਰ ਬਣਾਇਆ ਜਾਵੇਗਾ ਅਤੇ ਪੰਜਾਬ ਸਰਕਾਰ ਵੱਲੋਂ ਵੀ ਸਰਕਾਰੀ ਸਕੂਲਾਂ ਦਾ ਪੱਧਰ ਉੱਪਰ ਚੁੱਕਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਦੇ ਸਟਾਫ਼ ਨੂੰ ਸਾਲਾਨਾ ਸਮਾਗਮ ਕਰਵਾਉਣ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਨੂੰ ਅਜਿਹੇ ਸਾਲਾਨਾ ਸਮਾਗਮ ਕਰਵਾਉਣੇ ਚਾਹੀਦੇ ਹਨ ਕਿਉਂਕਿ ਇਨ੍ਹਾਂ ਸਮਾਗਮਾਂ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਬੱਚਿਆਂ ਅਤੇ ਅਧਿਆਪਕਾਂ ਦੀ ਹੌਸਲਾ ਅਫਜ਼ਾਈ ਹੁੰਦੀ ਹੈ ਅਤੇ ਹੋਰਨਾਂ ਨੂੰ ਵੀ ਵਧੀਆ ਕੰਮ ਕਰਨ ਦੀ ਪ੍ਰੇਰਨਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਹੁਣ ਸਿਫਾਰਸ਼ ਦਾ ਜ਼ਮਾਨਾ ਨਹੀਂ ਰਿਹਾ ਸਗੋਂ ਨੌਜਵਾਨ ਆਪਣੀ ਵਿੱਦਿਅਕ ਯੋਗਤਾ ਅਤੇ ਸੂਝਬੂਝ ਨਾਲ ਮੰਜ਼ਲ ’ਤੇ ਪਹੁੰਚ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਦਾਹਰਨ ਦਿੰਦਿਆਂ ਦੱਸਿਆ ਕਿ ਡਾਕਟਰ ਸਿੰਘ ਨੇ ਗਰੀਬ ਪਰਿਵਾਰ ਵਿੱਚ ਜਨਮ ਲੈ ਕੇ ਦੀਵਿਆਂ ਦੀ ਰੋਸ਼ਨੀ ਵਿੱਚ ਪੜ੍ਹ ਕੇ ਦੁਨੀਆਂ ਵਿੱਚ ਸਰਵੋਤਮ ਪ੍ਰਧਾਨ ਮੰਤਰੀ ਹੋਣ ਦਾ ਮੁਕਾਮ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਉੱਘੀਆਂ ਸ਼ਖ਼ਸੀਅਤਾਂ ਦੇ ਜੀਵਨ ਤੋਂ ਪੇ੍ਰਰਨਾ ਲੈ ਕੇ ਬੱਚਿਆਂ ਨੂੰ ਵੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰ ਕੇ ਮੈਰਿਟ ਵਿੱਚ ਆਉਣ ਲਈ ਸਿਰਤੋੜ ਯਤਨ ਕਰਨੇ ਚਾਹੀਦੇ ਹਨ।
ਇਸ ਮੌਕੇ ਮੰਤਰੀ ਨੇ ਸਰਕਾਰੀ ਹਾਈ ਸਕੂਲ ਮੌਲੀ ਬੈਦਵਾਨ ਨੂੰ ਸਮਾਰਟ ਸਕੂਲ ਬਣਾਉਣ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ 5 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਅਤੇ ਬੁਨਿਆਦੀ ਢਾਂਚੇ ਲਈ ਹੋਰ ਫੰਡ ਦੇਣ ਅਤੇ ਰਾਜ ਸਭਾ ਦੀ ਮੈਂਬਰ ਸ੍ਰੀਮਤੀ ਅੰਬਿਕਾ ਸੋਨੀ ਦੇ ਕੋਟੇ ਚੋਂ ਜਿੰਮ ਲਈ ਗਰਾਂਟ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਕੂਲ ਦੀਆਂ ਹੋਣਹਾਰ ਵਿਦਿਆਰਥਣਾਂ ਅਤੇ ਵਧੀਆਂ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਅਤੇ ਪੁਰਾਣੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ, ਭਗਤ ਸਿੰਘ ਨਾਮਧਾਰੀ, ਸਤਪਾਲ ਸਿੰਘ, ਕੁਲਦੀਪ ਸਿੰਘ ਸਿੱਧੂ, ਜੰਗ ਸਿੰਘ ਨਗਾਰੀ ਸਮੇਤ ਹੋਰ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਤੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…