
ਸਾਕਾ ਪੰਜਾ ਸਾਹਿਬ ਦੇ 100 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਨਵੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਾਕਾ ਪੰਜਾ ਸਾਹਿਬ ਦੇ 100 ਸਾਲ ਪੂਰੇ ਹੋਣ ’ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਸ਼ੇਰੇ ਪੰਜਾਬ ਕਵੀਸ਼ਰੀ ਜਥੇ ਨੇ ਧਰਮ ਦੀ ਖਾਤਰ ਪੰਜਾ ਸਾਹਿਬ ਦੇ ਸਾਕੇ ਦੌਰਾਨ ਸਿੰਘਾਂ ਦੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਬੀਬੀ ਉੱਤਮਜੀਤ ਕੌਰ ਦੇ ਜਥੇ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀ ਗੁਰਦੁਆਰਾ ਪੰਜਾ ਸਾਹਿਬ ਦੇ ਇਤਿਹਾਸ ਬਾਰੇ ਦੱਸਿਆ।
ਇਸ ਮੌਕੇ ਭਾਈ ਗੁਰਸੇਵਕ ਸਿੰਘ, ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸਰੂਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਹਰਬੀਰ ਸਿੰਘ, ਭਾਈ ਹਰਜੋੋਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।