ਕੌਮੀ ਡਾਕਟਰ ਦਿਵਸ ਦੇ ਮੌਕੇ ਮੁਹਾਲੀ ਵਿੱਚ ਡਾਕਟਰਾਂ ਦਾ ਵਿਸ਼ੇਸ਼ ਸਨਮਾਨ

ਆਪਣੀ ਜਾਨ ਜੋਖਮ ਵਿੱਚ ਪਾ ਕੇ ਮਰੀਜ਼ਾਂ ਦੀ ਜਾਨ ਬਚਾਉਂਦੇ ਹਨ ਡਾਕਟਰ: ਸ੍ਰੀਮਤੀ ਨੀਲਿਮਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ:
ਕੌਮੀ ਡਾਕਟਰ ਦਿਵਸ ’ਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਨੀਲਿਮਾ ਵੱਲੋਂ ਅੱਜ ਮੁਹਾਲੀ ਜ਼ਿਲ੍ਹੇ ਦੇ ਸ਼ਲਾਘਾਯੋਗ ਸੇਵਾਵਾਂ ਵਾਲੇ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖ਼ੁਸ਼ੀ ਅਤੇ ਮਾਣ ਹੈ ਕਿ ਜ਼ਿਲ੍ਹੇ ਦੇ ਡਾਕਟਰਾਂ ਨੇ ਬੇਮਿਸਾਲ ਡਾਕਟਰੀ ਸੇਵਾਵਾਂ ਦੇਣ ਦੇ ਨਾਲ-ਨਾਲ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਵਿੱਚ ਵੱਡਮੁੱਲਾ ਯੋਗਦਾਨ ਪਾਇਆ ਹੈ।
ਉਨ੍ਹਾਂ ਕਿਹਾ ਕਿ 5 ਲੱਖ ਰੁਪਏ ਦੇ ਮੁਫ਼ਤ ਇਲਾਜ ਵਾਲੀ ਇਹ ਬੀਮਾ ਯੋਜਨਾ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜਿਸ ਦਾ ਸਿਹਰਾ ਕਾਫ਼ੀ ਹੱਦ ਤੱਕ ਮਿਹਨਤੀ ਡਾਕਟਰਾਂ ਨੂੰ ਜਾਂਦਾ ਹੈ। ਉਨ੍ਹਾਂ ਸਰਕਾਰੀ ਹਸਪਤਾਲ ਕੁਰਾਲੀ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਭੂਸ਼ਣ, ਸਰਕਾਰੀ ਹਸਪਤਾਲ ਦੇ ਡਾ. ਬਲਵਿੰਦਰ ਕੌਰ, ਸਰਕਾਰ ਹਸਪਤਾਲ ਖਰੜ ਦੇ ਡਾ. ਸੁਖਜੀਤ ਸਿੰਘ ਬਾਵਾ ਅਤੇ ਡਾ. ਰਾਹੁਲ ਭੱਲਾ, ਕੁਰਾਲੀ ਹਸਪਤਾਲ ਦੇ ਡਾ. ਦਵਿੰਦਰ ਗੁਪਤਾ ਅਤੇ ਡਾ. ਰਾਜਵਿੰਦਰ ਕੌਰ ਨੂੰ ਪ੍ਰਸ਼ੰਸਾ ਸਰਟੀਫ਼ੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਸ੍ਰੀਮਤੀ ਨੀਲਿਮਾ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਭਿਆਨਕ ਦੌਰ ਵਿੱਚ ਡਾਕਟਰਾਂ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਆਪਣੇ ਆਪ ਵਿੱਚ ਵੱਡੀ ਮਿਸਾਲ ਹਨ। ਡਾਕਟਰਾਂ ਨੇ ਉਸ ਦੌਰ ਵਿੱਚ ਆਪਣੀਆਂ ਜਾਨਾਂ ਜੋਖ਼ਮ ਵਿੱਚ ਪਾ ਕੇ ਲੱਖਾਂ ਕੀਮਤੀ ਜਾਨਾਂ ਬਚਾਈਆਂ ਹਨ। ਇਸ ਲਈ ਉਹ ਵਧਾਈ ਦੇ ਪਾਤਰ ਹਨ। ਉਨ੍ਹਾਂ ਕਿਹਾ ਕਿ ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ ਜਿਹੜੇ ਮਨੁੱਖਤਾ ਦੀ ਤੰਦਰੁਸਤੀ ਅਤੇ ਭਲੇ ਲਈ ਹਮੇਸ਼ਾ ਯਤਨਸ਼ੀਲ ਰਹਿੰਦੇ ਹਨ। ਇਸ ਮੌਕੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਹਸਪਤਾਲ ਦੇ ਐਸਐਮਓ ਡਾ. ਐਚਐਸ ਚੀਮਾ, ਡਾ. ਪਰਮਿੰਦਰਜੀਤ ਸਿੰਘ, ਡਾ. ਵਿਕਰਾਂਤ ਨਾਗਰਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…