
ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਦਾ ਵਿਸ਼ੇਸ਼ ਸਨਮਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਭਾਈ ਜਰਨੈਲ ਸਿੰਘ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਫ਼ਤਾ ਭਰ ਚੱਲੇ ਗਏ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰ ਇਤਿਹਾਸ ਦੀ ਭਰਪੂਰ ਜਾਣਕਾਰੀ ਦਿੱਤੀ। ਇਸ ਗੁਰੂ ਇਤਿਹਾਸ ਸਮਾਗਮ ਵਿੱਚ ਭਾਈ ਜਰਨੈਲ ਸਿੰਘ ਨੇ ਸੰਨ 1675 ਤੋਂ 1708 ਈਸਵੀ ਤੱਕ ਸ੍ਰੀ ਗੁਰੂ ਗੋਬਿੰਦ ਸਿੰਘ ਵੱਲੋਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਸੁਣ ਕੇ ਆਪਣੇ ਗੁਰੂ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੂੰ ਤਿਲਕ ਜੰਝੂ ਭਾਵ ਹਿੰਦ ਧਰਮ ਦੀ ਰੱਖਿਆ ਕਰਨ ਲਈ ਬਲਿਦਾਨ ਦੇਣ ਲਈ ਬੇਨਤੀ ਕਰਨਾ, ਭਾਈ ਜੈਤਾ ਜੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਲੈ ਕੇ ਆਉਣਾ, ਖੰਡੇ ਬਾਟੇ ਦੀ ਪਾਹੁਲ ਨਾਲ ਖਾਲਸਾ ਸਾਜਨਾ, ਜੁਲਮ ਵਿਰੁੱਧ ਪਰਿਵਾਰ ਵਾਰਨਾ, ਅੌਰੰਗਜ਼ੇਬ ਨੂੰ ਵੰਗਾਰਦੇ ਹੋਏ ਜਫਰਨਾਮੇ ਦੀ ਰਚਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਗੁਰਗੱਦੀ ਸੌਂਪ ਕੇ ਕੀਤੇ ਫੁਰਮਾਨ ‘ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ’ ਤੱਕ ਸੰਗਤਾਂ ਨੂੰ ਵਿਸਥਾਰ ਸਹਿਤ ਜਾਣੂ ਕਰਵਾਇਆ।